ਸੁਲਤਾਨਪੁਰ ਲੋਧੀ: ਮੱਸਿਆ ਦੇ ਦਿਹਾੜੇ ਤੇ ਸਜਾਏ ਗਏ ਧਾਰਮਿਕ ਦੀਵਾਨ, ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 8 ਮਈ 2024 - ਪਹਿਲੀ ਪਾਤਸ਼ਾਹੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਤਪ ਅਸਥਾਨ ਇਤਿਹਾਸਕ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਵਿਸਾਖ ਦੀ ਮੱਸਿਆ ਦਾ ਪਾਵਨ ਦਿਹਾੜਾ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਮੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰਬਖਸ਼ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਦੇਖ ਰੇਖ 'ਚ ਸੰਗਤਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ।
ਮੱਸਿਆ ਦੇ ਦਿਹਾੜੇ ਦੇ ਮੌਕੇ ਤੇ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ।ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹੈੱਡ ਗ੍ਰੰਥੀ ਨੇ ਕਥਾ ਵੀਚਾਰਾਂ ਕਰਦੇ ਹੋਏ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਜੀਵਨ ਇਤਿਹਾਸ ਬਾਰੇ ਜਾਣਕਾਰੀ ਦਿੱਤੀ ।
ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ । ਇਸ ਮੌਕੇ ਵੱਖ ਵੱਖ ਰਾਗੀ ਜਥੇ ਅਤੇ ਢਾਡੀ ਜੱਥੇ ਵਲੋਂ ਸੰਗਤਾਂ ਨੂੰ ਗੁਰੂ ਜਸ ਸੁਣਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਦਰਬਾਰ ਸਾਹਿਬ ਵਿਖੇ ਹਜੂਰੀ ਰਾਗੀ ਜਥਿਆਂ ਵੱਲੋਂ ਪੂਰਾ ਦਿਨ ਗੁਰਬਾਣੀ ਦਾ ਕੀਰਤਨ ਕੀਤਾ ਜਾਵੇਗਾ । ਵੱਡੀ ਗਿਣਤੀ 'ਚ ਪੁੱਜੀਆਂ ਸ਼ਰਧਾਲੂ ਸੰਗਤਾਂ ਪਵਿੱਤਰ ਸਰੋਵਰ 'ਚ ਇਸ਼ਨਾਨ ਕਰ ਰਹੀਆਂ ਅਤੇ ਪਵਿੱਤਰ ਵੇਈਂ ਨਦੀ ਦੇ ਦਰਸ਼ਨ ਦੀਦਾਰੇ ਕਰ ਰਹੀਆਂ ਹਨ।