ਭਾਸ਼ਾ ਵਿਭਾਗ ਵੱਲੋਂ ਸਾਲ 2022 ਦੇ ਪੰਜਾਬੀ ਦੇ ਸਰਵੋਤਮ ਪੁਸਤਕ ਪੁਰਸਕਾਰਾਂ ਦਾ ਐਲਾਨ
ਪਟਿਆਲਾ 14 ਅਕਤੂਬਰ 2024- ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ, ਪੰਜਾਬ ਰਾਹੀਂ ਹਰ ਸਾਲ ਪੰਜਾਬੀ, ਹਿੰਦੀ ਅਤੇ ਉਰਦੂ ਦੀਆਂ ਪੁਸਤਕਾਂ ਨੂੰ ਪ੍ਰਦਾਨ ਕੀਤੇ ਜਾਣ ਵਾਲੇ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰ ਤਹਿਤ ਵਿਭਾਗ ਵੱਲੋਂ ਸਾਲ 2022 ਦੇ ਵੱਖ-ਵੱਖ ਵੰਨਗੀਆਂ ਨਾਲ ਸਬੰਧਤ 10 ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ, ਨੇ ਦੱਸਿਆ ਕਿ ਇਹ ਪੁਰਸਕਾਰ ਨਵੰਬਰ 2024 ਦੇ ਪਹਿਲੇ ਹਫ਼ਤੇ ਪੰਜਾਬੀ ਮਾਹ ਦੇ ਰਾਜ ਪੱਧਰੀ ਉਦਘਾਟਨੀ ਸਮਾਗਮ ਦੌਰਾਨ ਭਾਸ਼ਾ ਭਵਨ, ਪਟਿਆਲਾ ਵਿਖੇ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪੁਰਸਕਾਰਾਂ ਲਈ 2021 ਸਾਲ ਦੌਰਾਨ ਛਪੀਆਂ ਪੁਸਤਕਾਂ ਦੀ ਸਰਵੋਤਮ ਪੁਸਤਕ ਪੁਰਸਕਾਰਾਂ ਲਈ ਮੰਗ ਕੀਤੀ ਗਈ ਸੀ ਅਤੇ ਵੱਖ-ਵੱਖ ਖੇਤਰਾਂ ਦੇ ਵਿਦਵਾਨ ਵਿਸ਼ਾ ਮਾਹਿਰਾਂ ਤੋਂ ਇਨ੍ਹਾਂ ਪੁਸਤਕਾਂ ਦਾ ਮੁਲਾਂਕਣ ਕਰਵਾਇਆ ਗਿਆ ਅਤੇ ਸਰਵੋਤਮ ਪੁਸਤਕਾਂ ਦੀ ਚੋਣ ਕੀਤੀ ਗਈ। ਇਸ ਪੁਰਸਕਾਰ ’ਚ ਇਨਾਮੀ ਰਾਸ਼ੀ ਦੇ ਨਾਲ-ਨਾਲ ਇਕ ਪਲੇਕ ਅਤੇ ਸ਼ਾਲ ਭੇਂਟ ਕੀਤੀ ਜਾਵੇਗੀ। ਸਾਲ 2022 ਨਾਲ ਸਬੰਧਤ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰਾਂ ਤਹਿਤ ਗਿਆਨੀ ਗੁਰਮੁੱਖ ਸਿੰਘ ਮੁਸਾਫ਼ਿਰ ਪੁਰਸਕਾਰ (ਕਵਿਤਾ) ਵਿਜੇ ਵਿਵੇਕ ਦੀ ਪੁਸਤਕ ‘ਛਿਣ ਭੰਗਰ ਵੀ ਕਾਲਾਤੀਤ ਵੀ’ ਨੂੰ, ਪ੍ਰਿੰ. ਸੁਜਾਨ ਸਿੰਘ ਪੁਰਸਕਾਰ (ਕਹਾਣੀ) ਅਰਵਿੰਦਰ ਕੌਰ ਧਾਲੀਵਾਲ ਦੀ ਪੁਸਤਕ ‘ਝਾਂਜਰਾਂ ਵਾਲੇ ਪੈਰ’ ਨੂੰ, ਗੁਰਬਖ਼ਸ਼ ਸਿੰਘ ਪ੍ਰੀਤਲੜੀ ਪੁਰਸਕਾਰ (ਨਿਬੰਧ/ਸਫ਼ਰਨਾਮਾ) ਜਗਤਾਰਜੀਤ ਸਿੰਘ ਦੀ ਪੁਸਤਕ ‘ਚਿੱਤਰਕਾਰੀ ਵਿੱਚ ਗੁਰੂ ਨਾਨਕ’ ਨੂੰ, ਭਾਈ ਵੀਰ ਸਿੰਘ ਪੁਰਸਕਾਰ (ਜੀਵਨੀ/ ਟੀਕਾਕਾਰੀ/ਕੋਸ਼ਕਾਰੀ) ਨਵਦੀਪ ਸਿੰਘ ਗਿੱਲ ਦੀ ਪੁਸਤਕ ‘ਉੱਡਣਾ ਬਾਜ਼’ ਨੂੰ, ਡਾ. ਅਤਰ ਸਿੰਘ ਪੁਰਸਕਾਰ (ਆਲੋਚਨਾ) ਡਾ. ਮਨਜੀਤ ਕੌਰ ਅਜ਼ਾਦ ਦੀ ਪੁਸਤਕ ‘ਵਿਸ਼ਵ ਸੱਭਿਆਚਾਰ ਬਨਾਮ ਸਥਾਨਕ ਸੱਭਿਆਚਾਰ’ ਨੂੰ, ਪ੍ਰਿੰਸੀਪਲ ਤੇਜਾ ਸਿੰਘ ਪੁਰਸਕਾਰ (ਸੰਪਾਦਨ) ਡਾ. ਜੇ.ਬੀ. ਸੇਖੋਂ ਦੀ ਪੁਸਤਕ ‘ਚੌਥਾ ਪਹਿਰ’ ਨੂੰ, ਡਾ.ਐੱਮ.ਐੱਸ. ਰੰਧਾਵਾ ਪੁਰਸਕਾਰ (ਗਿਆਨ ਸਾਹਿਤ) ਡਾ. ਵਿਦਵਾਨ ਸਿੰਘ ਸੋਨੀ ਦੀ ਪੁਸਤਕ ‘ਦਿਲਚਸਪ ਕਹਾਣੀ ਧਰਤੀ-ਅੰਬਰ ਦੀ’ ਨੂੰ, ਸ੍ਰੀ ਗੁਰੂ ਹਰਿਕ੍ਰਿਸ਼ਨ ਪੁਰਸਕਾਰ (ਬਾਲ ਸਾਹਿਤ) ਸੁਦਰਸ਼ਨ ਗਾਸੋ ਦੀ ਪੁਸਤਕ ‘ਕਿੰਨਾ ਸੋਹਣਾ ਅੰਬਰ ਲਗਦੈ’ ਨੂੰ, ਪ੍ਰੋ. ਗੁਰਦਿਆਲ ਸਿੰਘ ਪੁਰਸਕਾਰ (ਅਨੁਵਾਦ) ਭਜਨਬੀਰ ਸਿੰਘ ਦੀ ਪੁਸਤਕ ‘ਮੋਇਆ ਦਾ ਰਾਹ’ ਨੂੰ ਅਤੇ ਈਸ਼ਵਰ ਚੰਦਰ ਨੰਦਾ (ਨਾਟਕ/ਇਕਾਂਗੀ) ਕੇਵਲ ਧਾਲੀਵਾਲ ਦੀ ਪੁਸਤਕ ‘ਗੜੀ ਚਮਕੌਰ ਦੀ’ ਨੂੰ ਪ੍ਰਦਾਨ ਕੀਤੇ ਜਾਵੇਗਾ। ਦੱਸਣਯੋਗ ਹੈ ਕਿ ਉਕਤ ਪੁਰਸਕਾਰਾਂ ਲਈ ਵੱਖ-ਵੱਖ ਵੰਨਗੀਆਂ ਦੀਆਂ 210 ਪੁਸਤਕਾਂ ਪ੍ਰਾਪਤ ਹੋਈਆਂ ਸਨ। ਸ. ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਬਾਕੀ ਰਹਿੰਦੇ ਪੰਜਾਬੀ ਤੇ ਹਿੰਦੀ ਦੇ ਸਾਲ 2024 ਦੇ ਸਰਵੋਤਮ ਪੁਸਤਕ ਪੁਰਸਕਾਰਾਂ ਦਾ ਜਲਦੀ ਹੀ ਐਲਾਨ ਕਰ ਦਿੱਤਾ ਜਾਵੇਗਾ ਅਤੇ ਇਹ ਪੰਜਾਬੀ ਮਾਹ ਦੇ ਸਮਾਗਮਾਂ ਦੌਰਾਨ ਹੀ ਪ੍ਰਦਾਨ ਕਰ ਦਿੱਤੇ ਜਾਣਗੇ। ਉਨ੍ਹਾਂ ਸਾਰੇ ਪੁਰਸਕਾਰ ਜੇਤੂਆਂ ਨੂੰ ਵਧਾਈਆਂ ਦਿੱਤੀਆਂ ਅਤੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਪ੍ਰਸਾਰ ਲਈ ਇਸੇ ਤਰ੍ਹਾਂ ਨਿਰੰਤਰ ਯਤਨਸ਼ੀਲ ਰਹਿਣ ਦੀ ਅਪੀਲ ਕੀਤੀ।