'ਆਪ' ਸਰਕਾਰ ਨੇ ਸਿਰਫ਼ ਇੱਕ ਸਾਲ ਵਿੱਚ ਆਪਣੇ ਜ਼ਿਆਦਾਤਰ ਵਾਅਦਿਆਂ ਨੂੰ ਪੂਰਾ ਕਰਕੇ ਵਿਖਾਇਆ - ਅੰਮ੍ਰਿਤਪਾਲ ਸਿੰਘ
- ਆਪ ਦੇ ਜ਼ਿਲ੍ਹਾ ਪ੍ਰਧਾਨ ਨੇ ਉੱਤਰੀ ਅਤੇ ਪੱਛਮੀ ਹਲਕਿਆਂ ਵਿੱਚ ਪਾਰਟੀ ਉਮੀਦਵਾਰ ਰਿੰਕੂ ਦੇ ਹੱਕ ਵਿੱਚ ਕੀਤਾ ਜ਼ੋਰਦਾਰ ਪ੍ਰਚਾਰ
- ਰਿੰਕੂ ਦੀ ਜਿੱਤ ਜਲੰਧਰ ਦੇ ਵਿਕਾਸ ਨੂੰ ਹੋਰ ਅੱਗੇ ਲੈ ਕੇ ਜਾਵੇਗੀ
ਜਲੰਧਰ, 5 ਮਈ 2023 - ਆਮ ਆਦਮੀ ਪਾਰਟੀ ਨੇ ਸਿਰਫ 1 ਸਾਲ ਵਿੱਚ ਆਪਣੇ ਜ਼ਿਆਦਾਤਰ ਵਾਅਦੇ ਪੂਰੇ ਕਰ ਦਿੱਤੇ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਆਪਣੇ ਬਾਕੀ ਦੇ ਵਾਅਦੇ ਵੀ ਪੂਰੇ ਕਰੇਗੀ। ਇਹ ਵਿਚਾਰ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ ਨੇ ਸ਼ੁੱਕਰਵਾਰ ਨੂੰ ਲੋਕ ਸਭਾ ਜ਼ਿਮਨੀ ਚੋਣ ਵਿੱਚ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਪ੍ਰਗਟਾਏ।
ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਜ਼ਿਮਨੀ ਚੋਣ ਵਿੱਚ ਉੱਤਰੀ ਅਤੇ ਪੱਛਮੀ ਵਿਧਾਨ ਸਭਾ ਹਲਕਿਆਂ ਵਿੱਚ ਆਪਣੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਜਨ ਸਭਾ ਕੀਤੀ ਅਤੇ ਲੋਕਾਂ ਨੂੰ ਰਿੰਕੂ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੁਸ਼ੀਲ ਕੁਮਾਰ ਰਿੰਕੂ ਦੀ ਜਿੱਤ ਜਲੰਧਰ ਦੇ ਵਿਕਾਸ ਨੂੰ ਹੋਰ ਬੁਲੰਦੀਆਂ 'ਤੇ ਲੈ ਕੇ ਜਾਵੇਗੀ ਕਿਉਂਕਿ ਉਨ੍ਹਾਂ ਦੀ ਜਿੱਤ ਨਾਲ ਜਲੰਧਰ ਦੀ ਆਵਾਜ਼ ਲੋਕ ਸਭਾ ਤੱਕ ਪਹੁੰਚੇਗੀ |
ਅੰਮ੍ਰਿਤਪਾਲ ਸਿੰਘ ਨੇ ਲੋਕਾਂ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ, ਜੋ ਪਿਛਲੇ ਇੱਕ ਸਾਲ ਤੋਂ ਆਪਣੀਆਂ ਲੋਕ ਭਲਾਈ ਨੀਤੀਆਂ ਨਾਲ ਲੋਕਾਂ ਦਾ ਦਿਲ ਜਿੱਤ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਸਰਕਾਰ ਬਣਨ ਤੋਂ ਬਾਅਦ ਮੁਫਤ ਬਿਜਲੀ ਵਰਗੇ ਵੱਡੇ ਕੰਮਾਂ ਸਮੇਤ ਕਈ ਅਹਿਮ ਫੈਸਲੇ ਲਏ ਹਨ। ਇਸੇ ਤਰ੍ਹਾਂ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਮੁਹਿੰਮ ਵਿੱਢੀ ਹੋਈ ਹੈ, ਜਿਸ ਤਹਿਤ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।
ਪ੍ਰਧਾਨ ਅੰਮ੍ਰਿਤਪਾਲ ਸਿੰਘ ਨੇ ਵਾਰਡ ਨੰਬਰ 77 ਵਿੱਚ ਜੋਸ਼ੀਲਾ ਪ੍ਰਚਾਰ ਕਰਦਿਆਂ ਜਨ ਸਭਾ ਨੂੰ ਸੰਬੋਧਨ ਕੀਤਾ ਅਤੇ ਫਿਰ ਕਈ ਥਾਵਾਂ 'ਤੇ ਮੀਟਿੰਗਾਂ ਕੀਤੀਆਂ। ਉਨ੍ਹਾਂ ਨਾਲ ਵਾਰਡ ਨੰ.77 ਜਲੰਧਰ ਪੱਛਮੀ ਤੋਂ ਵਿਨੀਤ ਧੀਰ ਵੀ ਹਾਜ਼ਰ ਸਨ।
ਇਸੇ ਲੜੀ ਅਧੀਨ ਵਿਧਾਨ ਸਭਾ ਹਲਕੇ ਜਲੰਧਰ ਉੱਤਰੀ ਦੇ ਵਾਰਡ ਨੰਬਰ 63 ਵਿੱਚ ਵੀ ਅੰਮ੍ਰਿਤਪਾਲ ਸਿੰਘ ਨੇ ‘ਆਪ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਜਨ ਸਭਾ ਕੀਤੀ। ਇਸ ਮੌਕੇ ਉਨ੍ਹਾਂ ਨਾਲ ਹਲਕਾ ਇੰਚਾਰਜ ਦਿਨੇਸ਼ ਢੱਲ ਵੀ ਹਾਜ਼ਰ ਸਨ, ਜਿਨ੍ਹਾਂ ਨੇ ਸਭਾ ਦੌਰਾਨ ਸਥਾਨਕ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਤੋਂ ਜਾਣੂ ਕਰਵਾਇਆ।