'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਨੂੰ ਜਮੀਨੀ ਪੱਧਰ 'ਤੇ ਲਾਗੂ ਕੀਤਾ ਜਾਵੇਗਾ - ਰਾਜੇਸ਼ ਧੀਮਾਨ
-ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 6 ਨਵੰਬਰ ,2024 - ਡਾਇਰੈਕਟਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ 'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਸਬੰਧੀ ਜਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ ਪ੍ਰਧਾਨਗੀ ਹੇਠ ਹੋਈ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜੀਵ ਵਰਮਾ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਗਰੂਪ ਸਿੰਘ ਇਸ ਮੌਕੇ ਮੌਜੂਦ ਰਹੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਰਾਜੇਸ਼ ਤੇ ਮਾਨ ਨੇ ਕਿਹਾ ਕਿ 'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਨੂੰ ਜ਼ਿਲ੍ਹੇ ਵਿਚ ਜ਼ਮੀਨੀ ਪੱਧਰ 'ਤੇ ਲਾਗੂ ਕੀਤਾ ਜਾਵੇਗਾ।
ਇਸ ਦੌਰਾਨ ਉਨ੍ਹਾਂ ਵੱਲੋਂ ਜ਼ਿਲ੍ਹਾ ਪੱਧਰ 'ਤੇ ਨਵਜੰਮੀਆਂ ਬੱਚੀਆਂ ਦਾ ਜਨਮ ਦਿਵਸ ਮਨਾਉਣ ਲਈ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਕਰਵਾਉਣ ਦੀ ਹਦਾਇਤ ਕੀਤੀ ਗਈ ਅਤੇ ਅੱਠਵੀਂ, ਨੌਵੀਂ ਤੇ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਲਈ ਵਿਭਾਗ ਵੱਲੋਂ ਸਾਇੰਸ ਸਿਟੀ ਕਪੂਰਥਲਾ ਲਈ ਟੂਰ ਪ੍ਰੋਗਰਾਮ ਦਾ ਪ੍ਰਬੰਧ ਕਰਨ ਲਈ ਕਿਹਾ ਗਿਆ। ਇਸ ਦੇ ਨਾਲ ਹੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਖੇਡਾਂ ਵਿਚ ਮੱਲ੍ਹਾਂ ਮਾਰਨ ਵਾਲੀਆਂ ਬੱਚੀਆਂ ਦੀ ਹੌਸਲਾ ਅਫਜ਼ਾਈ ਲਈ ਹਦਾਇਤ ਕੀਤੀ ਗਈ।
ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਗਈ ਕਿ ਜ਼ਿਲ੍ਹਾ ਪੱਧਰ 'ਤੇ ਅਠਵੀਂ ਤੇ ਦਸਵੀਂ ਜਮਾਤ ਵਿਚ ਪਹਿਲੇ ਦਰਜੇ 'ਤੇ ਆਉਣ ਵਾਲੀਆਂ ਬੱਚੀਆਂ ਸਬੰਧੀ ਜਾਣਕਾਰੀ ਮੁੱਹਈਆ ਕਰਵਾਈ ਜਾਵੇ ਅਤੇ ਬੱਚੀਆਂ ਦੇ ਨਾਲ- ਨਾਲ ਉਨ੍ਹਾਂ ਦੇ ਮਾਪਿਆਂ ਨੂੰ ਵੀ ਸਨਮਾਨਿਤ ਕੀਤਾ ਜਾਵੇ ਤਾਂ ਜੋ ਸਮਾਜ ਵਿਚ ਲੋਕਾਂ ਨੂੰ ਧੀਆਂ ਦੀ ਮਹੱਤਤਾ ਸਬੰਧੀ ਜਾਗਰੂਕ ਕੀਤਾ ਜਾ ਸਕੇ।
ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਵੱਲੋਂ ਆਉਣ ਵਾਲੇ ਸਾਲ ਵਿਚ ਧੀਆਂ ਦੀ ਲੋਹੜੀ ਸਬੰਧੀ ਵਿਸ਼ੇਸ਼ ਪ੍ਰੋਗਰਾਮ ਉਲੀਕਣ ਲਈ ਹਦਾਇਤ ਕੀਤੀ ਗਈ। ਜ਼ਿਲ੍ਹਾ ਪ੍ਰੋਗਰਾਮ ਅਫਸਰ ਜਗਰੂਪ ਸਿੰਘ ਵੱਲੋਂ 'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਅਧੀਨ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਫੋਟੋਆਂ ਅਤੇ ਸਕੀਮ ਨੋਟ ਸਮੇਤ ਕੈਲੰਡਰ, ਡਾਇਰੀ ਅਤੇ ਨੋਟਬੁੱਕ ਛਪਾਉਣ ਸਬੰਧੀ ਗੱਲ ਕੀਤੀ ਗਈ, ਜਿਸ 'ਤੇ ਡਿਪਟੀ ਕਮਿਸ਼ਨਰ ਵੱਲੋਂ ਸਹਿਮਤੀ ਜਤਾਈ ਗਈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਬਲਾਕ ਪੱਧਰ 'ਤੇ ਆਮ ਜਨਤਾ ਨੂੰ ਸਕੀਮ ਅਧੀਨ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਗਾਉਣ ਦੀ ਗੱਲ ਕਹੀ ਗਈ। ਮੀਟਿੰਗ ਦੌਰਾਨ ਹਾਜ਼ਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਵੱਲੋਂ ਦੱਸਿਆ ਗਿਆ ਕਿ ਸਮਾਜ ਵਿਚ ਅਜਿਹੇ ਪਰਿਵਾਰ ਸ਼ਾਮਿਲ ਹਨ, ਜੋ ਕਿ ਬੱਚੀਆਂ ਨੂੰ ਗੋਦ ਲੈਂਦੇ ਹਨ।
ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰੋਗਰਾਮ ਅਫਸਰ ਨੂੰ ਹਦਾਇਤ ਕੀਤੀ ਗਈ ਕਿ ਟਰਾਂਸਪੋਰਟ ਵਿਭਾਗ ਨਾਲ ਤਾਲਮੇਲ ਕਰਦੇ ਹੋਏ ਲੋੜਵੰਦ ਬੱਚਿਆਂ ਲਈ ਡਰਾਈਵਿੰਗ ਕਲਾਸਾਂ ਦਾ ਪ੍ਰਬੰਧ ਕੀਤਾ ਜਾਵੇ ਅਤੇ ਜਿਨ੍ਹਾਂ ਪਰਿਵਾਰਾਂ ਵਿਚ ਬੱਚੀਆਂ ਦਾ ਜਨਮ ਹੁੰਦਾ ਹੈ, ਉਨਾਂ ਪਰਿਵਾਰਾਂ ਨੂੰ ਪ੍ਰਸ਼ਾਸਨ ਵੱਲੋਂ ਵਧਾਈ ਸੰਦੇਸ਼ ਭੇਜਿਆ ਜਾਵੇ। ਡਿਪਟੀ ਕਮਿਸ਼ਨਰ ਵੱਲੋਂ ਇਹ ਵੀ ਹਦਾਇਤ ਕੀਤੀ ਗਈ ਕਿ ਨਵ ਨਿਯੁਕਤ ਸਰਪੰਚਾਂ ਨੂੰ ਵਿਭਾਗ ਦੀਆਂ ਸਕੀਮਾਂ ਸਬੰਧੀ ਜਾਗਰੂਕ ਕੀਤਾ ਜਾਵੇ ਤਾਂ ਜੋ ਸਮਾਜ ਵਿਚ 'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਨੂੰ ਸਹੀ ਮਾਇਨੇ ਵਿਚ ਲਾਗੂ ਕੀਤਾ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ, ਆਂਗਨਵਾੜੀ ਵਰਕਰਾਂ, ਆਸ਼ਾ ਵਰਕਰਾਂ ਅਤੇ ਏ.ਐਨ.ਐਮਸ ਨੂੰ ਸਨਮਾਨਿਤ ਕੀਤਾ ਜਾਵੇ, ਜਿਨਾਂ ਵਿਚ ਲੜਕੀਆਂ ਦੀ ਜਨਮ ਦਰ ਦਾ ਰੇਸ਼ੋ ਜ਼ਿਆਦਾ ਹੈ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ, ਸਿਹਤ ਵਿਭਾਗ ਤੋਂ ਡਾ. ਰੇਨੂ ਸਿੱਖਿਆ ਵਿਭਾਗ ਤੋਂ ਰਾਜੇਸ਼ ਕੁਮਾਰ ਡਿਪਟੀ ਡੀ.ਈ.ਓ, ਜਿਲ੍ਹਾ ਖੇਡ ਅਫ਼ਸਰ ਪੂਨਮ, ਸੀ.ਡੀ.ਪੀ.ਓ ਬਲਾਚੌਰ ਪੂਰਨ ਪੰਕਜ , ਸੀਡੀਪੀਓ ਬੰਗਾ ਦਵਿੰਦਰ ਕੌਰ, ਨਿਰਮਲ ਸਿੰਘ ਡਾਲਸਾ ਆਫਿਸ, ਬੰਦਨਾ ਲਾਓ ਨਹਿਰੂ ਯੁਵਾ ਕੇਂਦਰ ਦਫ਼ਤਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਰਾਜ ਕਿਰਨ, ਰਮਨਦੀਪ ਸਿੰਘ ਏ.ਟੀ.ਏ, ਜਸਪ੍ਰੀਤ ਸਿੰਘ ਜੀ ਐਮ ਰੋਡਵੇਜ਼,ਅਮਰ ਲਾਲ, ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਸੁਨੀਤਾ ਰਾਣੀ ਸੁਪਰਡੈਂਟ ਜ਼ਿਲ੍ਹਾ ਪ੍ਰੋਗਰਾਮ ਦਫਤਰ ਸਮੇਤ ਦਫਤਰੀ ਸਟਾਫ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਸਟਾਫ ਦੇ ਨਾਲ-ਨਾਲ ਹੋਰ ਵਿਭਾਗਾਂ ਦੇ ਨੁਮਾਂਇੰਦੇ ਹਾਜ਼ਰ ਸਨ।