ਮਾਈਗ੍ਰੇਟਰੀ ਆਬਾਦੀ ਵਿੱਚ ਲਗਾਏ ਜਾਣਗੇ ਵਿਸ਼ੇਸ਼ ਟੀਕਾਕਰਨ ਕੈਂਪ
ਪ੍ਰਮੋਦ ਭਾਰਤੀ
ਨਵਾਂਸ਼ਹਿਰ 24 ਨਵੰਬਰ ,2024
ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵੱਲੋਂ 25 ਨਵੰਬਰ, 2024 ਤੋੰ ਵਿਸ਼ੇਸ਼ ਟੀਕਾਕਰਨ ਸਪਤਾਹ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਵਿੱਚ ਮਾਈਗ੍ਰੇਟਰੀ ਆਬਾਦੀ, 5 ਸਾਲ ਤੱਕ ਦੇ ਡਰਾਪ ਆਊਟ ਤੇ ਲੈਫਟ ਆਊਟ ਬੱਚਿਆਂ ਸਮੇਤ ਗਰਭਵਤੀ ਔਰਤਾਂ ਦੇ ਸੰਪੂਰਨ ਟੀਕਾਕਰਨ 'ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇਗਾ।
ਇਸ ਸਬੰਧੀ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਲਈ ਵਿਸ਼ੇਸ਼ ਟੀਕਾਕਰਨ ਸਪਤਾਹ ਸ਼ੁਰੂ ਕੀਤਾ ਜਾ ਰਿਹਾ ਹੈ ਜੋ ਕਿ 25 ਨਵੰਬਰ, 2024 ਤੋੰ 30 ਨਵੰਬਰ, 2024 ਤੱਕ ਚੱਲੇਗਾ। ਇਸ ਮੁਹਿੰਮ ਦਾ ਮੁੱਖ ਉਦੇਸ਼ 0 ਤੋ 5 ਸਾਲ ਤੱਕ ਦੇ ਬੱਚਿਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਗਰਭਵਤੀ ਔਰਤਾਂ ਦੇ ਟੀਕਾਕਰਨ ਦੀ ਕਵਰੇਜ਼ ਨੂੰ ਮਜਬੂਤ ਕਰਨਾ ਹੈ। ਇਸ ਮੁਹਿੰਮ ਤਹਿਤ 0 ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਅਧੂਰੇ ਟੀਕਾਕਰਨ ਨੂੰ ਪੂਰਾ ਕੀਤਾ ਜਾ ਰਿਹਾ ਹੈ। ਇਸੇ ਨਾਲ ਹੀ ਟੀਡੀ 10 ਸਾਲ ਤੇ ਟੀਡੀ 16 ਸਾਲ ਦੀ ਕਵਰੇਜ ਨੂੰ ਵੀ ਸੁਨਿਸ਼ਚਿਤ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਮੁਹਿੰਮ ਵਿੱਚ ਬੱਚਿਆਂ ਦੀ "ਜ਼ੀਰੋ ਡੋਜ" ਤੇ ਖਾਸ ਧਿਆਨ ਕੇਂਦਰਿਤ ਕੀਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਇਸ ਮੁਹਿੰਮ ਵਿੱਚ ਉੱਚ ਜ਼ੋਖਮ ਵਾਲੇ ਖੇਤਰਾਂ ਜਿਵੇਂ ਪ੍ਰਵਾਸੀ ਆਬਾਦੀ, ਝੱਗੀਆਂ-ਝੌਂਪੜੀਆਂ, ਖਾਨਾਬਦੋਸ਼ ਸਾਈਟਾਂ, ਇੱਟਾਂ ਦੇ ਭੱਠਿਆ, ਗੁੱਜਰਾਂ ਦੇ ਡੇਰਿਆਂ ਆਦਿ 'ਤੇ ਰਹਿਣ ਵਾਲੇ ਲੋਕਾਂ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਟੀਕਾਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮਨਦੀਪ ਕਮਲ ਨੇ ਦੱਸਿਆ ਕਿ ਯੂਨੀਵਰਸਲ ਟੀਕਾਕਰਨ ਪ੍ਰੋਗਰਾਮ ਅਧੀਨ ਬੱਚਿਆਂ ਨੂੰ ਪੋਲੀਓ ਸਮੇਤ ਪੀਲੀਆ, ਤਪਦਿਕ, ਗਲ਼ਘੋਟੂ, ਕਾਲੀ ਖੰਘ, ਟੈਟਨੱਸ, ਨਿਮੋਨੀਆ ਤੇ ਦਸਤ, ਖਸਰਾ ਤੇ ਰੂਬੇਲਾ ਅਤੇ ਅੰਧਰਾਤਾ ਵਰਗੀਆਂ 11 ਗੰਭੀਰ ਬਿਮਾਰੀਆਂ ਤੋਂ ਬਚਾਅ ਲਈ ਬੱਚਿਆਂ ਦਾ ਸੰਪੂਰਨ ਟੀਕਾਕਰਨ ਬਹੁਤ ਜ਼ਰੂਰੀ ਹੈ। ਬਿਹਤਰ ਸਿਹਤ ਸੇਵਾਵਾਂ ਰਾਹੀਂ ਬੱਚਿਆਂ ਨੂੰ ਗੰਭੀਰ ਬਿਮਾਰੀਆਂ ਤੋਂ ਬਚਾਉਣਾ ਸਿਹਤ ਵਿਭਾਗ ਦਾ ਮੁੱਢਲਾ ਫਰਜ਼ ਹੈ, ਪਰ ਇਸ ਕਾਰਜ ਵਿੱਚ ਮਾਪਿਆਂ ਦਾ ਜਾਗਰੂਕ ਰਹਿਣਾ ਵੀ ਬਹੂਤ ਜ਼ਰੂਰੀ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਬੱਚਿਆਂ ਜਾਂ ਗਰਭਵਤੀ ਔਰਤਾਂ ਦਾ ਕੋਈ ਵੀ ਟੀਕਾ ਲੱਗਣ ਤੋਂ ਰਹਿ ਗਿਆ ਹੈ, ਤਾਂ ਵਿਸ਼ੇਸ਼ ਟੀਕਾਕਰਨ ਸਪਤਾਹ ਦੌਰਾਨ ਨੇੜੇ ਦੀ ਸਿਹਤ ਸੰਸਥਾ ਵਿਖੇ ਜਾ ਕੇ ਟੀਕਾਕਰਨ ਜ਼ਰੂਰ ਕਰਵਾਉਣ।