- 26 ਜਨਵਰੀ ਨੂੰ ਟਰੈਕਟਰ ਮਾਰਚ ਵਿੱਚ ਵਧ- ਚੜ੍ਹ ਕੇ ਹਿੱਸਾ ਲੈਣ ਦੀ ਅਪੀਲ
- ਜੇਲ੍ਹਾਂ `ਚ ਸਜਾਵਾਂ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਫੌਰੀ ਰਿਹਾਅ ਕੀਤਾ ਜਾਵੇ
ਚੰਡੀਗੜ੍ਹ, 15 ਜਨਵਰੀ, 2021 - ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਵੱਲੋਂ ਪ੍ਰਮੁੱਖ ਆਗੂਆਂ ਦੀ ਇੱਕ ਅਹਿਮ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਕੀਤੀ ਗਈ। ਮੀਟਿੰਗ ਦੀ ਸ਼ੁਰੂਆਤ ਵਿੱਚ ਕਿਸਾਨੀ ਸੰਘਰਸ਼ ਵਿੱਚ ਕਿਸਾਨਾਂ ਦੀ ਜਿੱਤ ਲਈ ਅਰਦਾਸ ਕੀਤੀ ਗਈ ਅਤੇ ਕਿਸਾਨ ਅੰਦੋਲਨ ਵਿੱਚ ਪਾਰਟੀ ਦੇ ਵਰਕਰਾਂ ਨੂੰ ਵਧ-ਚੜ੍ਹ ਕੇ ਹਿੱਸਾ ਲੈਣ ਲਏ ਪ੍ਰੇਰਿਤ ਕੀਤਾ ਗਿਆ। ਇਸਤੋਂ ਇਲਾਵਾ 26 ਜਨਵਰੀ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਐਲਾਨੇ ਗਏ ਟਰੈਕਟਰ ਮਾਰਚ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ। ਮੀਟਿੰਗ ਵਿੱਚ ਮਤਾ ਪਾਸ ਕਰਕੇ ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਕਿਸਾਨੀ ਸੰਘਰਸ਼ ਦੀ ਸਮਾਪਤੀ ਤੱਕ ਨਾ ਕਰਵਾਉਣ ਅਤੇ ਇਨ੍ਹਾਂ ਚੋਣਾਂ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ ਗਈ। ਇਸਤੋਂ ਇਲਾਵਾ ਕੇਂਦਰ ਸਰਕਾਰ ਤੋਂ ਜੇਲ੍ਹਾਂ ਵਿੱਚ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਫੌਰੀ ਰਿਹਾਅ ਕਰਨ ਦੀ ਮੰਗ ਕੀਤੀ ਗਈ। ਮੀਟਿੰਗ ਉਪਰੰਤ ਪਾਰਟੀ ਆਗੂਆਂ ਵੱਲੋਂ ਰੋਸ ਵਜੋਂ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ।
ਇਸ ਮੌਕੇ ਬੋਲਦਿਆਂ ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਕਿਸਾਨੀ ਸੰਘਰਸ਼ ਪ੍ਰਭਾਵਿਤ ਨਾ ਹੋਵੇ ਇਸਲਈ ਪਾਰਟੀ ਵੱਲੋਂ ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਚੋਣਾਂ ਲਈ ਇਹ ਢੁਕਵਾਂ ਸਮਾਂ ਨਹੀ ਹੈ। ਇਸ ਸਮੇਂ ਚੋਣਾਂ ਕਰਵਾ ਕੇ ਸਿਖਰ ਤੇ ਪਹੁੰਚੇ ਕਿਸਾਨ ਅੰਦੋਲਨ ਨੂੰ ਸੂਬੇ ਦੀ ਕਾਂਗਰਸ ਸਰਕਾਰ ਵੱਲੋਂ ਨੁਕਸਾਨ ਨਹੀ ਪਹੁੰਚਾਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਕਿਸਾਨੀ ਸੰਘਰਸ਼ ਵਿੱਚ ਕੋਈ ਸਿਆਸੀ ਲਾਹਾ ਨਹੀ ਲੈਣਾ ਚਾਹੁੰਦਾ ਬਲਕਿ ਕਿਸਾਨ ਜਥੇਬੰਦੀਆਂ ਵੱਲੋਂ ਉਲੀਕੇ ਪ੍ਰੋਗਰਾਮਾਂ ਅਨੁਸਾਰ ਹੀ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਕਿਸਾਨੀ ਝੰਡੇ ਲਗਾ ਕੇ ਵਧ-ਚੜ੍ਹ ਕੇ ਸ਼ਾਂਤਮਈ ਢੰਗ ਨਾਲ ਟਰੈਕਟਰ ਮਾਰਚ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਗਈ ਹੈ।
ਪਾਰਟੀ ਦੇ ਮੁੱਖ ਬੁਲਾਰੇ ਅਤੇ ਮੀਡੀਆ ਕਮੇਟੀ ਦੇ ਚੇਅਰਮੈਨ ਸ.ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਨੇ ਸਜ਼ਾ ਪੂਰੀ ਕਰ ਚੁੱਕੇ ਜੇਲ੍ਹਾਂ ਵਿੱਚ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ, ਪ੍ਰੰਤੂ ਸ. ਬਲਵੰਤ ਸਿੰਘ ਰਾਜੋਆਣਾ ਸਮੇਤ ਹਾਲੇ ਵੀ ਕਈਂ ਸਿੰਘ ਜੇਲ੍ਹਾਂ ਵਿੱਚ ਨਜ਼ਰਬੰਦ ਹਨ, ਉਨ੍ਹਾਂ ਨੂੰ ਫੌਰੀ ਤੌਰ `ਤੇ ਰਿਹਾਅ ਕੀਤਾ ਜਾਵੇ। ਇਸ ਮੌਕੇ ਪਾਰਟੀ ਦੇ ਪ੍ਰਮੁੱਖ ਆਗੂ ਸ. ਪਰਮਿੰਦਰ ਸਿੰਘ ਢੀਂਡਸਾ, ਸ: ਸੇਵਾ ਸਿੰਘ ਸੇਖਵਾਂ, ਸ: ਬੀਰ ਦਵਿੰਦਰ ਸਿੰਘ, ਸ: ਨਿਧੜਕ ਸਿੰਘ ਬਰਾੜ, ਸ: ਦੇਸਰਾਜ ਸਿੰਘ ਧੁੱਗਾ, ਸ: ਜਗਦੀਸ਼ ਸਿੰਘ ਗਰਚਾ, ਸ: ਰਣਜੀਤ ਸਿੰਘ ਤਲਵੰਡੀ, ਬੀਬੀ ਪਰਮਜੀਤ ਕੌਰ ਗੁਲਸ਼ਨ, ਤੇਜਿੰਦਰਪਾਲ ਸਿੰਘ ਸਿੱਧੂ, ਭਾਈ ਮੋਹਕਮ ਸਿੰਘ, ਸ: ਮਨਿੰਦਰਪਾਲ ਸਿੰਘ ਬਰਾੜ, ਸ: ਗੁਰਚਰਨ ਸਿੰਘ ਚੰਨੀ, ਸ: ਲਖਬੀਰ ਸਿੰਘ, ਸ: ਰਣਧੀਰ ਸਿੰਘ ਰੱਖੜਾ, ਸ: ਜਗਰਾਜ ਸਿੰਘ ਦੌਧਰ, ਸ: ਸਰਬਜੀਤ ਸਿੰਘ ਡੂਮਵਾਲੀ, ਸ: ਮਨਜੀਤ ਸਿੰਘ ਬੱਪੀਆਣਾ, ਸ: ਹਰਪ੍ਰੀਤ ਸਿੰਘ ਬੰਨੀ ਅਤੇ ਸ: ਮਿੱਠੂ ਸਿੰਘ ਕਾਹਨੇਕੇ, ਸ: ਗੁਰਬਚਨ ਸਿੰਘ ਬਚੀ, ਸ: ਅਮਰਪਾਲ ਸਿੰਘ ਖਹਿਰਾ,ਸ: ਜਸਬੀਰ ਸਿੰਘ ਘੁੰਮਣ, ਸ: ਮਨਜੀਤ ਸਿੰਘ ਭੋਮਾ, ਸ: ਦਵਿਂੰਦਰ ਸਿੰਘ ਸੋਢੀ ਤੋਂ ਇਲਾਵਾ ਵੱਖ ਵੱਖ ਜ਼ਿਲਿ੍ਹਆਂ ਤੋਂ ਪ੍ਰਮੁੱਖ ਆਗੂ ਵੀ ਮੌਜੂਦ ਸਨ।