ਅਕਾਲੀ ਦਲ ਚੰਡੀਗੜ੍ਹ ਦਾ ਇਕ ਇੰਚ ਵੀ ਹਰਿਆਣਾ ਨੂੰ ਨਹੀਂ ਦੇਣ ਦੇਵੇਗਾ (ਵੀਡੀਓ ਵੀ ਦੇਖੋ)
- ਪੰਜਾਬ ਦਾ ਕੋਈ ਵਾਲੀ ਵਾਰਿਸ ਨਹੀਂ, ਲੋਕਾਂ ਵਿਚ ਦਹਿਸ਼ਤ ਦਾ ਮਾਹੌਲ : ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ
ਚੰਡੀਗੜ੍ਹ, 24 ਨਵੰਬਰ 2022: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਕੇਂਦਰ ਸਰਕਾਰ ਤੇ ਹਰਿਆਣਾ ਸਰਕਾਰ ਨਾਲ ਰਲ ਕੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ’ਤੇ ਇਸਦੇ ਕਾਨੂੰਨੀ ਤੇ ਸੰਵਿਧਾਨਕ ਹੱਕ ਨੂੰ ਖੋਰ੍ਹਾ ਲਾਉਣ ਲਈ ਕੰਮ ਕਰ ਰਹੀ ਹੈ।
ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿਚ ਇਕ ਥਾਂ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਬਦਲਵੇਂ ਤੌਰ ’ਤੇ ਦੇਣ ਦੀ ਕੇਂਦਰ ਦੀ ਤਜਵੀਜ਼ ਦਾ ਜ਼ੋਰਦਾਰ ਵਿਰੋਧ ਕਰਦਿਆਂ ਪਾਰਟੀ ਨੇ ਕਿਹਾ ਕਿ ਚੰਡੀਗੜ੍ਹ ਦੀ ਇਕ ਇੰਚ ਥਾਂ ਵੀ ਨਾ ਤਾਂ ਹਰਿਆਣਾ ਨੂੰ ਦੇਣ ਦਿੱਤੀ ਜਾਵੇਗੀ ਤੇ ਨਾ ਹੀ ਇਸਦਾ ਵਟਾਂਦਰਾ ਕਰਨ ਦਿੱਤਾ ਜਾਵੇਗਾ ਕਿਉਂਕਿ ਸਾਰੀ ਰਾਜਧਾਨੀ ਪੰਜਾਬ ਦੀ ਹੈ। ਇਹ ਗੱਲ ਸੰਸਦ ਦੇ ਦੋਵਾਂ ਸਦਨਾਂ ਨੇ ਵੀ ਮੰਨੀ ਹੈ ਤੇ ਸਮੇਂ ਦੀਆਂ ਕੇਂਦਰ ਸਰਕਾਰਾਂ ਨੇ ਵੀ ਮੰਨੀ ਹੈ। ਹਰਿਆਣਾ ਵੀ ਪੰਜਾਬ ਸਮਝੌਤੇ ਤਹਿਤ ਚੰਡੀਗੜ੍ਹ ਪੰਜਾਬ ਹਵਾਲੇ ਕਰਨ ਲਈ ਪਾਬੰਦ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਅਕਾਲੀ ਦਲ ਚੰਡੀਗੜ੍ਹ ਦਾ ਇਕ ਇੰਚ ਵੀ ਹਰਿਆਣਾ ਨੂੰ ਨਹੀਂ ਦੇਣ ਦੇਵੇਗਾ (ਵੀਡੀਓ ਵੀ ਦੇਖੋ)
ਇਹ ਪ੍ਰਗਆਵਾ ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਇਥੇ ਪਾਰਟੀ ਦੇ ਮੁੱਖ ਦਫਤਰ ਵਿਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਦੇ ਨਾਲ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ, ਸਰਦਾਰ ਹੀਰਾ ਸਿੰਘ ਗਾਬੜੀਆ ਤੇ ਸਰਦਾਰ ਹਰਚਰਨ ਸਿੰਘ ਬੈਂਸ ਵੀ ਪ੍ਰੈਸ ਕਾਨਫਰੰਸ ਵਿਚ ਮੌਜੂਦ ਸਨ। ਇਹ ਪ੍ਰੈਸ ਕਾਨਫਰੰਸ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਤੋਂ ਬਾਅਦ ਕੀਤੀ ਗਈ। ਇਕ ਅਹਿਮ ਫੈਸਲਾ ਇਹ ਲਿਆ ਗਿਆ ਕਿ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦਾ ਉੱਚ ਪੱਧਰੀ ਵਫਦ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰੇਗਾ ਤੇ ਉਹਨਾਂ ਨੂੰ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਬਣਾਉਣ ਲਈ ਹਰਿਆਣਾ ਸਰਕਾਰਵੱਲੋਂ 10 ਏਕੜ ਥਾਂ ਅਲਾਟ ਕਰਨ ਦੀ ਕੀਤੀ ਮੰਗ ਰੱਦ ਕਰਨ ਦੀ ਅਪੀਲ ਕਰੇਗਾ।
ਮੀਟਿੰਗ ਵਿਚ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਡਾ. ਦਲਜੀਤ ਸਿੰਘ ਚੀਮਾ ਦੀ ਦੋ ਮੈਂਬਰੀ ਕਮੇਟੀ ਵੀ ਗਠਿਤ ਕੀਤੀਗਈ ਜੋ ਇਸ ਮਾਮਲੇ ’ਤੇ ਕਾਨੂੰਨੀ ਚਾਰਾਜੋਈ ਲਈ ਪ੍ਰਮੁੱਖ ਵਕੀਲਾਂ ਨਾਲ ਰਾਇ ਮਸ਼ਵਰਾ ਕਰੇਗੀ।
ਪ੍ਰੋ. ਚੰਦੂਮਾਜਰਾ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਦ੍ਰਿੜ੍ਹ ਸੰਕਲਪ ਸਾਰੇ ਹਮਖਿਆਲੀ ਲੋਕਾਂ ਤੇ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਇਕ ਪਲੈਟਫਾਰਮ ’ਤੇ ਇਕੱਠੇ ਹੋ ਕੇ ਕੇਂਦਰ ਸਰਕਾਰ ਵੱਲੋਂ ਸੂਬੇ ਖਿਲਾਫ ਵਿੱਢੀ ਮੁਹਿੰਮ ਨੂੰ ਮਾਤ ਪਾਉਣ। ਉਹਨਾਂ ਕਿਹਾ ਕਿ ਅਕਾਲੀ ਦਲ ਸ਼ਾਂਤੀਪੁਰਨ ਲੋਕ ਸੰਘਰਸ਼ ਛੇੜਨ ਅਤੇ ਕਾਨੂੰਨੀ ਵਿਕਲਪ ਵਿਚਾਰਨ ਸਮੇਤ ਸੂਬੇ ਦੇ ਹਿੱਤਾਂ ਦੀ ਰਾਖੀ ਵਾਸਤੇ ਹਰ ਚਾਰਾਜੋਈ ਕਰੇਗਾ।
ਪ੍ਰੋ. ਚੰਦੂਮਾਜਰਾ ਨੇ ਸੂਬੇ ਵਿਚ ਅਮਨ ਕਾਨੂੰਨ ਵਿਵਸਥਾ ਵਿਚ ਨਿਰੰਤਰ ਨਿਘਾਰ ਆਉਣ ’ਤੇ ਚਿੰਤਾ ਜ਼ਾਹਰ ਕਰਦਿਆਂ ਆਪ ਸਰਕਾਰ ਤੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਕਿਹਾ ਕਿ ਗੈਂਗਸਟਰਾਂ, ਹੱਤਿਆਰਿਆਂ ਤੇ ਲੁਟੇਰਿਆਂ ਕਾਰਨ ਪੰਜਾਬ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ। ਪੰਜਾਬ ਦਾ ਅੱਜ ਕੋਈ ਵਾਲੀ ਵਾਰਿਸ ਨਹੀਂ ਰਹਿ ਗਿਆ ਤੇ ਸਰਕਾਰ ਗਾਇਬ ਹੈ। ਰੋਜ਼ ਦਿਨ ਦਿਹਾੜੇ ਕਤਲ, ਲੁੱਟਾਂ ਖੋਹ ਤੇ ਹਿੰਸਾ ਦੀਆਂ ਵਾਰਦਾਤਾਂ ਵਾਪਰਨ ਆਮ ਗੱਲ ਹੋ ਗਈ ਹੈ ਤੇ ਸਾਰੀ ਆਪ ਸਰਕਾਰ ਤੇ ਮੁੱਖ ਮੰਤਰੀ ਗੁਜਰਾਤ ਵਿਚ ਭੰਗੜੇ ਪਾ ਰਹੇ ਹਨ। ਉਹਨਾਂ ਕਿਹਾ ਕਿ ਲੋਕਾਂ ਦੇ ਜਾਨ ਮਾਲ ਦੀ ਕੋਈ ਰਾਖੀ ਨਹੀਂ ਹੋ ਰਹੀ ਤੇ ਸਰਕਾਰ ਤਾਂ ਤਾਂ ਕਾਨੂੰਨ ਤੋੜਨ ਵਾਲਿਆਂ ਦੀ ਸਾਥੀ ਬਣੀ ਹੋਈ ਹੈ ਜਾਂ ਫਿਰ ਆਪ ਬੇਵੱਸ ਖੜ੍ਰੀ ਹੈ। ਸੂਬੇ ਵਿਚ ਕਿੰਨੇ ਵੱਡੇ ਵੱਡੇ ਕਤਲ ਹੋ ਚੁੱਕੇ ਹਨ ਤੇ ਅਮਨ ਕਾਨੂੰਨ ਵਿਵਸਥਾ ਢਹਿ ਢੇਰੀ ਹੋ ਗਈ ਹੈ। ਉਹਨਾਂ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠਲੀ ਸਰਕਾਰ ਵੇਲੇ ਸੂਬਾ ਇਕ ਸ਼ਾਂਤੀਪੂਰਨ ਰਾਜ ਸੀ ਪਰ ਅੱਜ ਸ਼ਾਂਤੀ ਖੇਰੂੰ ਖੇਰੂੰ ਹੋਗਈ ਹੈ।
ਅਕਾਲੀ ਆਗੂ ਨੇ ਸਰਕਾਰ ਵੱਲੋਂ ਮੁਸ਼ਤਰਕਾ ਮਾਲਕਾਨਾਂ ਜ਼ਮੀਨਾਂ ਗਰੀਬ ਕਿਸਾਨਾਂਤੋਂ ਖੋਹਣ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਭਾਵੇਂ ਇਸ ਸਬੰਧੀ ਹਾਈ ਕੋਰਟ ਨੇ ਸਟੇਅ ਦੇ ਹੁਕਮ ਕੀਤੇ ਹਨ ਪਰ ਫਿਰ ਵੀ ਸਬੰਧਤ ਮੰਤਰੀ ਤੇ ਆਪ ਦੇ ਅਹੁਦੇਦਾਰ ਇਹਨਾਂ ਜ਼ਮੀਨਾਂ ’ਤੇ ਕਬਜ਼ੇ ਕਰ ਰਹੇ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਸਰਕਾਰ ਦੀ ਜਬਰੀ ਜ਼ਮੀਨਾਂ ਖੋਹਣ ਦੀ ਮੁਹਿੰਮ ਖਿਲਾਫ ਕਿਸਾਨਾਂ ਨਾਲ ਖੜ੍ਹਾ ਹੋਵੇਗਾ। ਉਹਨਾਂ ਕਿਹਾ ਕਿ ਸਰਕਾਰ ਬੰਦਾ ਸਿੰਘ ਬਹਾਦਰ ਜੀ ਦੀ ਵਿਰਾਸਤ ਦੇ ਉਲਟ ਕਰ ਰਹੀ ਹੈ। ਉਹਨਾਂ ਨੇ ਗਰੀਬ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕ ਬਦਾਇਆ ਸੀ ਤੇ ਇਹ ਜ਼ਮੀਨਾਂ ਖੋਹ ਰਹੇ ਹਨ।
ਪ੍ਰੋ. ਚੰਦੂਮਾਜਰਾ ਨੇ ਮੁੱਖ ਮੰਤਰੀ ਵੱਲੋਂ ਪ੍ਰਮੁੱਖ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤੇ ਹੋਰਨਾਂ ਖਿਲਾਫ ਮਾੜੀਆਂ ਟਿੱਪਣੀਆਂ ਕਰਨ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਕਿਸਾਨ ਆਗੂਆਂ ਤੋਂ ਮੁਆਫੀ ਮੰਗ ਕੇ ਤੁਰੰਤ ਮਾਮਲਾ ਖਤਮ ਕਰਨਾ ਚਾਹੀਦਾ ਹੈ।
ਅਕਾਲੀ ਆਗੂ ਨੇ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਤੇ ਹੋਰ ਕਮਜ਼ੋਰ ਵਰਗਾਂ ਨੂੰ ਪੀੜਤ ਕਰਨ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਸਾਰੀਆਂ ਸਮਾਜ ਭਲਾਹੀ ਸਕੀਮਾਂ ਬੰਦ ਕਰ ਦਿੱਤੀਆਂ ਹਨ ਤੇ ਇਹ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਸਮੇਤ ਹੋਰ ਵਾਅਦੇ ਪੂਰੇ ਕਰਨ ਤੋਂ ਭੱਜ ਗਈ ਹੈ।