ਅਸ਼ੋਕ ਵਰਮਾ
ਬਠਿੰਡਾ, 15 ਅਕਤੂਬਰ 2020 - ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਦੇ ਅਣਮਿਥੇ ਸਮੇਂ ਦੇ ਤਾਲਮੇਲਵੇਂ ਸੰਘਰਸ਼ ਦੇ ਪੰਦਰਵੇਂ ਦਿਨ ਅੱਜ 13 ਜ਼ਿਲ੍ਹਿਆਂ ‘ਚ ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨਿਆਂ ਦੀ ਗਿਣਤੀ 10 ਹੋਣ ਨਾਲ ਕੁੱਲ ਧਰਨਿਆਂ ਦੀ ਗਿਣਤੀ 59 ਹੋ ਗਈ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਇੱਥੇ ਜਾਰੀ ਕੀਤੇ ਪ੍ਰੈਸ ਨੋਟ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਦਿਨ ਮਾਲਵੇ ਦੇ 7 ਜ਼ਿਲ੍ਹਿਆਂ ‘ਚ 9 ਸਿਰਕੱਢ ਭਾਜਪਾ ਆਗੂਆਂ ਦੇ ਘਰਾਂ ਦੇ ਘਿਰਾਓ ਵੀ ਕੀਤੇ ਗਏ ਸਨ। ਇਹਨਾਂ ਤੋਂ ਬਿਨਾ 10 ਟੌਲ ਪਲਾਜਿਆਂ, 4 ਸ਼ਾਪਿੰਗ ਮਾਲਜ਼, 1ਅਡਾਨੀ ਗੋਦਾਮ, 23 ਰਿਲਾਇੰਸ ਪੰਪਾਂ, 10 ਐੱਸਾਰ ਪੰਪਾਂ ਤੇ ਵਣਾਂਵਾਲੀ ਥਰਮਲ ਪਲਾਂਟ ‘ਤੇ ਪਹਿਲਾਂ ਤੋਂ ਹੀ ਧਰਨੇ ਜਾਰੀ ਹਨ।
ਉਹਨਾਂ ਦੱਸਿਆ ਕਿ ਦਿੱਲੀ ਵਿਖੇ ਖੇਤੀ ਸਕੱਤਰ ਨਾਲ ਗੱਲਬਾਤ ਦੌਰਾਨ ਉਸ ਸਮੇਂ ਵਾਕਆਊਟ ਕਰਨਾ ਪਿਆ ਜਦੋਂ ਉਸ ਨੇ ਮੋਦੀ ਸਰਕਾਰ ਦੁਆਰਾ ਧਾਰਨ ਕੀਤੀ ਦੋਗਲੀ ਨੀਤੀ ਤਹਿਤ ਕੈਬਨਿਟ ਮੰਤਰੀਆਂ ਵੱਲੋਂ ਇਸੇ ਸਮੇਂ ਹੀ ਪੰਜਾਬ ਜਾ ਕੇ ਕਿਸਾਨਾਂ ਦੇ ਹੱਕੀ ਘੋਲ਼ ਵਿਰੁੱਧ ਚਲਾਈ ਜਾ ਰਹੀ ਕੁਫਰ ਤੋਲ ਮੁਹਿੰਮ ਸੰਬੰਧੀ ਵਾਰ ਵਾਰ ਪੁੱਛੇ ਜਾਣ ‘ਤੇ ਵੀ ਕੋਈ ਤਸੱਲੀਬਖਸ ਜੁਆਬ ਨਹੀਂ ਦਿੱਤਾ । ਪੰਜਾਬ ਸਰਕਾਰ ਦੁਆਰਾ 19 ਅਕਤੂਬਰ ਨੂੰ ਸੱਦੇ ਗਏ ਵਿਸ਼ੇਸ਼ ਅਸੰਬਲੀ ਇਜਲਾਸ ਮੌਕੇ ਕੇਂਦਰ ਸਰਕਾਰ ਦੇ ਤਿੰਨੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਵੀ ਫਸਲੀ ਮੰਡੀਆਂ ‘ਚ ਵੱਡੇ ਵਪਾਰੀਆਂ ਤੇ ਕਾਰਪੋਰੇਟਾਂ ਨੂੰ ਐਮ ਐਸ ਪੀ ਦੀ ਗਰੰਟੀ ਤੋਂ ਬਿਨਾਂ ਹੀ ਖੁੱਲ੍ਹਾਂ ਦੇਣ ਵਾਲੇ 2017 ਵਿੱਚ ਤੇ ਉਸਤੋਂ ਪਹਿਲਾਂ ਪਾਸ ਕੀਤੇ ਗਏ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਵੀ ਵਿਸ਼ੇਸ਼ ਘੋਲ਼ ਪਰੋਗ੍ਰਾਮ ਉਲੀਕਿਆ ਗਿਆ ਹੈ।
ਇਸ ਪ੍ਰੋਗਰਾਮ ਮੁਤਾਬਕ ਭਲਕੇ ਧਰਨਿਆਂ ਦੌਰਾਨ ਥਾਂ ਥਾਂ ਮਤੇ ਪਾਸ ਕਰਕੇ ਪੰਜਾਬ ਸਰਕਾਰ ਨੂੰ ਈਮੇਲ ਰਾਹੀਂ ਮੰਗ ਪੱਤਰ ਵੀ ਭੇਜੇ ਜਾਣਗੇ ਅਤੇ ਇਜਲਾਸ ਵਾਲੇ ਦਿਨ ਕੀਤੇ ਜਾਣ ਵਾਲੇ ਐਕਸ਼ਨ ਦਾ ਐਲਾਨ ਵੀ ਕੀਤਾ ਜਾਵੇਗਾ। ਪੰਜਾਬ ਭਰ ਵਿੱਚ ਲਗਾਤਾਰ ਅੱਗੇ ਵਧ ਰਹੇ ਮੌਜੂਦਾ ਸਾਂਝੇ ਘੋਲ਼ ਦਾ ਵਿਸ਼ੇਸ਼ ਨਿਸ਼ਾਨਾ ਲੁਟੇਰੇ ਕਾਰਪੋਰੇਟਾਂ ਤੇ ਭਾਜਪਾ ਗੱਠਜੋੜ ਨੂੰ ਬਣਾਇਆ ਗਿਆ ਹੈ। ਥਾਂ ਥਾਂ ਭਾਰੀ ਗਿਣਤੀ ‘ਚ ਨੌਜਵਾਨਾਂ, ਔਰਤਾਂ ਅਤੇ ਕੁੱਝ ਥਾਂਈਂ ਸਕੂਲੀ ਬੱਚਿਆਂ ਸਮੇਤ ਇਸ ਵੇਲੇ ਕੁੱਲ ਮਿਲਾ ਕੇ 60 ਹਜ਼ਾਰ ਤੋਂ ਵੱਧ ਗਿਣਤੀ ‘ਚ ਪੁੱਜੇ ਇਕੱਠਾਂ ਨੂੰ ਸੰਬੋਧਨ ਕਰਨ ਵਾਲੇ ਜਥੇਬੰਦੀ ਦੇ ਮੁੱਖ ਬੁਲਾਰਿਆਂ ਵਿੱਚ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ,ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਮੀਤ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ, ਸੂਬਾ ਆਗੂ ਹਰਿੰਦਰ ਕੌਰ ਬਿੰਦੂ, ਸ਼ਿੰਗਾਰਾ ਸਿੰਘ ਮਾਨ ਤੇ ਰਾਜਵਿੰਦਰ ਸਿੰਘ ਰਾਮਨਗਰ ਸਮੇਤ ਵੱਖ ਵੱਖ ਜ਼ਿਲ੍ਹਾ ਆਗੂ ਅਤੇ ਨਵੇਂ ਨੌਜਵਾਨ ਮੁੰਡੇ ਕੁੜੀਆਂ ਵੀ ਸ਼ਾਮਲ ਹਨ।
ਬੁਲਾਰਿਆਂ ਨੇ ਦੋਸ਼ ਲਾਇਆ ਕਿ ਕਾਲੇ ਖੇਤੀ ਕਾਨੂੰਨ ਪੂਰੀ ਖੇਤੀ ਮੰਡੀ ਨੂੰ ਦੇਸੀ ਵਿਦੇਸ਼ੀ ਸਾਮਰਾਜੀ ਕਾਰਪੋਰੇਟਾਂ ਹਵਾਲੇ ਕਰਕੇ ਅਤੇ ਕਿਸਾਨਾਂ ਤੋਂ ਵਾਹੀਯੋਗ ਜ਼ਮੀਨਾਂ ਹਥਿਆ ਕੇ ਵੱਡੇ ਕਾਰਪੋਰੇਟ ਖੇਤੀ ਫਾਰਮ ਉਸਾਰਨ ਦਾ ਹਮਲਾ ਹੈ ਜਿਹੜਾ ਛੋਟੀ ਦਰਮਿਆਨੀ ਕਿਸਾਨੀ ਦੀ ਮੌਤ ਦੇ ਵਰੰਟਾਂ ਤੁਲ ਹੈ। ਉਹਨਾਂ ਨੇ ਦਾਅਵਾ ਕੀਤਾ ਕਿ ਅਣਖੀਲੇ ਜੁਝਾਰੂ ਕਿਸਾਨ ਮਜਦੂਰ ਤੇ ਸੰਘਰਸ਼ਸ਼ੀਲ ਕਿਰਤੀ ਲੋਕ ਇਸ ਹਮਲੇ ਵਿਰੁੱਧ ਲੰਬੇ ਜਾਨਹੂਲਵੇਂ ਤੇ ਵਿਸ਼ਾਲ ਸੰਘਰਸ਼ਾਂ ਦੀ ਝੜੀ ਲਾ ਕੇ ਇਹਨਾਂ ਕਾਲ਼ੇ ਕਾਨੂੰਨਾਂ ਨੂੰ ਰੱਦ ਕਰਨ ਲਈ ਕੇਂਦਰ ਸਰਕਾਰ ਨੂੰ ਮਜਬੂਰ ਕਰ ਦੇਣਗੇ। ਉਹਨਾਂ ਨੇ ਪੰਜਾਬ ਭਰ ਵਿੱਚ ਸਾਰੇ ਕਾਮਿਆਂ ਕਿਸਾਨਾਂ ਵੱਲੋਂ ਇਸ ਘੋਲ਼ ਨੂੰ ਮਿਲ ਰਹੇ ਜ਼ਬਰਦਸਤ ਸਮਰਥਨ ਦਾ ਧੰਨਵਾਦ ਕੀਤਾ।ਬੁਲਾਰਿਆਂ ਨੇ ਕੁੱਝ ਮੌਕਾਪ੍ਰਸਤ ਫਿਰਕੂ ਸਿਆਸਤਦਾਨਾਂ ਵੱਲੋਂ ਭੜਕਾਊ ਭਾਸ਼ਣਾਂ ਰਾਹੀਂ ਫਿਰਕਾਪ੍ਰਸਤ ਮਸਲੇ ਉਭਾਰ ਕੇ ਭੜਕਾਊ ਹਿੰਸਕ ਮਹੌਲ ਪੈਦਾ ਕਰਨ ਦੇ ਨਾਪਾਕ ਯਤਨਾਂ ਤੋਂ ਖਬਰਦਾਰ ਰਹਿਣ ਉੱਤੇ ਜ਼ੋਰ ਦਿੱਤਾ।
ਉਹਨਾਂ ਨੇ ਜ਼ੋਰਦਾਰ ਮੰਗ ਕੀਤੀ ਕਿ ਤਿੰਨੇ ਕਾਲੇ ਖੇਤੀ ਕਾਨੂੰਨ ਅਤੇ ਬਿਜਲੀ ਸੋਧ ਬਿੱਲ 2020 ਸਣੇ ਭੂਮੀ ਗ੍ਰਹਿਣ ਬਿੱਲ ਦੀਆਂ ਸੋਧਾਂ ਰੱਦ ਕਰੋ। 1955 ਦੇ ਜ਼ਰੂਰੀ ਵਸਤਾਂ ਕਾਨੂੰਨ ‘ਚ ਸ਼ਾਮਲ ਸਾਰੀਆਂ ਫਸਲਾਂ ਦਾ ਐਮ ਐਸ ਪੀ ਮਿਲਣ ਦੀ ਗਰੰਟੀ ਲਈ ਸਰਕਾਰੀ ਖਰੀਦ ਦਾ ਕਾਨੂੰਨ ਬਣਾਓ। ਖੁੱਲੀ ਮੰਡੀ ਵੱਲ ਸੇਧਤ ਪੰਜਾਬ ਸਰਕਾਰ ਦੇ ਮੰਡੀਕਰਨ ਕਾਨੂੰਨ ਵੀ ਰੱਦ ਕਰਨ ਦੀ ਮੰਗ ਕੀਤੀ। ਬੁਲਾਰਿਆਂ ਨੇ ਦਾਅਵਾ ਕੀਤਾ ਕਿ ਧਰਨਿਆਂ ਦੀ ਗਿਣਤੀ ਅਤੇ ਨੌਜਵਾਨਾਂ ਤੇ ਔਰਤਾਂ ਸਮੇਤ ਕਿਸਾਨ ਲਾਮਬੰਦੀਆਂ ਵਿੱਚ ਦਿਨੋਂ ਦਿਨ ਵਾਧਾ ਹੋ ਰਿਹਾ ਹੈ। ਭਾਜਪਾ ਹਕੂਮਤ ਸਣੇ ਕਾਰਪੋਰੇਟਾਂ ਖਿਲਾਫ ਰੋਹ ਹੋਰ ਵਧੇਰੇ ਫੈਲ ਰਿਹਾ ਹੈ। ਬੁਲਾਰਿਆਂ ਨੇ ਐਲਾਨ ਕੀਤਾ ਕਿ ਮੌਜੂਦਾ ਅਣਮਿਥੇ ਸਮੇਂ ਦਾ ਸੰਘਰਸ਼ ਸਭਨਾਂ ਸੰਘਰਸ਼ਸ਼ੀਲ ਜਥੇਬੰਦੀਆਂ ਨਾਲ ਤਾਲਮੇਲਵੀਂ ਸਾਂਝ ਬਰਕਰਾਰ ਰੱਖਦਿਆਂ ਹੋਰ ਵਿਸ਼ਾਲ ਅਤੇ ਤੇਜ਼ ਕੀਤਾ ਜਾਵੇਗਾ।