ਬਠਿੰਡਾ 08 ਮਈ 2019: ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਸਿੱਖਾਂ ਵਿਚ ਵੰਡੀਆਂ ਪਾਉਣ ਅਤੇ ਉਹਨਾਂ ਦੀਆਂ ਧਾਰਮਿਕ ਸੰਸਥਾਵਾਂ ਉੱਪਰ ਕਾਂਗਰਸ ਪਾਰਟੀ ਅਤੇ ਗਾਂਧੀ ਪਰਿਵਾਰ ਦਾ ਕਬਜ਼ਾ ਕਰਵਾਉਣ ਦੀ ਸਾਜ਼ਿਸ਼ ਰਚਣ ਵਾਸਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਖ਼ਤ ਨਿਖੇਧੀ ਕੀਤੀ ਹੈ।
ਮੁੱਖ ਮੰਤਰੀ ਵੱਲੋਂ ਕੀਤੇ ਐਲਾਨ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲੜੇਗਾ ਅਤੇ ਦੂਜੇ ਕਾਂਗਰਸੀਆਂ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਤ ਕਰੇਗਾ, ਉੱਤੇ ਆਪਣੀ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਬੀਬੀ ਬਾਦਲ ਨੇ ਕਿਹਾ ਕਿ ਬਿੱਲੀ ਥੈਲੇ 'ਚੋ ਬਾਹਰ ਆ ਗਈ ਹੈ। ਤੁਸੀਂ ਪੰਥਕ ਸੰਸਥਾਵਾਂ ਉੱਤੇ ਕਬਜ਼ਾ ਕਰਨ ਲਈ ਆਪਣੀ ਜੀ-ਹਜ਼ੂਰੀਆਂ ਦੇ ਧੜੇ ਖੜ੍ਹੇ ਕਰਕੇ ਗਾਂਧੀ ਪਰਿਵਾਰ ਦੀ ਸਿੱਖਾਂ ਵਿਚ ਵੰਡੀਆਂ ਪਾਉਣ ਦੀ ਸਾਲਾਂ ਪੁਰਾਣੀ ਚਾਲ ਚੱਲ ਰਹੇ ਹੋ। ਉਹਨਾਂ ਕਿਹਾ ਕਿ ਤੁਹਾਡੇ ਵੱਡੇ ਵਡੇਰਿਆਂ ਵਾਂਗ ਤੁਸੀਂ ਵੀ ਪੰਥ-ਵਿਰੋਧੀ ਧਿਰਾਂ ਦੀ ਹਮਾਇਤ ਕੀਤੀ ਹੈ ਅਤੇ ਹੁਣ ਤੁਸੀਂ ਉਹਨਾਂ ਨੂੰ ਕਾਂਗਰਸ ਪਾਰਟੀ ਦੀ ਐਸਜੀਪੀਸੀ ਉੱਤੇ ਕਬਜ਼ਾ ਕਰਨ ਦੀ ਮੁਹਿੰਮ ਵਿਚ ਸ਼ਾਮਿਲ ਹੋਣ ਦਾ ਸੱਦਾ ਦੇ ਰਹੇ ਹੋ। ਹੁਣ ਸਪੱਸ਼ਟ ਹੋ ਗਿਆ ਹੈ ਕਿ ਇਹ ਪੰਥ-ਵਿਰੋਧੀ ਧਿਰਾਂ ਤੁਹਾਡੀ ਬੀ ਟੀਮ ਦਾ ਹਿੱਸਾ ਹਨ ਅਤੇ ਤੁਸੀਂ ਸ਼੍ਰੋਮਣੀ ਅਕਾਲੀ ਦਲ ਨੂੰ ਨੁਕਸਾਨ ਪਹੁੰਚਾਉਣ ਲਈ ਇਹਨਾਂ ਧਿਰਾਂ ਦਾ ਇਸਤੇਮਾਲ ਕਰ ਰਹੇ ਹੋ।
ਇਹ ਟਿੱਪਣੀ ਕਰਦਿਆਂ ਕਿ ਸਿੱਖ ਕਦੇ ਵੀ ਕਾਂਗਰਸ ਦੀ ਇਸ ਸਾਜ਼ਿਸ਼ ਨੂੰ ਸਫਲ ਨਹੀਂ ਹੋਣ ਦੇਣਗੇ, ਬੀਬੀ ਬਾਦਲ ਨੇ ਕਿਹਾ ਕਿ ਸਿੱਖ ਭਾਈਚਾਰਾ ਕਾਂਗਰਸ ਪਾਰਟੀ ਨੂੰ ਇਸ ਦਾ ਜੁਆਬ 19 ਮਈ ਨੂੰ ਦੇਵੇਗਾ। ਉਹਨਾਂ ਕਿਹਾ ਕਿ ਕਾਂਗਰਸ ਦੇ ਇਸ਼ਾਰੇ ਉੱਤੇ ਅਕਾਲੀ ਦਲ ਖ਼ਿਲਾਫ ਭੰਡੀ-ਪ੍ਰਚਾਰ ਕਰਨ ਵਾਲੇ ਅਤੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਹੇ ਸਰਕਾਰੀ ਪ੍ਰਦਰਸ਼ਨਕਾਰੀਆਂ ਨੂੰ ਵੀ 19 ਮਈ ਨੂੰ ਕਰਾਰਾ ਜੁਆਬ ਮਿਲ ਜਾਵੇਗਾ।
ਬੀਬੀ ਬਾਦਲ ਨੇ ਕਿਹਾ ਕਿ ਬਹੁਤ ਅਫਸੋਸ ਦੀ ਗੱਲ ਹੈ ਕਿ ਸਿੱਖਾਂ ਅੰਦਰ ਕਲੇਸ਼ ਪਾਉਣ ਲਈ ਬਠਿੰਡੇ ਆਇਆ ਕੈਪਟਨ ਅਮਰਿੰਦਰ ਸਿੰਘ ਬਤੌਰ ਮੁੱਖ ਮੰਤਰੀ ਆਪਣੇ ਫਰਜ਼ਾਂ ਨੂੰ ਬਿਲਕੁੱਲ ਹੀ ਭੁੱਲ ਗਿਆ। ਉਹਨਾਂ ਕਿਹਾ ਕਿ ਚੰਗਾ ਹੋਣਾ ਸੀ ਕਿ ਜੇਕਰ ਮੁੱਖ ਮੰਤਰੀ ਨੇ ਕਿਸੇ ਮੰਡੀ ਵਿਚ ਜਾ ਕੇ ਕਿਸਾਨਾਂ ਅਤੇ ਆੜ੍ਹਤੀਆਂ ਦੀ ਹੋ ਰਹੀ ਦੁਰਦਸ਼ਾਂ ਨੂੰ ਆਪਣੇ ਅੱਖੀ ਵੇਖਿਆ ਹੁੰਦਾ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਕਣਕ ਦੀ ਸਮੇਂ ਸਿਰ ਚੁਕਾਈ ਨਾਲ ਕਰਵਾਉਣ ਕਰਕੇ ਅਨਾਜ ਮੰਡੀਆਂ ਨੱਕੋ ਨੱਕ ਭਰ ਗਈਆਂ ਹਨ। ਇਸੇ ਤਰ੍ਹਾਂ ਕੈਪਟਨ ਅਮਰਿੰਦਰ ਨੂੰ ਇਸ ਹਲਕੇ ਦੇ ਕਿਸਾਨ ਖੁਦਕੁਸ਼ੀ ਪੀੜਤ ਪਰਿਵਾਰਾਂ ਕੋਲ ਜਾਣਾ ਚਾਹੀਦਾ ਸੀ, ਜੋ ਕਿ ਮੱਦਦ ਲਈ ਚੀਕਾਂ ਮਾਰ ਰਹੇ ਹਨ। ਉਹਨਾਂ ਕਿਹਾ ਕਿ ਲੋਕ ਉਮੀਦ ਕਰਦੇ ਸਨ ਕਿ ਮੁੱਖ ਮੰਤਰੀ ਆਪਣਾ 10 ਲੱਖ ਰੁਪਏ ਦਾ ਮੁਆਵਜ਼ਾ ਅਤੇ ਇੱਕ ਸਰਕਾਰੀ ਨੌਕਰੀ ਦੇਣ ਦੇ ਵਾਅਦਾ ਪੂਰਾ ਕਰਕੇ ਇਹਨਾਂ ਦੁਖੀ ਪਰਿਵਾਰਾਂ ਦੀ ਮੱਦਦ ਕਰੇਗਾ। ਪਰ ਇਹ ਸਭ ਕਰਨ ਦੀ ਬਜਾਇ ਮੁੱਖ ਮੰਤਰੀ ਨੇ ਸਿੱਖਾਂ ਦੇ ਜਜ਼ਬਾਤਾਂ ਨਾਲ ਖੇਡਣਾ ਹੀ ਜਰੂਰੀ ਸਮਝਿਆ ਜੋ ਕਿ ਕਾਂਗਰਸ ਪਾਰਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਉਤੇ ਹਮਲਾ ਕਰਨ ਅਤੇ ਮੁੱਖ ਮੰਤਰੀ ਵੱਲੋਂ 1984 ਸਿੱਖ ਕਤਲੇਆਮ ਦੇ ਸਰਗਨਾ ਜਗਦੀਸ਼ ਟਾਈਟਲਰ ਨੂੰ ਕਲੀਨ ਚਿਟ ਦੇਣ ਕਰਕੇ ਪਹਿਲਾਂ ਹੀ ਲਹੂ-ਲੁਹਾਨ ਹਨ।