ਅਮਿਤ ਸ਼ਾਹ ਨੇ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਿਰ, ਸ੍ਰੀ ਵਾਲਮੀਕਿ ਤੀਰਥ ਵਿਖੇ ਮੱਥਾ ਟੇਕਿਆ
ਅੰਮ੍ਰਿਤਸਰ: 13 ਫਰਵਰੀ 2022 - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਪੰਜਾਬ ਅਤੇ ਭਾਰਤ ਵਿੱਚ ਲੋਕਾਂ ਦੀ ਸ਼ਾਂਤੀ ਅਤੇ ਤਰੱਕੀ ਲਈ ਅਰਦਾਸ ਕਰਦਿਆਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਵਿਖੇ ਮੱਥਾ ਟੇਕਿਆ। ਇਸ ਮੌਕੇ ਸ਼ਾਹ ਦੇ ਨਾਲ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਤਰੁਣ ਚੁੱਘ, ਸ਼ਵੇਤ ਮਲਿਕ, ਰਾਜ ਮਹਿੰਦਰ ਸਿੰਘ ਛੀਨਾ, ਸੁਰੇਸ਼ ਮਹਾਜਨ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ।
ਸ਼ਾਹ ਨੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜ ਰਹੇ ਐਨਡੀਏ ਦੇ ਉਮੀਦਵਾਰਾਂ ਦੇ ਸਮਰਥਨ ਵਿੱਚ ਇੱਕ ਵਿਸ਼ਾਲ ਪਬਲਿਕ ਮੀਟਿੰਗ ਨੂੰ ਵੀ ਸੰਬੋਧਨ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਰਿੰਦਰ ਮੋਦੀ ਨੂੰ 5 ਸਾਲ ਦੇਣ, ਤਾਂ ਜੋ ਪੰਜਾਬ ਨੂੰ ਨਸ਼ਾ ਅਤੇ ਮਾਫੀਆ ਮੁਕਤ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਭਾਜਪਾ ਪੰਜਾਬ ਵਿੱਚ ਸਰਕਾਰ ਬਣਾਉਣ ਲਈ ਚੋਣ ਲੜ ਰਹੀ ਹੈ। ਜਦਕਿ ਇਸ ਤੋਂ ਪਹਿਲਾਂ ਉਹ ਹਮੇਸ਼ਾ ਅਕਾਲੀ ਦਲ ਦੇ ਜੂਨੀਅਰ ਸਾਥੀ ਵਜੋਂ ਕੰਮ ਕਰ ਚੁੱਕੇ ਹਨ। ਪਾਰਟੀ ਦੇ ਉਮੀਦਵਾਰਾਂ ਦੀ ਜਾਣ-ਪਛਾਣ ਕਰਵਾਉਂਦੇ ਹੋਏ, ਉਨ੍ਹਾਂ ਨੇ ਸਾਬਕਾ ਆਈਏਐਸ ਅਧਿਕਾਰੀ ਜਗਮੋਹਨ ਸਿੰਘ ਰਾਜੂ ਦਾ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ, ਜੋ ਅੰਮ੍ਰਿਤਸਰ ਪੂਰਬੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਰੁੱਧ ਚੋਣ ਲੜ ਰਹੇ ਹਨ, ਜੋ ਜਲਦੀ ਹੀ ਦੋਵੇਂ ਸੀਨੀਅਰ ਆਗੂਆਂ ਨੂੰ ਹਰਾਉਣਗੇ।
ਕੇਂਦਰੀ ਗ੍ਰਹਿ ਮੰਤਰੀ ਨੇ ਭਾਜਪਾ ਦੇ 11 ਸੰਕਲਪਾਂ ਦਾ ਵੀ ਜ਼ਿਕਰ ਕੀਤਾ, ਜਿਨ੍ਹਾਂ ਨੂੰ ਸਰਕਾਰ ਬਣਨ ਤੋਂ ਬਾਅਦ ਸੂਬੇ ਵਿੱਚ ਲਾਗੂ ਕੀਤਾ ਜਾਵੇਗਾ। ਇਨ੍ਹਾਂ ਵਿੱਚ ਸ਼ਾਂਤੀ ਅਤੇ ਆਪਸੀ ਭਾਈਚਾਰਾ, ਮਾਫੀਆ ਮੁਕਤ ਪੰਜਾਬ, ਨਸ਼ਾ ਮੁਕਤ ਪੰਜਾਬ, ਕਿਸਾਨ ਭਲਾਈ, ਤੰਦਰੁਸਤ ਪੰਜਾਬ, ਸਾਰਿਆਂ ਲਈ ਰੁਜ਼ਗਾਰ, ਸਭ ਲਈ ਸਿੱਖਿਆ ਦਾ ਅਧਿਕਾਰ, ਉਦਯੋਗਿਕ ਸੁਧਾਰ, ਬੁਨਿਆਦੀ ਢਾਂਚੇ ਦੀ ਸਿਰਜਣਾ ਅਤੇ ਉੱਨਤੀ, ਮਹਿਲਾ ਸਸ਼ਕਤੀਕਰਨ ਅਤੇ ਸਬਕਾ ਸਾਥ, ਸਬਕਾ ਵਿਕਾਸ ਸ਼ਾਮਲ ਹੈ।
ਸ਼ਾਹ ਨੇ ਇਕ-ਇਕ ਕਰਕੇ ਸਾਰੇ ਉਮੀਦਵਾਰਾਂ ਦੀ ਸਟੇਜ 'ਤੇ ਜਾਣ-ਪਛਾਣ ਕਰਵਾਈ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 20 ਫਰਵਰੀ ਨੂੰ ਉਨ੍ਹਾਂ ਨੂੰ ਵੋਟ ਪਾਉਣ ਤਾਂ ਜੋ ਸਾਰਿਆਂ ਦੀ ਜਿੱਤ ਯਕੀਨੀ ਬਣਾਈ ਜਾ ਸਕੇ।