ਅੰਤਰ ਰਾਜੀ ਦਰਿਆਈ ਪਾਣੀ ਵਿਵਾਦ (ਸੋਧ) ਬਿਲ 2019 ਪੰਜਾਬ ਦੇ ਹਿੱਤਾਂ ਦੇ ਖ਼ਿਲਾਫ ਹੈ : ਅਕਾਲੀ ਦਲ
ਨਵੀਂ ਦਿੱਲੀ/ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੰਤਰ ਰਾਜੀ ਦਰਿਆਈ ਪਾਣੀ ਵਿਵਾਦ (ਸੋਧ) ਬਿਲ 2019 ਬਾਰੇ ਚਰਚਾ ਕਰਨ ਲਈ ਅੱਜ ਪਾਰਟੀ ਦੀ ਕੋਰ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ। ਇਸ ਮੀਟਿੰਗ ਵਿਚ ਕੋਰ ਕਮੇਟੀ ਨੇ ਸਰਬਸੰਮਤੀ ਨਾਲ ਫੈਸਲਾ ਕੀਤਾ ਕਿ ਇਹ ਬਿਲ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੇ ਖਿਲਾਫ ਹੈ। ਅਕਾਲੀ ਦਲ ਦੀ ਕੋਰ ਕਮੇਟੀ ਨੇ ਫੈਸਲਾ ਕੀਤਾ ਕਿ ਪਾਰਟੀ ਨੇ ਹਮੇਸ਼ਾਂ ਹੀ ਪੰਜਾਬੀ ਦੇ ਪਾਣੀਆਂ ਦੀ ਰਾਖੀ ਲਈ ਡਟ ਕੇ ਪਹਿਰਾ ਦਿੱਤਾ ਹੈ ਅਤੇ ਇਹ ਹਰ ਹੀਲੇ ਪੰਜਾਬ ਦੇ ਪਾਣੀਆਂ ਦੀ ਰਾਖੀ ਕਰਨਾ ਜਾਰੀ ਰੱਖੇਗੀ।
ਕੋਰ ਕਮੇਟੀ ਨੇ ਫੈਸਲਾ ਕੀਤਾ ਕਿ ਪਾਰਟੀ ਦੇ ਵਫ਼ਦ ਵੱਲੋਂ ਕੱਲ੍ਹ ਨੂੰ ਮਾਣਯੋਗ ਪ੍ਰਧਾਨ ਮੰਤਰੀ ਅਤੇ ਕੇਂਦਰੀ ਜਲ ਸ਼ਕਤੀ ਮੰਤਰੀ ਨੂੰ ਮਿਲ ਕੇ ਸਥਿਤੀ ਦੀ ਗੰਭੀਰਤਾ ਤੋਂ ਜਾਣੂ ਕਰਵਾਇਆ ਜਾਵੇਗਾ ਅਤੇ ਉਹਨਾਂ ਨੂੰ ਅਪੀਲ ਕੀਤੀ ਜਾਵੇਗੀ ਕਿ ਇਸ ਬਿਲ ਨੂੰ ਮੌਜੂਦਾ ਰੂਪ ਵਿਚ ਰਾਜ ਸਭਾ ਵਿਚ ਪਾਸ ਨਾ ਕੀਤਾ ਜਾਵੇ।
ਅੱਜ ਸ਼ਾਮੀ ਆਪਣੀ ਰਿਹਾਇਸ਼ ਉੱਤੇ ਕੋਰ ਕਮੇਟੀ ਦੀ ਹੰਗਾਮੀ ਮੀਟਿੰਗ ਤੋਂ ਬਾਅਦ ਅਕਾਲੀ ਦਲ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਦਰਿਆਈ ਪਾਣੀ ਦਾ ਇੱਕ ਤੁਪਕਾ ਵੀ ਕਿਸੇ ਦੂਜੇ ਰਾਜ ਨੂੰ ਨਹੀਂ ਦੇਣ ਦੇਵੇਗਾ, ਕਿਉਂਕਿ ਪੰਜਾਬ ਕੋਲ ਕੋਈ ਵਾਧੂ ਪਾਣੀ ਨਹੀਂ ਹੈ।
ਇਸ ਮੀਟਿੰਗ ਵਿਚ ਸਰਦਾਰ ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ ਇੰਦਰ ਸਿੰਘ ਗਰੇਵਾਲ, ਸ੍ਰੀ ਨਰੇਸ਼ ਗੁਜਰਾਲ, ਡਾਕਟਰ ਦਲਜੀਤ ਸਿੰਘ ਚੀਮਾ, ਜਨਮੇਜਾ ਸਿੰਘ ਸੇਖੋਂ ਅਤੇ ਦਰਬਾਰਾ ਸਿੰਘ ਗੁਰੂ ਨੇ ਭਾਗ ਲਿਆ।
ਇਸ ਮੀਟਿੰਗ ਵਿਚ ਅੰਤਰ ਰਾਜੀ ਦਰਿਆਈ ਪਾਣੀ ਵਿਵਾਦ (ਸੋਧ ) ਬਿਲ 2019 ਉੱਤੇ ਵਿਸਥਾਰ ਵਿਚ ਚਰਚਾ ਕੀਤੀ ਗਈ ਅਤੇ ਇਹ ਫੈਸਲਾ ਲਿਆ ਗਿਆ ਕਿ ਜੇਕਰ ਇਹ ਬਿਲ ਪਾਸ ਹੋ ਗਿਆ ਤਾਂ ਪੰਜਾਬ ਦੇ ਲੋਕਾਂ ਨਾਲ ਬਹੁਤ ਵੱਡੀ ਬੇਇਨਸਾਫੀ ਹੋਵੇਗੀ।
ਅਕਾਲੀ ਦਲ ਦੀ ਕੋਰ ਕਮੇਟੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਅੰਤਰ ਰਾਜੀ ਦਰਿਆਈ ਪਾਣੀ ਵਿਵਾਦ (ਸੋਧ ) ਬਿਲ 2019 ਧੱਕੇਸ਼ਾਹੀ ਦਾ ਸ਼ਿਕਾਰ ਸੂਬੇ ਦੇ ਲੋਕਾਂ ਦੀ ਕੋਈ ਮੱਦਦ ਨਹੀਂ ਕਰੇਗਾ, ਉਲਟਾ ਜੇਕਰ ਇਹ ਮੌਜੂਦਾ ਰੂਪ ਵਿਚ ਪਾਸ ਹੋ ਗਿਆ ਤਾਂ ਪੰਜਾਬ ਦੇ ਲੋਕਾਂ ਦੇ ਦਰਿਆਈ ਪਾਣੀਆਂ ਉੱਤੇ ਹੱਕਾਂ ਨੂੰ ਹੋਰ ਸੀਮਤ ਕਰ ਦੇਵੇਗਾ।