ਅੰਮ੍ਰਿਤਪਾਲ ਨੂੰ ਫੜਨ ਲਈ ਪੰਜਾਬ ਪੁਲਿਸ ਚੌਕਸ, ਹਰ ਰੋਜ਼ ਵੱਖ-ਵੱਖ ਥਾਵਾਂ 'ਤੇ ਕੀਤੀ ਜਾ ਰਹੀ ਛਾਪੇਮਾਰੀ
ਰਿਪੋਰਟ- ਅਭਿਸ਼ੇਕ
ਪਠਾਨਕੋਟ, 30 ਮਾਰਚ 2023 - ਅੰਮ੍ਰਿਤਪਾਲ ਨੂੰ ਫੜਨ ਲਈ ਪੰਜਾਬ ਪੁਲਿਸ ਵੱਲੋਂ ਹਰ ਰੋਜ਼ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਨਾਕਿਆਂ 'ਤੇ ਭਾਰੀ ਸੁਰੱਖਿਆ ਬਲ ਵੀ ਤਾਇਨਾਤ ਕੀਤੇ ਗਏ ਹਨ, ਜੋ ਹਰ ਆਉਣ ਜਾਣ ਵਾਲੇ ਵਾਹਨ ਦੀ ਬਾਰੀਕੀ ਨਾਲ ਚੈਕਿੰਗ ਕਰ ਰਹੇ ਹਨ। ਅੰਮ੍ਰਿਤਪਾਲ ਬਾਰੇ ਰੋਜ਼ਾਨਾ ਤਰ੍ਹਾਂ-ਤਰ੍ਹਾਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸ ਸਭ ਨੂੰ ਦੇਖਦਿਆਂ ਪਠਾਨਕੋਟ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪਠਾਨਕੋਟ ਦੇ ਐਸਐਸਪੀ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਪਠਾਨਕੋਟ ਸ਼ਹਿਰ ਇੱਕ ਸੰਵੇਦਨਸ਼ੀਲ ਸ਼ਹਿਰ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪਠਾਨਕੋਟ ਦੀ ਸਰਹੱਦ ਇੱਕ ਪਾਸੇ ਹਿਮਾਚਲ ਪ੍ਰਦੇਸ਼ ਅਤੇ ਦੂਜੇ ਪਾਸੇ ਜੰਮੂ-ਕਸ਼ਮੀਰ ਨਾਲ ਲੱਗਦੀ ਹੈ। ਇਸ ਦੇ ਨਾਲ ਹੀ ਪਠਾਨਕੋਟ ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ ਲਗਦਾ ਖੇਤਰ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਉੱਚ ਅਧਿਕਾਰੀਆਂ ਵੱਲੋਂ ਪਠਾਨਕੋਟ ਦੇ ਹਰ ਨਾਕੇ 'ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਹਰ ਆਉਣ ਜਾਣ ਵਾਲੇ ਵਾਹਨ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਐਸਐਸਪੀ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਪਠਾਨਕੋਟ ਜ਼ਿਲ੍ਹਾ ਵੱਖ-ਵੱਖ ਸਰਹੱਦਾਂ ਨਾਲ ਘਿਰਿਆ ਹੋਣ ਕਾਰਨ ਸੰਵੇਦਨਸ਼ੀਲ ਹੈ।
ਉਨ੍ਹਾਂ ਪਠਾਨਕੋਟ ਵਾਸੀਆਂ ਨੂੰ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਜੇਕਰ ਕਿਸੇ ਵਿਅਕਤੀ ਨੂੰ ਕੋਈ ਵੀ ਸੂਚਨਾ ਮਿਲਦੀ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਸਾਨੂੰ ਝੂਠੀਆਂ ਅਫਵਾਹਾਂ ਤੋਂ ਬਚਣ ਦੀ ਲੋੜ ਹੈ। ਇਸ ਦੇ ਨਾਲ ਹੀ ਜੇਕਰ ਕਿਸੇ ਵਿਅਕਤੀ ਕੋਲ ਕੋਈ ਵੀ ਸਹੀ ਜਾਣਕਾਰੀ ਹੋਵੇ ਤਾਂ ਉਹ ਪੁਲਿਸ ਨੂੰ ਸੂਚਿਤ ਕਰੇ।