ਅੰਮ੍ਰਿਤਸਰ: DC ਨੇ ਮਾਨਾਂਵਾਲਾ ਵਿਖੇ ਅਕਵਾਈਰ ਜ਼ਮੀਨ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਲ ਕੀਤੀ ਮੀਟਿੰਗ
ਜਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੇ ਨਾਲ ਖੜ੍ਹਾ ਹੈ
ਅੰਮ੍ਰਿਤਸਰ 25 ਨਵੰਬਰ 2024— ਅੱਜ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵਲੋਂ ਦਿੱਲੀ ਕੱਟੜਾ ਐਕਸਪ੍ਰੈਸ ਹਾਈਵੇ ਲਈ ਨੈਸ਼ਨਲ ਹਾਈਵੇ ਵਲੋਂ ਮਾਨਾਂਵਾਲਾ ਵਿਖੇ ਅਕਵਾਈਰ ਕੀਤੀ ਗਈ ਜ਼ਮੀਨ ਦੇ ਸਬੰਧ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਐਸ.ਡੀ.ਐਮ. ਅੰਮ੍ਰਿਤਸਰ 1 ਸ: ਗੁਰਸਿਮਰਨ ਸਿੰਘ, ਐਸ.ਡੀ.ਐਮ. 2 ਸ: ਮਨਕੰਵਲ ਸਿੰਘ ਚਾਹਲ, ਜਿਲ੍ਹਾ ਮਾਲ ਅਫ਼ਸਰ ਸ: ਨਵਕੀਰਤ ਸਿੰਘ ਰੰਧਾਵਾ, ਤਹਿਸੀਲਦਾਰ ਸ੍ਰੀ ਜਗਸ਼ੀਰ , ਨੈਸ਼ਨਲ ਹਾਈਵੇ ਤੋਂ ਵਿਸ਼ਾਲ ਗੌਤਮ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੂੰ ਭਰੋਸਾ ਦਵਾਇਆ ਕਿ ਜਿਲ੍ਹਾ ਪ੍ਰਸ਼ਾਸ਼ਨ ਉਨਾਂ ਦੇ ਨਾਲ ਖੜ੍ਹਾ ਹੈ ਅਤੇ ਉਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸ: ਸਰਵਨ ਸਿੰਘ ਪੰਧੇਰ ਨੇ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਕਿ ਨੈਸ਼ਨਲ ਹਾਈਵੇ ਵਲੋਂ ਅਕਵਾਈਰ ਕੀਤੀਆਂ ਗਈਆਂ ਜ਼ਮੀਨਾਂ ਦਾ ਮੁਆਵਜਾ ਅਜੇ ਤੱਕ ਨਹੀਂ ਦਿੱਤਾ ਗਿਆ। ਜਿਸ ਤੇ ਡਿਪਟੀ ਕਮਿਸ਼ਨਰ ਨੇ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ ਅਕਵਾਈਰ ਹੋ ਚੁੱਕੀਆਂ ਹਨ ਦਾ ਮੁਆਵਜਾ ਤੁਰੰਤ ਦਿੱਤਾ ਜਾਵੇ। ਮੀਟਿੰਗ ਦੌਰਾਨ ਕੁਝ ਕਿਸਾਨਾਂ ਵਲੋਂ ਅਕਵਾਈਰ ਕੀਤੀ ਗਈ ਜ਼ਮੀਨ ਨਾਲ ਲਿੰਕ ਸੜਕਾਂ, ਪਾਣੀ ਦੇਣ ਲਈ ਰਸਤਾ ਬਣਾਉਣ ਦੀ ਮੰਗ ਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਉਨਾਂ ਦੀਆਂ ਜਾਇਜ ਮੰਗਾ ਹਨ ਅਤੇ ਇਹ ਉਨਾਂ ਨੂੰ ਤੁਰੰਤ ਪੂਰਾ ਕਰਵਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਕਿਸਾਨਾਂ ਨੂੰ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਘੱਟ ਅਦਾਇਗੀ ਸਬੰਧੀ ਕੋਈ ਸ਼ਿਕਾਇਤ ਹੈ ਤਾਂ ਉਹ ਆਰਬੀਟਰੇਟਰ ਪਾਸ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਭਰੋਸਾ ਦਵਾਇਆ ਕਿ ਤੁਹਾਡੀਆਂ ਜਾਇਜ ਮੰਗਾਂ ਨੂੰ ਪੂਰਾ ਕਰਨ ਲਈ ਜਿਲ੍ਹਾ ਪ੍ਰਸ਼ਾਸ਼ਨ ਹਰ ਸਮੇਂ ਤੱਤਪਰ ਹੈ । ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਐਸਡੀਐਮਜ਼ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਕਿਸਾਨਾਂ ਦੀ ਜ਼ਮੀਨ ਅਕਵਾਈਰ ਹੋ ਚੁੱਕੀ ਹੈ ਉਨਾਂ ਦੀ ਅਦਾਇਗੀ ਤੁਰੰਤ ਕਰਵਾ ਕੇ ਕਿਸਾਨਾਂ ਨੂੰ ਸੂਚਿਤ ਕੀਤਾ ਜਾਵੇ।
ਇਸ ਮੀਟਿੰਗ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤੋਂ ਰਣਜੀਤ ਸਿੰਘ, ਕੰਵਰਦੀਪ ਸਿੰਘ ਸੈਦੋਵਾਲ, ਸੁਰਿੰਦਰ ਸਿੰਘ ਰੂਪੋਵਾਲੀ, ਕੁਲਦੀਪ ਸਿੰਘ ਸਰਪੰਚ ਰੱਖਮਾਨਾਵਾਂਲਾ, ਰਣਜੀਤ ਸਿੰਘ, ਗੁਰਪ੍ਰੀਤ ਸਿੰਘ, ਮੀਤਇੰਦਰ ਸਿੰਘ, ਹਰਪ੍ਰੀਤ ਥਿੰਦ ਤੋਂ ਇਲਾਵਾ ਹੋਰ ਵੀ ਕਿਸਾਨ ਹਾਜ਼ਰ ਸਨ।