ਅਸ਼ੋਕ ਵਰਮਾ
ਬਠਿੰਡਾ, 1 ਮਈ 2020 - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਅੱਜ ਬਠਿੰਡਾ ਜ਼ਿਲ੍ਹੇ ਦੀਆਂ ਆਂਗਣਵਾੜੀ ਵਰਕਰ ਤੇ ਹੈਲਪਰ ਆਗੂਆਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਜਾਰੀ ਰੱਖਣ ਦਾ ਅਹਿਦ ਲਿਆ। ਮਈ ਦਿਵਸ ਦੇ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਯੂਨੀਅਨ ਦੀ ਜਰਨਲ ਸਕੱਤਰ ਗੁਰਮ੍ਰੀਤ ਕੌਰ ਗੋਨਿਆਣਾ ਨੇ ਨੇ ਕਿਹਾ ਕਿ ਭਾਰਤ ਦੀ ਮਜ਼ਦੂਰ ਜਮਾਤ ਨੇ ਮਈ ਦਿਵਸ ਦੇ ਸ਼ਹੀਦਾਂ ਦੇ ਪਦ ਚਿੰਨਾਂ ’ਤੇ ਚਲਦੇ ਹੋਏ ਸੰਘਰਸ਼ਾਂ ਦਾ ਸ਼ਾਨਦਾਰ ਇਤਿਹਾਸ ਰਚਿਆ ਹੈ।
ਉਨ੍ਹਾਂ ਨੇ ਮਜ਼ਦੂਰ ਦਿਵਸ ਤੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਕਿਹਾ ਕਿ ਦੁਨੀਆਂ ਭਰ ਅੰਦਰ ਤਰੱਕੀ ਤੇ ਵਿਕਾਸ ਵਿੱਚ ਮਜ਼ਦੂਰ ਵਰਗ ਦਾ ਅਹਿਮ ਯੋਗਦਾਨ ਹੈ। ਉਨਾਂ ਮਜ਼ਦੂਰਾਂ ਨੂੰ ਕਿਹਾ ਕਿ ਸਮੁੱਚੀਆਂ ਮਜ਼ਦੂਰ ਯੂਨੀਅਨਾਂ ਨੂੰ ਪਾਰਟੀ ਪੱਧਰ ਤੋਂ ਉਤੇ ਉੱਠ ਕੇ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਇੱਕ ਹੋ ਕੇ ਸੰਘਰਸ਼ ਕਰਨ ਦੀ ਲੋੜ ਹੈ। ਇਸ ਦੌਰਾਨ ਆਂਗਣਵਾੜੀ ਮੁਲਾਜਮ ਆਗੂ ਸੋਮਾ ਰਾਣੀ ਨੇ ਕਿਹਾ ਕਿ ਸਰਕਾਰ ਵੱਲੋਂ ਮਜਦੂਰਾਂ ਦੇ ਹੱਕਾਂ ਲਈ ਬਣੇ ਕਾਨੂੰਨਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ।
ਮੁਲਾਜ਼ਮ ਆਗੂ ਜਸਬੀਰ ਕੌਰ ਨੇ ਕਿਹਾ ਕਿ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਨੂੰ ਵੇਖਦਿਆਂ ਅੱਜ ਸਭ ਵਰਗਾਂ ਨੂੰ ਇੱਕਜੁੱਟ ਕਰਨ ਦੀ ਲੋੜ ਹੈ ਤਾਂ ਜੋ ਸਰਕਾਰ ਖ਼ਿਲਾਫ਼ ਸਾਂਝਾ ਸੰਘਰਸ਼ ਕਰਕੇ ਮਜ਼ਦੂਰਾਂ ਨੂੰ ਉਨਾਂ ਦੇ ਹੱਕ ਦਿਵਾਏ ਜਾ ਸਕਣ। ਮੁਲਾਜਮ ਆਗੂ ਰੂਪ ਰਾਣੀ ਅਤੇ ਬਲਾਕ ਪ੍ਰਧਾਨ ਅੰਮਿ੍ਰਤਪਾਲ ਕੌਰ ਨੇ ਦੱਸਿਆ ਕਿ ਯੂਨੀਅਨ ਵੱਲੋਂ ਅੱਜ ਬਠਿੰਡਾ ਜਿਲੇ ’ਚ ਬਲਾਕ ਅਤੇ ਜਿਲਾ ਪੱਧਰ ਤੇ ਮੀਟਿੰਗਾਂ ਕੀਤੀਆਂ ਹਨ ਜਿੰਨਾਂ ’ਚ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪਿਛਲੇ 45 ਸਾਲਾਂ ਤੋਂ ਕੰਮ ਕਰਦੀਆਂ ਆ ਰਹੀਆਂ ਵਰਕਰਾਂ ਤੇ ਹੈਲਪਰਾਂ ਦੀਆਂ ਸੇਵਾਵਾਂ ਨੂੰ ਰੈਗੁਲਰ ਅਤੇ ਫਰੰਟ ਲਾਇਨ ਵਰਕਰ ਦੇ ਤੌਰ ’ਤੇ ਕੰਮ ਕਰ ਰਹੀਆਂ ਇਹਨਾਂ ਵਰਕਰਾਂ ਅਤੇ ਹੈਲਪਰਾਂ ਦਾ 50 ਲੱਖ ਰੁਪਏ ਦਾ ਸਿਹਤ ਬੀਮਾ ਕੀਤਾ ਜਾਵੇ।