ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ VC ਨੇ ਯੂਜੀਸੀ ਅਤੇ ਭਾਰਤੀ ਭਾਸ਼ਾ ਕਮੇਟੀ ਦੀ ਵਰਕਸ਼ਾਪ ਵਿੱਚ ਭਾਗ ਲਿਆ
ਜਲੰਧਰ/ਕਪੂਰਥਲਾ, 25 ਜੁਲਾਈ 2024- ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਆਈ.ਕੇ.ਜੀ. ਪੀ.ਟੀ.ਯੂ.) ਦੇ ਉਪ-ਕੁਲਪਤੀ ਪ੍ਰੋ. (ਡਾ.) ਸੁਸ਼ੀਲ ਮਿੱਤਲ ਨੇ ਮੰਗਲਵਾਰ ਨੂੰ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ.ਜੀ.ਸੀ.) ਅਤੇ ਭਾਰਤੀ ਭਾਸ਼ਾ ਕਮੇਟੀ ਵੱਲੋਂ ਆਯੋਜਿਤ ਇੱਕ ਰੋਜ਼ਾ ਵਰਕਸ਼ਾਪ ਵਿੱਚ ਭਾਗ ਲਿਆ ! ਇਹ ਵਰਕਸ਼ਾਪ ਇੰਡੀਅਨ ਨੈਸ਼ਨਲ ਸਾਇੰਸ ਅਕੈਡਮੀ, ਨਵੀਂ ਦਿੱਲੀ ਵਿਖੇ ਕਰਵਾਈ ਗਈ। ਇਸ ਵਰਕਸ਼ਾਪ ਦਾ ਉਦੇਸ਼ ਭਾਰਤੀ ਭਾਸ਼ਾਵਾਂ ਵਿੱਚ ਉੱਚ ਸਿੱਖਿਆ ਦੀਆਂ ਕਿਤਾਬਾਂ ਲਿਖਣ ਅਤੇ ਅਨੁਵਾਦ ਕਰਨ ਸਬੰਧੀ ਉੱਚ ਸਿੱਖਿਆ ਸੰਸਥਾਵਾਂ ਨੂੰ ਜੋੜਨਾ ਸੀ। ਜਿਸ ਵਿੱਚ ਦੇਸ਼ ਦੀਆਂ ਵੱਖ-ਵੱਖ ਵੱਡੀਆਂ ਯੂਨੀਵਰਸਿਟੀਆਂ ਦੇ ਉਪ-ਕੁਲਪਤੀ ਸ਼ਾਮਿਲ ਹੋਏ! ਉਪ-ਕੁਲਪਤੀ ਪ੍ਰੋ. (ਡਾ.) ਸੁਸ਼ੀਲ ਮਿੱਤਲ ਨੇ ਕਿਹਾ ਕਿ ਰਾਸ਼ਟਰੀ ਸਿੱਖਿਆ ਨੀਤੀ (ਐਨ.ਈ.ਪੀ.) 2020 ਵਿੱਚ ਇਸ ਗੱਲ 'ਤੇ ਜ਼ੋਰ ਦਿੱਤਾ ਗਿਆ ਹੈ ਕਿ ਜਿਹੜੇ ਵਿਦਿਆਰਥੀ ਆਪਣੀ ਭਾਸ਼ਾ ਵਿੱਚ ਪੜ੍ਹਦੇ ਹਨ, ਉਹ ਵੱਧ ਤਰੱਕੀ ਕਰਦੇ ਹਨ। ਅਜਿਹੀ ਸਥਿਤੀ ਵਿੱਚ ਉੱਚ ਵਿਦਿਅਕ ਸੰਸਥਾਵਾਂ ਦੀ ਇਹ ਵੱਡੀ ਜ਼ਿੰਮੇਵਾਰੀ ਹੈ ਕਿ ਉਹ ਇਸ ਦਿਸ਼ਾ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਭਾਰਤੀ ਭਾਸ਼ਾਵਾਂ ਵਿੱਚ ਕਿਤਾਬਾਂ ਤਿਆਰ ਕਰਨ ਨੂੰ ਮਿਸ਼ਨ ਵਜੋਂ ਲੈਣ। ਉਹਨਾਂ ਦੱਸਿਆ ਕਿ ਇਸ ਵਰਕਸ਼ਾਪ ਵਿੱਚ ਇਸ ਦਿਸ਼ਾ ਵਿੱਚ ਸਫਲ ਕਦਮ ਚੁੱਕਣ ਬਾਰੇ ਡੂੰਘਾਈ ਨਾਲ ਚਰਚਾ ਕੀਤੀ ਗਈ। ਉਪ-ਕੁਲਪਤੀ ਡਾ. ਮਿੱਤਲ ਨੇ ਕਿਹਾ ਕਿ ਆਈ.ਕੇ.ਜੀ.ਪੀ.ਟੀ.ਯੂ ਇਸ ਦਿਸ਼ਾ ਵਿੱਚ ਹੋਰ ਵਧੀਆ ਕਦਮ ਚੁੱਕੇਗੀ, ਇਸ ਲਈ ਯਤਨ ਸ਼ੁਰੂ ਕਰ ਦਿੱਤੇ ਗਏ ਹਨ!