ਚੰਡੀਗੜ੍ਹ, 29 ਜਨਵਰੀ, 2017 : ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ 28 ਜਨਵਰੀ ਨੂੰ ਮੋਗਾ ਰੁਕਣ ਬਾਰੇ ਲਗਾਏ ਗਏ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ।
ਆਮ ਆਦਮੀ ਪਾਰਟੀ ਦੇ ਇੱਕ ਬੁਲਾਰੇ ਨੇ ਇੱਥੇ ਕਿਹਾ ਕਿ ਜਿਸ ਘਰ ਵਿੱਚ ਅਰਵਿੰਦ ਕੇਜਰੀਵਾਲ ਰੁਕੇ ਸਨ, ਉਸਦਾ ਮਾਲਿਕ ਕਿਸੇ ਅੱਤਵਾਦੀ ਜਾਂ ਦੇਸ਼ ਵਿਰੋਧੀ ਤੱਤਾਂ ਨਾਲ ਨਹੀਂ ਜੁੜਿਆ ਹੋਇਆ, ਜਿਵੇਂ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ। ਸੁਖਬੀਰ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਸ਼ਿਆਂ, ਗੈਰਕਾਨੂੰਨੀ ਮਾਇਨਿੰਗ ਅਤੇ ਭ੍ਰਿਸ਼ਟਾਚਾਰ ਜਿਹੇ ਮੁੱਖ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀਆਂ ਜਾ ਰਹੀਆਂ ਕੋਝੀਆਂ ਹਰਕਤਾਂ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਦੋਵੇਂ ਪਾਰਟੀਆਂ ਪ੍ਰਵਾਸੀ ਭਾਈਚਾਰੇ ਅਤੇ ਪੰਜਾਬ ਦੇ ਲੋਕਾਂ ਨੂੰ ਬਦਨਾਮ ਕਰਨਾ ਚਾਹੁੰਦੀਆਂ ਹਨ।
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਹਾਰ ਨੂੰ ਸਾਹਮਣੇ ਵੇਖ ਕੇ ਦੋਵਾਂ ਪਾਰਟੀਆਂ ਵੱਲੋਂ ਲੋਕਾਂ ਦਾ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਉਂਦਿਆਂ ਉਨਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਦੇ ਖਿਲਾਫ ਹੱਥ ਮਿਲਾ ਲਿਆ ਹੈ, ਜਿਸਨੂੰ ਕਿ ਪੰਜਾਬ ਅਤੇ ਇੱਥੋਂ ਜਾ ਕੇ ਵਿਦੇਸ਼ਾਂ ਵਿੱਚ ਵਸੇ ਲੋਕਾਂ ਦਾ ਭਰਵਾਂ ਸਮਰਥਨ ਮਿਲ ਰਿਹਾ ਹੈ। ਉਨਾਂ ਕਿਹਾ ਕਿ ਅਜਿਹੀਆਂ ਖਤਰਨਾਕ ਕੋਸ਼ਿਸ਼ਾਂ ਦਾ ਜਵਾਬ ਪੰਜਾਬ ਦੇ ਲੋਕ 4 ਫਰਵਰੀ ਨੂੰ ਲੋਕਤੰਤਰ ਦੀ ਤਾਕਤ ਅਤੇ ਵੋਟ ਜਰੀਏ ਦੇਣਗੇ।
ਆਮ ਆਦਮੀ ਪਾਰਟੀ ਮੋਗਾ ਵਿੱਚ ਰੁਕਣ ਸਬੰਧੀ ਲਗਾਏ ਗਏ ਬੇਬੁਨਿਆਦ ਦੋਸ਼ਾਂ ਨੂੰ ਸਿਰੇ ਤੋਂ ਨਕਾਰਦੀ ਹੈ। ਪਾਰਟੀ ਵੱਲੋਂ ਅਕਾਲੀ ਦਲ ਅਤੇ ਕਾਂਗਰਸ ਨੂੰ ਚੁਣੌਤੀ ਦਿੱਤੀ ਜਾਂਦੀ ਹੈ ਕਿ ਉਹ ਇਸ ਮਸਲੇ ਨੂੰ ਲੋਕਾਂ ਦੀ ਅਦਾਲਤ ਵਿੱਚ ਲਿਜਾਣ। ਪਾਰਟੀ ਦਾ ਕਹਿਣਾ ਹੈ ਅਜਿਹੇ ਜਾਅਲੀ ਅਤੇ ਮਨਘੜਤ ਮੁੱਦਿਆਂ ਨੂੰ ਉਛਾਲ ਕੇ ਲੋਕਾਂ ਦਾ ਧਿਆਨ ਨਹੀਂ ਵੰਡਿਆ ਜਾ ਸਕਦਾ।
ਆਮ ਆਦਮੀ ਪਾਰਟੀ ਨੇ ਕਿਹਾ ਕਿ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਇੱਕ ਅਸਫਲ ਗ੍ਰਹਿ ਮੰਤਰੀ ਹਨ, ਜੋ ਕਿ ਬੇਅਦਬੀ ਦੀਆਂ ਘਟਨਾਵਾਂ ਨੂੰ ਨਹੀਂ ਸੁਲਝਾ ਸਕੇ ਅਤੇ ਹੁਣ ਲੋਕਾਂ ਦੇ ਗੁੱਸੇ ਦਾ ਸਾਹਮਣਾ ਕਰ ਰਹੇ ਹਨ। ਹਾਲੇ ਕੱਲ ਹੀ ਉਨਾਂ ਨੇ ਇੱਕ ਪ੍ਰੈਸ ਬਿਆਨ ਵਿੱਚ ਮੰਨਿਆ ਹੈ ਕਿ ਕਾਂਗਰਸ ਅਤੇ ਅਕਾਲੀ ਦਲ ਹੀ ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਲਈ ਜਿੰਮੇਵਾਰ ਹਨ ਅਤੇ ਅੱਧੇ ਘੰਟੇ ਬਾਅਦ ਹੀ ਪ੍ਰੈਸ ਬਿਆਨ ਇਹ ਕਹਿ ਕੇ ਵਾਪਿਸ ਲੈ ਲਿਆ ਗਿਆ ਕਿ ਸੁਖਬੀਰ ਬਾਦਲ ਵੱਲੋਂ ਗਲਤੀ ਨਾਲ ਆਪਣੀ ਪਾਰਟੀ ਨੂੰ ਬੇਅਦਬੀ ਦੀਆਂ ਘਟਨਾਵਾਂ ਵਿੱਚ ਸ਼ਾਮਿਲ ਕਰ ਲਿਆ ਗਿਆ ਸੀ।