ਢੀਂਡਸਾ, ਤਰਲੋਚਨ ਸਿੰਘ ਤੇ ਸਿਰਸਾ ਨੇ ਐਨ ਡੀ ਏ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ
ਨਵੀਂ ਦਿੱਲੀ, 7 ਮਈ :ਕਾਫ਼ੀ ਦੇਰ ਤੋਂ ਆਪਣੇ ਹੀ ਬਣਾਏ ਸਿਆਸੀ ਘੁਰਨੇ 'ਚ ਉਦਾਸੀਨ ਹੋਏ ਬੈਠੇ ਪਦਮ ਭੂਸ਼ਨ ਵਿਜੇਤਾ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਪੰਜਾਬ 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਪੀ ਐਮ ਮੋਦੀ ਦੇ ਮੁੱਦਈ ਬਣ ਕੇ ਬਾਹਰ ਨਿਕਲੇ ਹਨ . ਲੋਕਾਂ ਅਤੇ ਖ਼ਾਸ ਕਰਕੇ ਪੰਜਾਬੀਆਂ ਨੂੰ ਮੋਦੀ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਿਰਫ ਮੋਦੀ ਹੀ ਮਜ਼ਬੂਤ ਤੇ ਫ਼ੈਸਲਾਕੁਨ ਸਰਕਾਰ ਦੇਣ ਦੇ ਸਮਰੱਥ ਹਨ .
ਸਾਬਕਾ ਐਮ ਪੀ ਤਰਲੋਚਨ ਸਿੰਘ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਦੇ ਪ੍ਰਧਾਨ ਸਰ ਮਨਜਿੰਦਰ ਸਿੰਘ ਸਿਰਸਾ ਨਾਲ ਇੱਕ ਸਾਂਝੀ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੇਸ਼ ਦੇ ਖ਼ਾਸ ਤੌਰ 'ਤੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਵਿਚ ਮਜ਼ਬੂਤ ਸਰਕਾਰ ਬਣਾਉਣ ਵਾਸਤੇ ਐਨ ਡੀ ਏ ਦੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਕਾਮਯਾਬ ਕਰਨ।
ਚੇਤੇ ਰਹੇ ਕਿ ਉਹ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਬਗ਼ਾਵਤ ਕਰਨ ਤੋਂ ਬਾਅਦ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਕੇ ਘਰੇ ਬੈਠ ਗਏ ਸਨ .ਇੱਥੋਂ ਤੱਕ ਕਿ ਉਹ ਸੰਗਰੂਰ ਤੋਂ ਅਕਾਲੀ ਉਮੀਦਵਾਰ ਆਪਣੇ ਪੁੱਤਰ ਦੇ ਕਾਗ਼ਜ਼ ਭਰਾਉਣ ਵੀ ਨਾਲ ਨਹੀਂ ਗਏ ਅਤੇ ਹੁਣ ਤੱਕ ਚੋਣ ਪ੍ਰਚਾਰ ਲਈ ਖੁੱਲ੍ਹੇ ਆਮ ਨਹੀਂ ਤੁਰੇ . ਅੱਜ ਦੇ ਬਿਆਨ ਤੋਂ ਬਾਅਦ ਇਹ ਸਵਾਲ ਖੜ੍ਹਾ ਹੈ ਜੇਕਰ ਮੋਦੀ ਨੂੰ ਜਿਤਾਉਣਾ ਹੈ ਤਾਂ ਫਿਰ ਆਪਣੇ ਪੁੱਤ ਅਤੇ ਅਕਾਲੀ -ਭਾਜਪਾ ਗੱਠਜੋੜ ਦੇ ਪੰਜਾਬ ਵਿਚਲੇ ਉਮੀਦਵਾਰਾਂ ਦੇ ਹੱਕ ਵਿਚ ਉਹ ਪ੍ਰਚਾਰ ਮੁਹਿੰਮ 'ਚ ਸ਼ਾਮਲ ਹੋਣਗੇ ਕਿ ਨਹੀਂ ?
ਉਨ੍ਹਾਂ ਤਿੰਨਾਂ ਨੇ ਕਿਹਾ ਕਿ ਮੋਦੀ ਸਰਕਾਰ ਨੇ 1984 ਦੇ ਸਿੱਖ ਕਤਲੇਆਮ ਦੇ ਮਾਮਲਿਆਂ ਦੀ ਜਾਂਚ ਵਾਸਤੇ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਗਠਿਤ ਕੀਤੀ ਜਿਸਦੀ ਬਦੌਲਤ ਅੱਜ ਸੱਜਣ ਕੁਮਾਰ ਤੇ ਨਰੇਸ਼ ਸਹਿਰਾਵਤ ਵਰਗੇ ਦੋਸ਼ੀ ਸਲਾਖ਼ਾਂ ਪਿੱਛੇ ਹਨ। ਉਨ੍ਹਾਂ ਕਿਹਾ ਕਿ ਇਸ ਐਸ ਆਈ ਟੀ ਨੇ ਟਾਈਟਲਰ ਜਿਸਨੂੰ ਪਹਿਲਾਂ ਕਲੀਨ ਚਿੱਟ ਦੇ ਦਿੱਤੀ ਗਈ ਸੀ, ਦੇ ਕੇਸ ਮੁੜ ਖੋਲ੍ਹ•ੇ ਤੇ ਹੁਣ ਉਹ ਕੇਸ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ 33 ਸਾਲਾਂ ਤੋਂ ਸਿੱਖ ਦੁਨੀਆ ਦੇ ਇਸ ਸਭ ਤੋਂ ਭਿਆਨਕ ਕਤਲੇਆਮ ਦੇ ਨਿਆਂ ਦੀ ਉਡੀਕ ਕਰ ਰਹੇ ਸਨ ਤੇ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਇਹ ਰਾਹਤ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘਾ ਬਣਾਉਣ ਦੇ ਫ਼ੈਸਲੇ ਨੇ ਸਿੱਖਾਂ ਦੇ ਦਿਲ ਜਿੱਤ ਲਏ ਕਿਉਂਕਿ ਪਿਛਲੇ 70 ਸਾਲ ਤੋਂ ਸਿੱਖ ਸਿਰਫ ਦੂਰਬੀਨ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਰਹੇ ਸਨ ਤੇ ਹੁਣ ਸੰਗਤ ਇਸ ਲਾਂਘੇ ਦੀ ਬਦੌਲਤ ਸਿੱਧਾ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕੇਗੀ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਤੋਂ ਇਲਾਵਾ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਦੇ ਫ਼ੈਸਲੇ ਦੀ ਦੁਨੀਆ ਭਰ ਵਿਚ ਬੈਠੇ ਸਿੱਖਾਂ ਨੇ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਐਨ ਡੀ ਏ ਸਰਕਾਰ ਨੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ 350 ਸਾਲਾ ਪ੍ਰਕਾਸ਼ ਪੁਰਬ ਵੀ ਮਨਾਇਆ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਵਸ ਵੀ ਮਨਾਇਆ।
ਅਕਾਲੀ ਆਗੂਆਂ ਨੇ ਕਿਹਾ ਕਿ ਲੰਗਰ 'ਤੇ ਜੀ ਐਸ ਟੀ ਮੁਆਫ਼ ਕਰਨ ਦਾ ਫ਼ੈਸਲਾ ਐਨ ਡੀ ਏ ਸਰਕਾਰ ਵੱਲੋਂ ਲਿਆ ਗਿਆ ਇਤਿਹਾਸਕ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਕਾਲੀ ਸੂਚੀ ਖ਼ਤਮ ਕਰਨਾ ਇਕ ਹੋਰ ਵੱਡਾ ਫ਼ੈਸਲਾ ਹੈ ਜਿਸ ਵਾਸਤੇ ਸਿੱਖ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਲਾਗੂ ਹੋਣ ਨਾਲ ਹੁਣ ਵਿਦੇਸ਼ਾਂ ਵਿਚ ਸ਼ਰਨ ਲੈ ਕੇ ਵਸੇ ਸਿੱਖ ਆਪਣੇ ਘਰਾਂ ਨੂੰ ਆ ਸਕਣਗੇ।
ਇਹਨਾਂ ਆਗੂਆਂ ਨੇ ਕਿਹਾ ਕਿ ਇਹਨਾਂ ਫ਼ੈਸਲਿਆਂ ਤੋਂ ਇਲਾਵਾ ਜਿਨਸਾਂ ਦੇ ਭਾਅ ਵਧਾਉਣ ਲਈ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਪ੍ਰਵਾਨ ਕਰ ਕੇ ਲਾਗਤ ਨਾਲੋਂ ਡੇਢ ਗੁਣਾ ਕੀਮਤ ਦੇਣ ਦੇ ਫ਼ੈਸਲੇ ਨੇ ਪੰਜਾਬ ਅਤੇ ਦੇਸ਼ ਦੇ ਹੋਰ ਭਾਗਾਂ ਵਿਚ ਕਿਸਾਨਾਂ ਦੀ ਹਾਲਤ ਸੁਧਾਰਨ ਵਿਚ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਤੋਂ ਇਲਾਵਾ ਕਿਸਾਨਾਂ ਨੂੰ ਨਗਦ ਰਾਸ਼ੀ ਦੇਣ ਦੇ ਫ਼ੈਸਲੇ ਨਾਲ ਵੀ ਕਾਫ਼ੀ ਮਦਦ ਮਿਲੀ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਮੋਦੀ ਦੀ ਅਗਵਾਈ ਵਾਲੀ ਐਨ ਡੀ ਏ ਸਰਕਾਰ ਦੇ ਪੰਜ ਸਾਲਾਂ ਦੇ ਰਾਜ ਵਿਚ ਪੰਜਾਬ ਨੂੰ ਕਾਫ਼ੀ ਲਾਭ ਮਿਲਿਆ ਹੈ। ਇਸ ਸਰਕਾਰ ਨੇ ਆਈ ਆਈ ਟੀ, ਆਈ ਆਈ ਐਮ, ਪੀ ਜੀ ਆਈ ਦਾ ਸੈਟੇਲਾਈਟ ਸੈਂਟਰ, ਏਮਜ਼ ਆਦਿ ਪ੍ਰਾਜੈਕਟਾਂ ਤੋਂ ਇਲਾਵਾ ਸੜਕਾਂ ਤੇ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਵਿਚ ਅਥਾਹ ਮਦਦ ਕੀਤੀ ਹੈ।
ਉਨ੍ਹਾਂ ਕਿਹਾ ਕਿ ਇਹ ਸਹੀ ਸਮਾਂ ਹੈ ਕਿ ਐਨ ਡੀ ਏ ਦੇ ਹੱਕ ਵਿਚ ਵੋਟ ਪਾ ਕੇ ਇਸ ਵੱਲੋਂ ਕੀਤੇ ਕੰਮਾਂ ਦਾ ਮੁੱਲ ਮੋੜਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਐਨ ਡੀ ਏ ਫਿਰ ਤੋਂ ਕੇਂਦਰ ਵਿਚ ਸਰਕਾਰ ਬਣਾਉਂਦਾ ਹੈ ਤਾਂ ਇਸ ਦਾ ਪੰਜਾਬ ਅਤੇ ਪੰਜਾਬੀਆਂ ਨੂੰ ਵੱਡਾ ਲਾਭ ਹੋਵੇਗਾ।