ਹਰੀਸ ਕਾਲੜਾ
- ਇਕਾਂਤਵਾਸ ਵਿਅਕਤੀਆਂ ਵੱਲੋਂ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ 'ਤੇ ਤਸੱਲੀ ਦਾ ਪ੍ਰਗਟਾਵਾ
- ਪੰਜਾਬ ਸਰਕਾਰ ਦਾ ਕੀਤਾ ਧੰਨਵਾਦ
ਸ਼੍ਰੀ ਆਨੰਦਪੁਰ ਸਾਹਿਬ, 6 ਮਈ 2020 : ਜ਼ਿਲ੍ਹੇ ਵਿੱਚ ਵੱਖ-ਵੱਖ ਥਾਈਂ ਕੋਰੋਨਾ ਤੋਂ ਬਚਾਅ ਸਬੰਧੀ ਇਕਾਂਤਵਾਸ ਕੀਤੇ ਵਿਅਕਤੀਆਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤੇ ਕਿਸੇ ਨੂੰ ਵੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਇਕਾਂਤਵਾਸ ਕੀਤੇ ਵਿਅਕਤੀਆਂ ਨਾਲ ਰਾਬਤਾ ਰੱਖਿਆ ਹੋਇਆ ਹੈ ਤੇ ਜਦੋਂ ਵੀ ਕਿਤੇ ਕਿਸੇ ਨੂੰ ਕੋਈ ਵੀ ਲੋੜ ਪੈਂਦੀ ਹੈ ਤਾਂ ਉਹ ਪੂਰੀ ਕੀਤੀ ਜਾਂਦੀ ਹੈ।
ਸ਼੍ਰੀ ਆਨੰਦਪੁਰ ਸਾਹਿਬ ਵਿਖੇ ਇਕਾਂਤਵਾਸ ਕੀਤੇ ਵੱਖ-ਵੱਖ ਸੂਬਿਆਂ ਤੋਂ ਆਏ ਵਿਅਕਤੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਲਈ ਕੀਤੇ ਪ੍ਰਬੰਧਾਂ ਵਾਸਤੇ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਇੱਥੇ ਇਕਾਂਤਵਾਸ ਵਿੱਚ ਰਹਿ ਰਹੇ ਵਿਅਕਤੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੇ ਇੱਥੇ ਰਹਿਣ ਲਈ ਬਹੁਤ ਹੀ ਵਧੀਆ ਪ੍ਰਬੰਧ ਕੀਤੇ ਹਨ। ਉਨ੍ਹਾਂ ਨੂੰ ਖਾਣ ਪੀਣ ਦੀਆਂ ਵਸਤਾਂ ਵੇਲੇ ਸਿਰ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਅਤੇ ਸਾਫ ਸਫਾਈ ਦਾ ਵੀ ਖਾਸ ਖਿਆਲ ਰੱਖਿਆ ਜਾਂਦਾ ਹੈ, ਜਿਸ ਸਦਕਾ ਇਕਾਂਤਵਾਸ ਦੌਰਾਨ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆ ਰਹੀ। ਇਨ੍ਹਾਂ ਸਾਰੇ ਪ੍ਰਬੰਧਾਂ ਲਈ ਉਹ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੇ ਧੰਨਵਾਦੀ ਹਨ।
ਇਸ ਸਬੰਧੀ ਵਧੇਰੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਬਾਹਰਲੇ ਸੂਬਿਆਂ ਤੋਂ ਆਏ ਜਿਹੜੇ ਲੋਕਾਂ ਨੂੰ ਇਕਾਂਤਵਾਸ ਕੀਤਾ ਗਿਆ ਹੈ, ਉਨ੍ਹਾਂ ਵਿੱਚ ਵੱਖ ਵੱਖ ਰਾਜ਼ਾਂ ਤੋਂ ਆਏ ਵਿਅਕਤੀ ਹਨ। ਉਨ੍ਹਾਂ ਦੱਸਿਆ ਕਿ ਇੱਥੇ ਇਕਾਂਤਵਾਸ ਕੀਤੇ ਵਿਅਕਤੀਆਂ ਦੀ ਹਰ ਲੋੜ ਦਾ ਖਿਆਲ ਰੱਖਿਆ ਜਾ ਰਿਹਾ ਹੈ ਅਤੇ ਨਿਯਮਤ ਤੌਰ 'ਤੇ ਸੈਨੇਟਾਈਜੇਸ਼ਨ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨਿਕ ਅਧਿਕਾਰੀ, ਇਕਾਂਤਵਾਸ ਕੀਤੇ ਲੋਕਾਂ ਲਈ ਕੀਤੇ ਪ੍ਰਬੰਧਾਂ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ।