ਇਫਟੂ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
ਨਵਾਂਸ਼ਹਿਰ 26 ਮਈ 2021 - ਅੱਜ ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨਜ਼ (ਇਫਟੂ) ਵਲੋਂ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਸੱਦੇ ਉੱਤੇ ਅਤੇ ਚਾਰ ਕਿਰਤ ਕੋਡ ਰੱਦ ਕਰਨ ਦੀ ਮੰਗ ਨੂੰ ਲੈਕੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ।ਇਸ ਮੌਕੇ ਵਿਚਾਰ ਪ੍ਰਗਟ ਕਰਦਿਆਂ ਇਫਟੂ ਦੇ ਸੂਬਾਈ ਪ੍ਰੈਸ ਸਕੱਤਰ ਜਸਬੀਰ ਦੀਪ ਨੇ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਐਮ.ਐਸ.ਪੀ ਦੀ ਕਾਨੂੰਨੀ ਗਰੰਟੀ ਦੇਣ ਦੀ ਮੰਗ ਨੂੰ ਲੈਕੇ ਕਿਸਾਨ ਪਿਛਲੇ 6 ਮਹੀਨਿਆਂ ਤੋਂ ਦਿੱਲੀ ਦੀਆਂ ਹੱਦਾਂ ਉੱਤੇ ਮੋਰਚਾ ਲਾਈ ਬੈਠੇ ਹਨ ਪਰ ਮੋਦੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰੀ ਬੈਠੀ ਹੈ।
ਮੋਦੀ ਸਰਕਾਰ ਨੇ ਮਜਦੂਰ ਵਰਗ ਵਲੋਂ ਦਹਾਕਿਆਂ ਬੱਧੀ ਸੰਘਰਸ਼ ਕਰਕੇ ਪ੍ਰਾਪਤ ਕੀਤੇ ਹੱਕਾਂ ਨੂੰ ਚਾਰ ਕਿਰਤ ਕੋਡ ਲਿਆਕੇ ਖਤਮ ਕਰ ਦਿੱਤਾ ਹੈ।ਇਸ ਲਈ ਇਫਟੂ ਵਲੋਂ ਅੱਜ ਦੇਸ਼ ਭਰ ਵਿਚ ਕਾਲਾ ਦਿਵਸ ਮਨਾਇਆ ਜਾ ਰਿਹਾ ਹੈ।ਉਹਨਾਂ ਕਿਹਾ ਕਿ ਮੋਦੀ ਸਰਕਾਰ ਨੇ ਕਰੋਨਾ ਦੇ ਨਾਂਅ ਹੇਠ ਬੇਲੋੜੀਆਂ ਪਾਬੰਦੀਆਂ ਲਾਕੇ ਲੋਕ ਵਿਰੋਧੀ ਕਾਨੂੰਨ ਪਾਸ ਕੀਤੇ ਹਨ।ਉਹਨਾਂ ਕਿਹਾ ਕਿ ਮੋਦੀ ਸਰਕਾਰ ਇਹ ਕਾਨੂੰਨ ਰੱਦ ਕਰਨ ਦੇ ਮਾਮਲੇ ਵਿਚ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ।
ਉਹਨਾਂ ਕਿਹਾ ਕਿ ਮੋਦੀ ਸਰਕਾਰ ਨੇ ਆਪਣੀ ਸੱਤਾ ਦੇ 7 ਸਾਲ ਜਨਤਕ ਜਾਇਦਾਦਾਂ ਦੇਸੀ ਵਿਦੇਸ਼ੀ ਕੰਪਨੀਆਂ ਨੂੰ ਵੇਚਣ ਵਿਚ ਲਾ ਦਿੱਤੇ ਹਨ।ਪੈਟਰੋਲ, ਡੀਜ਼ਲ ਅਤੇ ਹੋਰ ਜਰੂਰੀ ਵਸਤਾਂ ਦੀਆਂ ਕੀਮਤਾਂ ਹਰ ਆਏ ਦਿਨ ਵਧਾਈਆਂ ਜਾ ਰਹੀਆਂ ਹਨ।ਉਹਨਾਂ ਕਿਹਾ ਕਿ ਲੋਕ ਘੋਲਾਂ ਨੂੰ ਜਬਰ ਦੇ ਹਥਿਆਰ ਨਾਲ ਨਹੀਂ ਦਬਾਇਆ ਜਾ ਸਕਦਾ।ਇਸ ਮੌਕੇ ਪ੍ਰਵੀਨ ਕੁਮਾਰ ਨਿਰਾਲਾ, ਹਰੀ ਲਾਲ, ਹਰੀ ਰਾਮ ਅਤੇ ਲਾਡੀ ਨੇ ਵੀ ਵਿਚਾਰ ਪੇਸ਼ ਕੀਤੇ।