ਈਟੀਓ ਵੱਲੋਂ ਜੰਡਿਆਲਾ ਵਿੱਚ ਆਮ ਆਦਮੀ ਕਲੀਨਿਕ ਅਤੇ ਸੁਵਿਧਾ ਕੇਂਦਰ ਦੀ ਅਚਨਚੇਤ ਚੈਕਿੰਗ
ਕੂੜੇ ਦਾ ਡੰਪ ਬਦਲਣ ਦੀਆਂ ਕੀਤੀਆਂ ਹਿਦਾਇਤਾਂ
ਜੰਡਿਆਲਾ ਗੁਰੂ 22 ਨਵੰਬਰ 2024- ਅੱਜ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕ ਅਤੇ ਸੁਵਿਧਾ ਕੇਂਦਰ ਦੀ ਅਚਨਚੇਤ ਚੈਕਿੰਗ ਕੀਤੀ। ਉਹਨਾਂ ਨੇ ਇਸ ਮੌਕੇ ਦੋਵਾਂ ਕੇਂਦਰਾਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੇ ਵੇਰਵੇ ਅਤੇ ਉੱਥੇ ਕੰਮ ਕਰਵਾਉਣ ਆਏ ਲੋਕਾਂ ਦੀ ਫੀਡਬੈਕ ਲਈ। ਸ: ਹਰਭਜਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਅਤੇ ਸਹੂਲਤਾਂ ਲਈ ਵਚਨਬੱਧ ਹੈ। ਇਸ ਲਈ ਆਮ ਆਦਮੀ ਕਲੀਨਿਕ ਅਤੇ ਸੁਵਿਧਾ ਕੇਂਦਰ ਵਿੱਚ ਲੋਕਾਂ ਨੂੰ ਕਿਸੇ ਵੀ ਤਰਾਂ ਦੀ ਕੋਈ ਸਮੱਸਿਆ ਪੇਸ਼ ਨਹੀਂ ਹੋਣੀ ਚਾਹੀਦੀ। ਉਹਨਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਸਰਕਾਰ ਦੀ ਪਹਿਲੀ ਤਰਜੀਹੀ ਹਨ ਅਤੇ ਆਮ ਆਦਮੀ ਕਲੀਨਿਕ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦਾ ਸੁਪਨਮਈ ਪ੍ਰੋਜੈਕਟ ਹੈ। ਉਹਨਾਂ ਨੇ ਕਰਮਚਾਰੀਆਂ ਦੀ ਹੌਸਲਾ ਅਫਜਾਈ ਕਰਦਿਆਂ ਕਿਹਾ ਕਿ ਤੁਹਾਡੇ ਸਾਥ ਨਾਲ ਸਰਕਾਰ ਬੇਹਤਰ ਸਿਹਤ ਸਹੂਲਤਾਂ ਲੋਕਾਂ ਨੂੰ ਦੇਣ ਵਿੱਚ ਕਾਮਯਾਬ ਹੋਈ ਹੈ ਅਤੇ ਸਾਡੀ ਕੋਸ਼ਿਸ਼ ਇਸ ਵਿੱਚ ਹੋਰ ਸੁਧਾਰ ਕਰਨ ਦੀ ਹੈ। ਉਹਨਾਂ ਨੇ ਇਸ ਮੌਕੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੂੜੇ ਦਾ ਡੰਪ ਵੀ ਕਿਧਰੇ ਹੋਰ ਤਬਦੀਲ ਕਰਨ ਲਈ ਥਾਂ ਲੱਭੀ ਜਾਵੇ, ਤਾਂ ਜੋ ਸ਼ਹਿਰ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।