ਹਰਿੰਦਰ ਨਿੱਕਾ
- ਉਦਯੋਗਿਕ ਸੰਸਥਾਵਾਂ ਦੇ ਪ੍ਰਬੰਧਕ ਕੋਵਿਡ-19 ਦੀ ਰੋਕਥਾਮ ਲਈ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣਗੇ: ਘਨਸ਼ਿਆਮ ਥੋਰੀ
ਸੰਗਰੂਰ, 13 ਮਈ 2020 - ਕੋਰੋਨਾ ਵਾਇਰਸ ਫੈਲਣ ਕਾਰਨ ਸਨਅਤਾਂ ’ਤੇ ਮਜ਼ਦੂਰਾਂ ਤੋਂ ਕੰਮ ਕਰਵਾਉਣ ਲਈ ਲਾਗੂ ਕੀਤੀਆਂ ਗਈਆਂ ਸ਼ਰਤਾਂ ’ਚ ਵੱਡੀ ਰਾਹਤ ਦਿੰਦਿਆਂ ਅੱਜ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਘਨਸ਼ਿਆਮ ਥੋਰੀ ਨੇ ਜ਼ਿਲ੍ਹੇ ਦੀਆਂ ਉਦਯੋਗਿਕ ਸੰਸਥਾਵਾਂ ਨੂੰ ਆਪਣੀ ਸਮਰੱਥਾ ਅਨੁਸਾਰ ਪੂਰੀ ਲੇਬਰ ਤੋਂ ਕੰਮ ਲਈ ਛੋਟ ਦੇਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਇਨਾਂ ਹੁਕਮਾਂ ਤੋਂ ਪਹਿਲਾਂ ਸੰਗਰੂਰ ਜ਼ਿਲ੍ਹੇ ਦੀਆਂ ਉਦਯੋਗਿਕ ਇਕਾਈਆਂ ਸਿਰਫ਼ 33 ਫੀਸਦ ਮਜਦੂਰਾਂ ਨਾਲ ਹੀ ਕੰਮ ਚਲਾ ਸਕਦੇ ਸਨ।
ਹੁਕਮਾਂ ’ਚ ਸਪੱਸ਼ਟ ਕੀਤਾ ਗਿਆ ਹੈ ਕਿ ਪੂਰੀ ਲੇਬਰ ਨਾਲ ਕੰਮ ਕਰਦੇ ਹੋਏ ਉਦਯੋਗਿਕ ਸੰਸਥਾਵਾਂ ਦੇ ਪ੍ਰਬੰਧਕ ਇਹ ਯਕੀਨੀ ਬਣਾਉਣਗੇ ਕਿ ਕੋਵਿਡ-19 ਦੀ ਰੋਕਥਾਮ ਲਈ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣਗੇ।
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਹੁਕਮ ਸੰਗਰੂਰ ਜ਼ਿਲ੍ਹਾ ਇੰਡਸਟਰੀਅਲ ਚੈਂਬਰ (ਐਸ.ਡੀ.ਆਈ.ਸੀ.) ਦੇ ਸਾਰੇ ਮੈਂਬਰਾਂ ਨੂੰ ਭੇਜ ਦਿੱਤੇ ਗਏ ਹਨ ਅਤੇ ਉਨਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਵੱਧ ਤੋਂ ਵੱਧ ਮਜ਼ਦੂਰਾਂ ਨੂੰ ਕੰਮ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ ਹੀ ਕੰਮ ਦੁਬਾਰਾ ਮਿਲਣ ’ਤੇ ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਨੂੰ ਵੀ ਠੱਲ ਪਵੇਗੀ ਕਿਉਕਿ ਦੂਜੇ ਸੂਬਿਆਂ ਤੋਂ ਆਏ ਵਿਅਕਤੀਆਂ ਦੀ ਵਾਪਸੀ ਦਾ ਮੁੱਖ ਕਾਰਨ ਕੋਰੋਨਾਵਾਇਰਸ ਫੈਲਣ ਕਾਰਨ ਕੰਮ ਨਾ ਮਿਲਣਾ ਸੀ।
ਘਨਸ਼ਿਆਮ ਥੋਰੀ ਨੇ ਦੱਸਿਆ ਕਿ ਕੋਵਿਡ-19 ਦੇ ਚੱਲਦਿਆਂ ਸਭ ਨੂੰ ਵੱਧ ਤੋਂ ਵੱਧ ਸੁਚੇਤ ਹੋਣ ਦੀ ਲੋੜ ਹੈ ਅਤੇ ਇਸੇ ਤਰ੍ਹਾਂ ਸਨਅਤਾਂ ਦੇ ਮਾਲਕਾਂ ਨੂੰ ਵੀ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕੰਮ ਕਰਵਾਉਣ ਦੇ ਨਾਲ-ਨਾਲ ਕੋਰੋਨਾਵਾਇਰਸ ਫੈਲਣ ਤੋਂ ਰੋਕਣ ਲਈ ਪੂਰੀਆਂ ਸਾਵਧਾਨੀਆਂ ਵਰਤੀਆਂ ਜਾਣ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੀ ਅੰਦਰ ਆਉਣ ਤੋਂ ਪਹਿਲਾਂ ਪੂਰੀ ਜਾਂਚ ਕੀਤੀ ਜਾਵੇ ਅਤੇ ਜੇਕਰ ਕਿਸੇ ਨੂੰ ਵੀ ਕੋਵਿਡ-19 ਦਾ ਲੱਛਣ ਵਿਖਾਈ ਦੇਵੇ ਤਾਂ ਤੁਰੰਤ ਉਸਨੂੰ ਨੇੜਲੇ ਫਲੂ ਕਾਰਨਰ ’ਤੇ ਭੇਜਿਆ ਜਾਵੇ।