ਅੰਮ੍ਰਿਤਸਰ, 02 ਜੂਨ 2020: ਦਿੱਲੀ-ਕੱਟੜਾ ਐਕਸਪ੍ਰੈੱਸ ਮਾਰਗ ਵਿਚ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਮੇਤ ਪੰਜਾਬ ਦੇ ਪੰਜ ਇਤਿਹਾਸਕ ਅਸਥਾਨਾਂ ਨੂੰ ਸ਼ਾਮਲ ਕਰਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਇਸ ਮਾਰਗ ਵਿਚ ਸੁਲਤਾਨਪੁਰ ਲੋਧੀ, ਸ੍ਰੀ ਗੋਇੰਦਵਾਲ ਸਾਹਿਬ, ਸ੍ਰੀ ਤਰਨਤਾਰਨ, ਸ੍ਰੀ ਖਡੂਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਨੂੰ ਜੋੜਨ ਦੀ ਮਨਜੂਰੀ ਸਿੱਖ ਜਗਤ ਲਈ ਖੁਸ਼ੀ ਦੀ ਖਬਰ ਹੈ। ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਕੇਂਦਰੀ ਮਤਰੀ ਸ੍ਰੀ ਨਿਤਿਨ ਗਡਕਰੀ ਸਮੇਤ ਇਸ ਕਾਰਜ ਵਿਚ ਯੋਗਦਾਨ ਪਾਉਣ ਵਾਲੀਆਂ ਸਾਰੀਆਂ ਸ਼ਖਸੀਅਤਾਂ ਦਾ ਧੰਨਵਾਦ ਕੀਤਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਲੰਘੀ ਇਕੱਤਰਤਾ ਵਿਚ ਇਕ ਮਤਾ ਪਾਸ ਕੇਂਦਰ ਸਰਕਾਰ ਨੂੰ ਭੇਜਿਆ ਸੀ, ਜਿਸ ਵਿਚ ਮੰਗ ਕੀਤੀ ਗਈ ਸੀ ਕਿ ਐਕਸਪ੍ਰੈੱਸ ਮਾਰਗ ਵਿਚ ਸ੍ਰੀ ਅੰਮ੍ਰਿਸਤਰ ਨੂੰ ਸ਼ਾਮਲ ਕੀਤਾ ਜਾਵੇ। ਸ਼੍ਰੋਮਣੀ ਕਮੇਟੀ ਨੇ ਇਸ ਮਤੇ ਰਾਹੀਂ ਕਿਹਾ ਸੀ ਕਿ ਸ੍ਰੀ ਅੰਮ੍ਰਿਤਸਰ ਦੀ ਵੱਡੀ ਇਤਿਹਾਸਕ ਮਹੱਤਤਾ ਹੈ ਅਤੇ ਇਥੇ ਸਥਿਤ ਅਧਿਆਤਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਦੁਨੀਆਂ ਤੋਂ ਸੰਗਤਾਂ ਪੁੱਜਦੀਆਂ ਹਨ। ਇਸ ਲਈ ਐਕਸਪ੍ਰੈੱਸ ਮਾਰਗ ਵਿੱਚੋਂ ਸ੍ਰੀ ਅੰਮ੍ਰਿਸਤਰ ਨੂੰ ਮਨਫੀ ਕਰਨਾ ਜਾਇਜ਼ ਨਹੀਂ। ਹੁਣ ਕੇਂਦਰੀ ਮੰਤਰੀ ਵੱਲੋਂ ਇਸ ਨੂੰ ਮਨਜ਼ੂਰੀ ਦੇ ਦੇਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਫੈਸਲੇ ਦਾ ਸਵਾਗਤ ਕੀਤਾ ਗਿਆ ਹੈ।