ਚੰਡੀਗੜ੍ਹ/ਅੰਮ੍ਰਿਤਸਰ, 23 ਦਸੰਬਰ, 2016 : ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਕਾਨੂੰਨੀ ਸਲਾਹਕਾਰ ਐਡਵੋਕੇਟ ਸਤਨਾਮ ਸਿੰਘ ਕਲੇਰ ਨੂੰ ਸਿੱਖਾਂ ਦੇ ਮਸਲਿਆਂ ਦੇ ਨਿਪਟਾਰੇ ਕਰਨ ਵਾਲੀ ਸਰਵਉੱਚ ਸੰਸਥਾ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਸਰਬਸੰਮਤੀ ਨਾਲ ਚੇਅਰਮੈਨ ਚੁਣਿਆ ਗਿਆ ਹੈ।
ਚੇਅਰਮੈਨ ਦੀ ਨਿਯੁਕਤੀ ਲਈ ਕਮਿਸ਼ਨ ਦੇ ਨਾਮਜ਼ਦ ਕੀਤੇ ਨਵੇਂ ਮੈਂਬਰਾਂ ਦੀ ਪਲੇਠੀ ਮੀਟਿੰਗ ਕਮਿਸ਼ਨ ਦੇ ਅੰਮ੍ਰਿਤਸਰ ਸਥਿਤ ਮੁੱਖ ਦਫ਼ਤਰ ਵਿਖੇ ਹੋਈ। ਮੀਟਿੰਗ ਵਿੱਚ ਕਮਿਸ਼ਨ ਦੇ ਮੈਂਬਰ ਦਲਬੀਰ ਸਿੰਘ ਮਾਹਲ ਵੱਲੋਂ ਚੇਅਰਮੈਨ ਦੇ ਅਹੁਦੇ ਲਈ ਐਡਵੋਕੇਟ ਸਤਨਾਮ ਸਿੰਘ ਕਲੇਰ ਦਾ ਨਾਂ ਪਰਪੋਜ਼ ਕੀਤਾ ਗਿਆ ਅਤੇ ਗੁਰਦੇਵ ਸਿੰਘ ਸੋਹਲ ਵੱਲੋਂ ਸਹਿਮਤੀ ਪ੍ਰਗਟਾਈ ਗਈ। ਇਸ ਉਪਰੰਤ ਉਨ੍ਹਾਂ ਨੂੰ ਸਰਵਸੰਮਤੀ ਨਾਲ ਚੇਅਰਮੈਨ ਚੁਣ ਲਿਆ ਗਿਆ। ਕਮਿਸ਼ਨ ਦੇ ਅੰਮ੍ਰਿਤਸਰ ਸਥਿਤ ਮੁੱਖ ਦਫ਼ਤਰ ਵਿਖੇ ਉਨ੍ਹਾਂ ਆਪਣਾ ਅਹੁਦਾ ਸੰਭਾਲ ਲਿਆ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਕਮਿਸ਼ਨ ਦੇ ਚੇਅਰਮੈਨ ਦੀ ਨਿਯੁਕਤੀ ਲਈ ਪੰਜਾਬ ਸਰਕਾਰ ਵੱਲੋਂ 16 ਦਸੰਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਸੀ ਜਿਸ ਉਪਰੰਤ ਕਮਿਸ਼ਨ ਦੇ ਨਵੇਂ ਨਾਮਜ਼ਦ ਮੈਂਬਰਾਂ ਵੱਲੋਂ ਦਸ ਦਿਨਾਂ ਦੇ ਸੀਮਤ ਪੀਰੀਅਡ ਵਿੱਚ ਪਹਿਲੀ ਮੀਟਿੰਗ ਸੱਦ ਕੇ ਚੇਅਰਮੈਨ ਦੀ ਚੋਣ ਕੀਤੀ ਗਈ।
ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਿੰਨੇ ਵੀ ਮੁਲਾਜ਼ਮ ਜਾਂ ਅਦਾਰੇ ਹਨ, ਨਾਲ ਸਬੰਧਿਤ ਕਿਸੇ ਵੀ ਲੜਾਈ ਝਗੜੇ ਦੇ ਕੇਸਾਂ ਦਾ ਨਿਪਟਾਰਾ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਵੱਲੋਂ ਕੀਤਾ ਜਾਂਦਾ ਹੈ।
ਐਡਵੋਕੇਟ ਸਤਨਾਮ ਸਿੰਘ ਕਲੇਰ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ, ਬੀਬੀ ਜਗੀਰ ਕੌਰ, ਸੁੱਚਾ ਸਿੰਘ ਲੰਗਾਹ, ਨਿਰਮਲ ਸਿੰਘ ਕਾਹਲੋਂ, ਜਥੇਦਾਰ ਤੋਤਾ ਸਿੰਘ, ਵਿਰਸਾ ਸਿੰਘ ਵਲਟੋਹਾ, ਜਰਨੈਲ ਸਿੰਘ ਵਾਹਦ ਸਮੇਤ ਕਈ ਨਾਮੀ ਅਤੇ ਸੀਨੀਅਰ ਆਗੂਆਂ ਦੇ ਕੇਸਾਂ ਦੀ ਪੈਰਵਾਈ ਵੀ ਕਰ ਰਹੇ ਹਨ ਅਤੇ ਉਨ੍ਹਾਂ ਦੇ ਬਾਦਲ ਪਰਿਵਾਰ ਨਾਲ ਬਹੁਤ ਨਜ਼ਦੀਕੀ ਸਬੰਧ ਹਨ।
ਐਡਵੋਕੇਟ ਕਲੇਰ ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਦੇਸ਼ ਵਿੱਚ ਸਿੱਖ ਮਸਲਿਆਂ ਦੇ ਨਿਪਟਾਰਿਆਂ ਲਈ ਬਣੀ ਸਭ ਤੋਂ ਵੱਡੀ ਅਦਾਲਤ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਪ੍ਰੰਤੂ ਉਹ ਇਸ ਅਹੁਦੇ ਦੇ ਨਾਲ ਨਾਲ ਆਪਣੀ ਵਕਾਲਤ ਨੂੰ ਕੋਈ ਫ਼ਰਕ ਨਹੀਂ ਪੈਣ ਦੇਣਗੇ ਅਤੇ ਆਪਣੇ ਕੇਸਾਂ ਦੀ ਪੈਰਵਾਈ ਉਸੇ ਤਰ੍ਹਾਂ ਹੀ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸਿੱਖ ਮਸਲਿਆਂ ਨਾਲ ਸਬੰਧਿਤ ਹਰ ਕੇਸ ਦਾ ਨਿਪਟਾਰਾ ਪਹਿਲ ਦੇ ਅਧਾਰ 'ਤੇ ਪੂਰੀ ਨਿਰਪੱਖਤਾ ਨਾਲ ਕੀਤਾ ਜਾਵੇਗਾ।
ਇਸ ਮੌਕੇ ਉਨ੍ਹਾਂ ਦੇ ਸਪੁੱਤਰ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਡਿਪਟੀ ਐਡਵੋਕੇਟ ਜਨਰਲ ਪੰਜਾਬ ਵੀ ਹਾਜ਼ਰ ਸਨ। ਉਨ੍ਹਾਂ ਨੇ ਵੀ ਪੰਜਾਬ ਆਪਣੇ ਪਿਤਾ ਐਡਵੋਕੇਟ ਸਤਨਾਮ ਸਿੰਘ ਕਲੇਰ ਨੂੰ ਇੰਨੀ ਵੱਡੀ ਜ਼ਿੰਮੇਵਾਰੀ ਸੌਂਪਣ 'ਤੇ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਵਿਸ਼ੇਸ਼ ਧੰਨਵਾਦ ਕੀਤਾ।