← ਪਿਛੇ ਪਰਤੋ
ਕਣਕ ਦੀ ਬਿਜਾਈ ਲਈ ਡੀ ਏ ਪੀ ਦੇ ਬਦਲ ਵਾਲੀਆਂ ਖਾਦਾਂ ਦੀ ਕੀਤੀ ਜਾਵੇ ਵਰਤੋਂ - ਮੁੱਖ ਖੇਤੀਬਾੜੀ ਅਫਸਰ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਫ਼ਸਲ ਦੀ ਰਹਿੰਦ- ਖੂਹਿੰਦ ਨੂੰ ਜ਼ਮੀਨ ਵਿੱਚ ਹੀ ਰਲਾਇਆ ਜਾਵੇ ਫਾਜ਼ਿਲਕਾ 24 ਨਵੰਬਰ 2024. ਮੁੱਖ ਖੇਤੀਬਾੜੀ ਅਫਸਰ ਸੰਦੀਪ ਰਿਣਵਾ ਨੇ ਕਿਸਾਨਾਂ ਨੂੰ ਖਾਦਾਂ ਦੀ ਲੋੜ ਮੁਤਾਬਿਕ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਖਾਦਾਂ ਦੀ ਬੇਲੋੜੀ ਵਰਤੋਂ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ। ਉਨ੍ਹਾਂ ਡੀ.ਏ.ਪੀ. ਦੀ ਵਰਤੋਂ ਵੀ ਮਾਹਿਰਾਂ ਵੱਲੋਂ ਦੱਸੀ ਮਾਤਰਾ ਅਨੁਸਾਰ ਹੀ ਕਰਨ ਲਈ ਆਖਿਆ ਤੇ ਕਿਹਾ ਕਿ ਫਾਸਫੋਰਸ ਦੇ ਬਦਲ ਵਜੋਂ ਐੱਨ.ਪੀ.ਕੇ ਤੇ ਹੋਰ ਖਾਦਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਵੀਰ ਕਣਕ ਦੀ ਬਿਜਾਈ ਸਮੇਂ ਡੀ ਏ ਪੀ ਦੇ ਬਦਲ ਵਾਲੀਆਂ ਖਾਦਾਂ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰਨ| ਉਨ੍ਹਾਂ ਕਿਹਾ ਕਿ ਫਸਲਾਂ ਦੀ ਰਹਿੰਦ-ਖੂੰਹਦ ਨੂੰ ਜ਼ਮੀਨ 'ਚ ਵਾਹ ਕੇ ਵੀ ਖਾਦਾਂ ਦੀ ਵਰਤੋਂ ਨੂੰ ਘਟਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਦੀਆਂ ਗਠਿਤ ਟੀਮਾਂ ਵੱਲ ਵੱਖ-ਵੱਖ ਥਾਵਾਂ 'ਤੇ ਚੈਕਿੰਗ ਵੀ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਖਾਦ ਵਿਕਰੇਤਾ ਡੀ.ਏ.ਪੀ. ਖਾਦ ਜਾਂ ਹੋਰ ਖਾਦਾਂ ਨਾਲ ਕਿਸਾਨਾਂ ਨੂੰ ਕੋਈ ਹੋਰ ਗੈਰ ਜ਼ਰੂਰੀ ਖਾਦਾਂ/ਦਵਾਈਆਂ ਨਾ ਦੇਵੇ। ਉਨ੍ਹਾਂ ਦੱਸਿਆ ਕਿ ਕਣਕ ਦੀ ਕਾਸ਼ਤ ਲਈ ਫਾਸਫੋਰਸ ਖੁਰਾਕੀ ਤੱਤ ਦੀ ਲੋੜ ਹੁੰਦੀ ਹੈ ਜਿਸ ਦੀ ਪੂਰਤੀ ਲਈ ਕਿਸਾਨਾਂ ਵੱਲੋਂ ਡੀ.ਏ.ਪੀ ਖਾਦ ਦੀ ਬਿਜਾਈ ਸਮੇਂ ਵਰਤੋਂ ਕੀਤੀ ਜਾਂਦੀ ਹੈ। ਉਨਾਂ ਦੱਸਿਆ ਕਿ ਡੀ.ਏ.ਪੀ ਖਾਦ ਦੇ ਬਦਲ ਵੱਜੋਂ ਕਿਸਾਨ ਖਾਦ ਅਤੇ ਟ੍ਰਿਪਲ ਸੁਪਰ ਫਾਸਫੇਟ ਖਾਦ ,ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੈਟਿਕ ਖਾਦਾਂ ਦੀ ਵੀ ਵਰਤੋਂ ਕਰ ਸਕਦੇ ਹਨ। ਇਸ ਤੋਂ ਇਲਾਵਾ ਬਾਜ਼ਾਰ ਵਿੱਚ ਮੌਜੂਦ ਹੋਰ ਫਾਸਫੈਟਿਕ ਖਾਦਾਂ ਵੀ ਵਰਤੀਆਂ ਜਾ ਸਕਦੀਆਂ ਹਨ। ਉਨਾਂ ਜ਼ਿਲ੍ਹੇ ਦੇ ਡੀਲਰਾਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਜੋ ਵੀ ਖੇਤੀ ਸਮੱਗਰੀ ਦੀ ਵਿਕਰੀ ਕੀਤੀ ਜਾਂਦੀ ਹੈ, ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਖੇਤੀ ਸਮੱਗਰੀ ਹੀ ਕਿਸਾਨਾਂ ਨੂੰ ਵਿਕਰੀ ਕੀਤੀ ਜਾਵੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ । ਉਨਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ,ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Total Responses : 278