- ਮੁਕਦਮੇ ਦਰਜ ਕਰਨ ਤੋਂ ਇਲਾਵਾ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਜੁਰਮਾਨੇ ਵੀ ਕੀਤੇ ਜਾਣਗੇ
- ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਪਹਿਲਾਂ ਹੀ ਪਾਬੰਦੀ ਲੱਗੀ ਹੋਈ ਹੈ
ਦੇਵਾਂ ਨੰਦ ਸ਼ਰਮਾ
ਫਰੀਦਕੋਟ, 13 ਮਈ 2020 - ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਕੁਮਾਰ ਸੌਰਭ ਰਾਜ ਨੇ ਕਣਕ ਦੀ ਕਟਾਈ ਉਪਰੰਤ, ਕਣਕ ਦੇ ਨਾੜ ਅਤੇ ਹੋਰ ਰਹਿੰਦ ਖੂੰਹਦ ਨੂੰ ਅੱਗ ਲਾਉਣ ਵਾਲਿਆਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਅਜਿਹਾ ਕੇਸ ਸਾਹਮਣੇ ਆਵੇਗਾ ਤਾਂ ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਧਾਰਾ 144 ਅਧੀਨ ਜ਼ਿਲ੍ਹੇ ਅੰਦਰ ਕਣਕ ਦੇ ਨਾੜ ਅਤੇ ਹੋਰ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿਚ ਕਈ ਲੋਕਾਂ ਤੋਂ ਸ਼ਿਕਾਇਤਾਂ ਆ ਰਹੀਆਂ ਹਨ ਕਿ ਕੁਝ ਕਿਸਾਨਾਂ ਵੱਲੋਂ ਕਣਕ ਦੀ ਕਟਾਈ ਅਤੇ ਤੂੜੀ ਬਣਾਉਣ ਉਪਰੰਤ ਕਣਕ ਦੇ ਨਾੜ ਅਤੇ ਹੋਰ ਰਹਿੰਦ ਖੂੰਹਦ ਨੂੰ ਅੱਗ ਲਗਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਲੋਕਾਂ ਵੱਲੋਂ ਪੂਰਾ ਸਮਾਂ ਮਾਸਕ ਪਹਿਨੇ ਜਾ ਰਹੇ ਹਨ ਅਤੇ ਇਸ ਤੋਂ ਇਲਾਵਾ ਕਣਕ ਦੀ ਰਹਿੰਦ ਖੂੰਹਦ ਨਾਲ ਲਗਾਈ ਅੱਗ ਤੂੜੀ ਦੀ ਧੂੜ ਆਦਿ ਨਾਲ ਲੋਕਾਂ ਨੂੰ ਸਾਹ ਲੈਣ ਵਿਚ ਦਿੱਕਤਾਂ ਪੇਸ਼ ਆਉਂਦੀਆਂ ਹਨ।
ਉਨ੍ਹਾਂ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸਾਨਾਂ ਨੂੰ ਕਿਹਾ ਕਿ ਜੇਕਰ ਉਹ ਇਸ ਗੈਰ ਕਾਨੂੰਨੀ ਵਰਤਾਰੇ ਤੋਂ ਨਾ ਹਟੇ ਤਾਂ ਉਨ੍ਹਾਂ ਵਿਰੁੱਧ ਜਿਥੇ ਸਖਤ ਕਾਰਵਾਈ ਕਰਕੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਜੁਰਮਾਨੇ ਕੀਤੇ ਜਾਣਗੇ ਤੇ ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਨ ਵਾਲੇ ਕਿਸਾਨਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਤੇ ਵੀ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਨੂੰ ਮਨੁੱਖਤਾ ਦੇ ਭਲੇ, ਵਾਤਾਵਰਨ ਦੀ ਸੰਭਾਲ ਲਈ ਕਣਕ ਦੇ ਨਾੜ/ਰਹਿੰਦ ਖੂੰਹਦ ਨੂੰ ਅੱਗ ਨਹੀਂ ਲਗਾਉਂਣੀ ਚਾਹੀਦੀ।