ਫਿਰੋਜ਼ਪੁਰ, 17 ਅਪ੍ਰੈਲ 2020 - ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਕਣਕ ਦੀ ਖ਼ਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਹਨ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਜ਼ਿਲ੍ਹੇ ਦੀਆਂ ਮੰਡੀਆਂ ਨੂੰ ਸੈਨੇਟਾਈਜ ਕੀਤਾ ਜਾ ਰਿਹਾ ਹੈ ਅਤੇ ਲੇਬਰ ਅਤੇ ਕਿਸਾਨਾਂ ਨੂੰ ਮਾਸਕ ਤੇ ਸੈਨੇਟਾਈਜ਼ਰ ਵੰਡੇ ਗਏ ਹਨ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਕਣਕ ਲੈ ਕੇ ਆਉਣ ਲਈ ਜ਼ਿਲ੍ਹੇ ਵਿਚ ਹੁਣ ਤੱਕ 4310 ਕਿਸਾਨਾਂ ਨੂੰ ਕਰਫ਼ਿਊ ਪਾਸ ਜਾਰੀ ਕੀਤੇ ਗਏ ਹਨ ਅਤੇ ਮੰਡੀਆਂ ਵਿਚ ਭੀੜ ਹੋਣ ਤੋਂ ਰੋਕਣ ਲਈ ਕਿਸਾਨਾਂ ਨੂੰ ਮੰਡੀਆਂ ਵਿਚ ਆਉਣ ਲਈ ਵੱਖਰੇ ਵੱਖਰੇ ਦਿਨ ਵੰਡੇ ਗਏ ਹਨ ਅਤੇ ਕਿਸਾਨ ਉਸ ਦੇ ਮੁਤਾਬਿਕ ਹੀ ਮੰਡੀਆਂ ਵਿਚ ਫ਼ਸਲ ਲੈ ਕੇ ਆ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਣਕ ਦੀ ਵਾਢੀ ਤੇ ਖ਼ਰੀਦ ਦੌਰਾਨ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਦੀ ਪਾਲਨਾ ਯਕੀਨੀ ਬਣਾਈ ਜਾ ਰਹੀ ਹੈ। ਸੋਸ਼ਲ ਡਿਸਟੈਂਸਿੰਗ ਨੂੰ ਬਣਾਏ ਰੱਖਣ ਲਈ ਮੰਡਿਆਂ ਵਿਚ ਵੱਖਰੇ ਵੱਖਰੇ ਬਲਾਕ ਤਿਆਰ ਕਰਵਾ ਕੇ ਮਾਰਕਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਪੀਣ ਵਾਲਾ ਪਾਣੀ ਤੇ ਪਖਾਨਿਆਂ ਦੇ ਵੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ 16 ਅਪ੍ਰੈਲ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 2419 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਤੇ 1083 ਮੀਟ੍ਰਿਕ ਟਨ ਦੀ ਖ਼ਰੀਦ ਹੋਈ ਹੈ, ਜਿਸ ਵਿਚੋਂ ਪਨਗਰੇਨ ਵੱਲੋਂ 58 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 295, ਪਨਸਪ ਵੱਲੋਂ 50, ਪੰਜਾਬ ਵੇਅਰਹਾਊਸ ਵੱਲੋਂ 628, ਐਫਸੀਆਈ ਵੱਲੋਂ 52 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਖ਼ਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਿਆ ਜਾਵੇਗਾ।