ਪੰਜਾਬ ਸਿਹਤ ਵਿਭਾਗ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਵਾਸਤੇ ਪੁਖਤਾ ਸਿਹਤ ਸਹੂਲਤਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਵਿਭਾਗ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਬਣਾਈ ਗਈ ਟੈਂਟ ਸਿਟੀ ਵਿੱਚ ਇੱਕ 10 ਬੈਡਾਂ ਵਾਲਾ ਹਸਪਤਾਲ ਤਿਆਰ ਕੀਤਾ ਜਾ ਰਿਹਾ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ੍ਰੀ ਅਮਰਦੀਪ ਸਿੰਘ ਚੀਮਾ , ਚੇਅਰਮੈਨ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਦੌਰਾਨ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀ ਟੈਂਟ ਸਿਟੀ ਦੀ ਫੇਰੀ ਦੌਰਾਨ ਕੀਤਾ।
ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਲਈ ਆ ਰਹੀਆਂ ਸੰਗਤਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸੇ ਗੱਲ ਨੂੰ ਧਿਆਨ ਚ ਰੱਖਦਿਆਂ ਸਿਹਤ ਵਿਭਾਗ ਵੱਲੋਂ ਪੂਰੇ ਜ਼ੋਰਾਂ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਡਾ ਲਖਵਿੰਦਰ ਸਿੰਘ ਅਠਵਾਲ, ਸੀਨੀਅਰ ਮੈਡੀਕਲ ਅਫ਼ਸਰ ਕਲਾਨੌਰ ਨੂੰ ਨੋਡਲ ਅਫਸਰ, ਸਿਹਤ ਸੇਵਾਵਾਂ ਵਜੋਂ ਡੇਰਾ ਬਾਬਾ ਨਾਨਕ ਵਿਖੇ ਤੈਨਾਤ ਕੀਤਾ ਗਿਆ ਹੈ । ਸ੍ਰੀ ਚੀਮਾ ਦੇ ਟੈਂਟ ਸਿਟੀ ਦੌਰੇ ਦੌਰਾਨ ਨੋਡਲ ਅਫ਼ਸਰ ਡਾ ਅਠਵਾਲ ਨੇ ਸਿਹਤ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਤੋਂ ਜਾਣੂ ਕਰਵਾਇਆ ।
ਚੇਅਰਮੈਨ ਸ੍ਰੀ ਚੀਮਾ ਨੇ ਦੱਸਿਆ ਕਿ ਟੈਂਟ ਸਿਟੀ ਵਿਚ ਬਣਾਏ ਜਾ ਰਹੇ ਹਸਪਤਾਲ ਵਿੱਚ ਇੱਕ 10 ਬੈਡਾਂ ਵਾਲਾ ਸਪੈਸ਼ਲ ਵਾਰਡ ਤਿਆਰ ਕੀਤਾ ਜਾਏਗਾ ਜਿੱਥੇ ਕਿ ਮਾਹਿਰ ਡਾਕਟਰਾਂ ਵੱਲੋਂ ਆਪਣੀਆਂ ਵਡਮੁੱਲੀਆਂ ਸੇਵਾਵਾਂ ਨਿਰੰਤਰ ਪ੍ਰਦਾਨ ਕੀਤੀਆਂ ਜਾਣਗੀਆਂ। ਸ੍ਰੀ ਚੀਮਾ ਨੇ ਦੱਸਿਆ ਕਿ ਨੋਡਲ ਅਫ਼ਸਰ ਡਾ ਅਠਵਾਲ ਅਤੇ ਸਿਵਲ ਸਰਜਨ ਗੁਰਦਾਸਪੁਰ ਡਾ ਕਿਸ਼ਨ ਚੰਦ ਵੱਲੋਂ ਟੈਂਟ ਸਿਟੀ ਚ ਸੇਵਾਵਾਂ ਦੇਣ ਵਾਲੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।
ਸ੍ਰੀ ਚੀਮਾ ਨੇ ਕਿਹਾ ਕਿ ਟੈਂਟ ਸਿਟੀ ਚ ਬਣਨ ਵਾਲੇ ਹਸਪਤਾਲ ਵਿਚ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਮੁਹੱਈਆ ਕਰਵਾਉਣ ਦੇ ਨਾਲ ਨਾਲ ਲੈਬਾਰਟਰੀ ਟੈਸਟ ਵੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਟੈਂਟ ਸਿਟੀ ਚ ਬਣਨ ਵਾਲੇ ਹਸਪਤਾਲ ਵਿੱਚ ਵਿਭਾਗ ਵੱਲੋਂ ਇੱਕ ਮਾਈਨਰ ਆਪ੍ਰੇਸ਼ਨ ਥੀਏਟਰ ਵੀ ਤਿਆਰ ਕੀਤਾ ਜਾਵੇਗਾ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਵੀ ਸਿਹਤ ਸਮੱਸਿਆ ਆਉਣ ਤੇ ਮੌਕੇ ਤੇ ਹੀ ਵਧੀਆ ਇਲਾਜ ਮੁਹੱਈਆ ਕਰਵਾਇਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਕਸਬਾ ਡੇਰਾ ਬਾਬਾ ਨਾਨਕ ਦੇ ਆਲੇ ਦੁਆਲੇ ਸਿਹਤ ਵਿਭਾਗ ਦੀਆਂ ਐਂਬੂਲੈਂਸਾਂ ਨੂੰ ਵੀ ਤੈਨਾਤ ਕੀਤਾ ਜਾਵੇਗਾ ਤਾਂ ਜੋ ਬਿਨਾਂ ਸਮਾਂ ਗਵਾਏ ਆ ਰਹੀਆਂ ਸੰਗਤਾਂ ਨੂੰ ਵਧੀਆ ਸਿਹਤ ਸਹੂਲਤਾਂ ਦਿੱਤੀਆਂ ਜਾ ਸਕਣ। ਚੇਅਰਮੈਨ ਸ੍ਰੀ ਚੀਮਾ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਡੇਰਾ ਬਾਬਾ ਨਾਨਕ ਤੋਂ ਇਲਾਵਾ ਸਰਕਾਰੀ ਹਸਪਤਾਲ ਕਲਾਨੌਰ ਵਿੱਚ ਵੀ ਸਿਹਤ ਸੇਵਾਵਾਂ ਦਾ ਪੁਖ਼ਤਾ ਪ੍ਰਬੰਧ ਰੱਖਿਆ ਜਾਵੇਗਾ ।
ਇਸ ਤੋਂ ਇਲਾਵਾ ਸ੍ਰੀ ਚੀਮਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕਰਤਾਰਪੁਰ ਸਾਹਿਬ ਦੇ ਲਈ ਬਣਾਈ ਗਈ ਡੇਰਾ ਬਾਬਾ ਨਾਨਕ ਵਿਖ਼ੇ ਇੰਟੀਗ੍ਰੇਟਿਡ ਚੈੱਕ ਪੋਸਟ ਵਿੱਚ ਵੀ ਇੱਕ ਮੈਡੀਕਲ ਪੋਸਟ ਤਿਆਰ ਕੀਤੀ ਜਾਵੇਗੀ ਜਿੱਥੇ ਕਿ ਮਾਹਿਰ ਡਾਕਟਰ ਅਤੇ ਹੋਰ ਸਿਹਤ ਅਮਲਾ ਹਰ ਵੇਲੇ ਮੌਜੂਦ ਰਹੇਗਾ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਚੈੱਕ ਪੋਸਟ ਵਿੱਚ ਹੀ 4 ਕਾਊਂਟਰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਤਿਆਰ ਕੀਤੇ ਜਾਣਗੇ । ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਲਈ ਪੋਲੀਓ ਰੋਕੂ ਬੂੰਦਾਂ ਪੀਣਾ ਲਾਜ਼ਮੀ ਹੋਵੇਗਾ ।
ਕੈਪਸ਼ਨ: ਚੇਅਰਮੈਨ ਸ੍ਰੀ ਚੀਮਾ ਟੈਂਟ ਸਿਟੀ ਵਿਖੇ ਬਣਨ ਵਾਲੇ ਹਸਪਤਾਲ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਨਾਲ ਹਨ ਨੋਡਲ ਅਫ਼ਸਰ ਡਾ ਲਖਵਿੰਦਰ ਸਿੰਘ ਅਠਵਾਲ।