- 'ਪੰਜਾਬ ਵਿੱਚ ਸਾਰੇ ਸਾਈਨ ਬੋਰਡਾਂ ਉੱਤੇ ਪੰਜਾਬੀ ਲਾਜ਼ਮੀ ਕਰਨ ਲਈ ਨਵਾਂ ਕਾਨੂੰਨ ਛੇਤੀ'
ਅੰਮ੍ਰਿਤਸਰ, 10 ਨਵੰਬਰ 2019 - ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਕਿਹਾ ਹੈ ਕਿ ਭਾਰਤ ਸਰਕਾਰ ਵਲੋਂ ਕਰਤਾਰਪੁਰ ਲਾਂਘੇ ਲਈ ਬਣਾਈ ਗਈ ਟਰਮੀਨਲ ਇਮਾਰਤ (ਇੰਟੈਗਰੇਟਡ ਚੈਕ ਪੋਸਟ) ਦੇ ਉਦਘਾਟਨੀ ਪੱਥਰ ਉੱਤੇ ਪੰਜਾਬੀ ਭਾਸ਼ਾ ਨੂੰ ਥਾਂ ਨਾ ਦਿੱਤੇ ਜਾਣ ਉੱਤੇ ਆਪਣਾ ਇਤਰਾਜ਼ ਜ਼ਾਹਰ ਕਰਦਿਆਂ ਕਿਹਾ ਹੈ ਕਿ ਸੂਬੇ ਵਿਚ ਕੇਂਦਰ ਸਰਕਾਰ ਦੇ ਹਰ ਪ੍ਰਾਜੈਕਟ ਦੇ ਨੀਂਹ ਪੱਥਰ ਅਤੇ ਸਾਈਨ ਬੋਰਡ ਉੱਤੇ ਦਿੱਤੀ ਜਾਣਕਾਰੀ ਸਭ ਤੋਂ ਪਹਿਲਾਂ ਪੰਜਾਬ ਦੀ ਸਰਕਾਰੀ ਭਾਸ਼ਾ ਪੰਜਾਬੀ ਵਿਚ ਦਿੱਤੀ ਜਾਣੀ ਚਾਹੀਦੀ ਹੈ। ਡੇਰਾ ਬਾਬਾ ਨਾਨਕ ਵਿਖੇ ਬਣੀ ਇਸ ਟਰਮੀਨਲ ਇਮਾਰਤ ਦਾ ਉਦਘਾਟਨ ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਦੀ ਹਾਜ਼ਰੀ ਵਿਚ ਰੱਖਿਆ ਸੀ।
ਭਾਸ਼ਾ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਸਬੰਧਤ ਮਹਿਕਮੇ ਨੂੰ ਚਾਹੀਦਾ ਹੈ ਕਿ ਇਸ ਗਲਤੀ ਨੂੰ ਤੁਰੰਤ ਸੁਧਾਰ ਲਿਆ ਜਾਵੇ ਤਾਂ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਮੌਕੇ ਖੋਲਿਆ ਗਏ ਕਰਤਾਰਪੁਰ ਲਾਂਘੇ ਦੀ ਇਸ ਟਰਮੀਨਲ ਇਮਾਰਤ ਦੇ ਨੀਂਹ ਪੱਥਰ ਉੱਤੇ ਬਾਬਾ ਨਾਨਕ ਦੀ ਬੋਲੀ ਨੂੰ ਥਾਂ ਮਿਲ ਸਕੇ।
ਸ਼੍ਰੀ ਬਾਜਵਾ ਨੇ ਕਿਹਾ ਕਿ ਮੁਲਕ ਦੇ ਸੰਵਿਧਾਨ ਵਿਚ ਪੰਜਾਬੀ ਸਮੇਤ ਦੇਸ਼ ਦੇ ਵੱਖ ਵੱਖ ਸੂਬਿਆਂ ਵਿਚ ਬੋਲੀਆਂ ਜਾਣ ਵਾਲੀਆਂ ੧੭ ਭਾਸ਼ਾਵਾਂ ਨੂੰ ਕੌਮੀ ਭਾਸ਼ਾਵਾਂ ਦਾ ਦਰਜਾ ਦਿੱਤਾ ਗਿਆ ਹੈ। ਇਸ ਲਈ ਕੇਂਦਰ ਸਰਕਾਰ ਦੇ ਸਾਰੇ ਮਹਿਕਮਿਆਂ ਨੂੰ ਚਾਹੀਦਾ ਹੈ ਕਿ ਉਹ ਸੰਵਿਧਾਨ ਦੀ ਫ਼ੈਡਰਲ ਭਾਵਨਾ ਦਾ ਸਤਿਕਾਰ ਕਰਦਿਆਂ ਆਪਣੇ ਸਾਰੇ ਪ੍ਰਾਜੈਕਟਾਂ ਦੇ ਨਾਮ, ਨੀਂਹ ਪੱਥਰ ਅਤੇ ਹੋਰ ਜਾਣਕਾਰੀ ਉਸ ਸੂਬੇ ਦੀ ਸਰਕਾਰੀ ਭਾਸ਼ਾ ਵਿਚ ਸਭ ਤੋਂ ਪਹਿਲਾਂ ਲਿਖਣ ਜਿਸ ਸੂਬੇ ਵਿਚ ਉਹ ਪ੍ਰਾਜੈਕਟ ਲਾਏ ਜਾ ਰਹੇ ਹੋਣ। ਉਹਨਾਂ ਕਿਹਾ ਕਿ ਇਸ ਨਾਲ ਮੁਲਕ ਦੀ ਸੰਪਰਕ ਭਾਸ਼ਾ ਹਿੰਦੀ ਅਤੇ ਕੌਮਾਂਤਰੀ ਸੰਪਰਕ ਭਾਸ਼ਾ ਅੰਗਰੇਜ਼ੀ ਦੇ ਨਾਲ ਨਾਲ ਮੁਲਕ ਦੀਆਂ ਹੋਰਨਾਂ ਭਾਸ਼ਾਵਾਂ ਦਾ ਲੋਂੜੀਦਾ ਪ੍ਰਚਾਰ ਪਾਸਾਰ ਵੀ ਹੋ ਸਕੇਗਾ।
ਸ਼੍ਰੀ ਬਾਜਵਾ ਨੇ ਦਸਿਆ ਕਿ ਛੇਤੀ ਹੀ ਪੰਜਾਬ ਵਿਚ ਇੱਕ ਨਵਾਂ ਕਾਨੂੰਨ ਲਿਆਂਦਾ ਜਾ ਰਿਹਾ ਹੈ ਜਿਸ ਦੇ ਲਾਗੂ ਹੋਣ ਨਾਲ ਸੂਬੇ ਦੇ ਸਾਰੇ ਸਰਕਾਰੀ ਤੇ ਗੈਰ ਸਰਕਾਰੀ ਅਦਾਰਿਆਂ, ਦੁਕਾਨਾਂ ਅਤੇ ਸ਼ੋਅ ਰੂਮਾਂ ਦੇ ਸਾਈਨ ਬੋਰਡਾਂ ਅਤੇ ਸੜਕਾਂ ਦੇ ਮੀਲ ਪੱਥਰਾਂ ਤੇ ਦਿਸ਼ਾ ਸੂਚਕ ਬੋਰਡਾਂ ਉੱਤੇ ਸਭ ਤੋਂ ਉਪਰ ਸਾਰੀ ਜਾਣਕਾਰੀ ਗੁਰਮੁਖੀ ਲਿਪੀ ਅਤੇ ਪੰਜਾਬੀ ਭਾਸ਼ਾ ਵਿਚ ਲ਼ਿਖੀ ਜਾਣੀ ਲਾਜ਼ਮੀ ਹੋ ਜਾਵੇਗੀ। ਉਹਨਾਂ ਦਸਿਆ ਕਿ ਪੰਜਾਬ ਸਰਕਾਰ ਵਲੋਂ ਇਹ ਕਾਨੂੰਨ ਬਣਾਉਣ ਲਈ ਮਹਾਰਾਸ਼ਟਰ, ਪੱਛਮੀ ਬੰਗਾਲ, ਕੇਰਲਾ, ਤਾਮਿਲਨਾਡੂ, ਕਰਨਾਟਕ ਅਤੇ ਆਂਧਰਾ ਪ੍ਰਦੇਸ਼ ਸੂਬਿਆਂ ਵਲੋਂ ਬਣਾਏ ਗਏ ਕਾਨੂੰਨਾਂ ਦਾ ਅਧਿਐਨ ਕੀਤਾ ਜਾ ਰਿਹਾ ਹੈ।