ਮਨਿੰਦਰਜੀਤ ਸਿੱਧੂ
- ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕਰਫ਼ਿਊ ਦੀ ਪਾਲਣਾ ਜਰੂਰੀ: ਡਾ. ਮਹਿਤਾਬ ਸਿੰਘ
ਜੈਤੋ, 30 ਅਪ੍ਰੈਲ 2020 -ਪੰਜਾਬ ’ਚ ਕੋਰੋਨਾ ਵਾਇਰਸ (ਕੋਵਿਡ-19) ਨੂੰ ਹੋਰ ਜ਼ਿਆਦਾ ਫੈਲਣ ਤੋਂ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੂਰੇ ਸੂਬੇ ਵਿਚ ਜੋ ਕਰਫ਼ਿਊ ਲਗਾਇਆ ਗਿਆ ਸੀ ਉਸ ਵਿੱਚ 2 ਹਫ਼ਤਿਆਂ ਦਾ ਹੋਰ ਵਾਧਾ ਕਰ ਦਿੱਤਾ ਗਿਆ ਹੈ। ਉਹਨਾਂ ਦੁਆਰਾ ਕੱਲ ਕਰਫ਼ਿਊ ਵਿੱਚ ਕੁੱਝ ਢਿੱਲ ਦੇਣ ਦੀ ਵੀ ਗੱਲ ਕਹੀ ਗਈ ਸੀ, ਪਰ ਜਿਲਾ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਦੁਆਰਾ ਹਾਲੇ ਤੱਕ ਕਰਫ਼ਿਊ ਵਿੱਚ ਕੋਈ ਵੀ ਢਿੱਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਜਿਸਦੇ ਚਲਦਿਆਂ ਸਬ-ਡਵੀਜ਼ਨ ਜੈਤੋ ਦੇ ਏ.ਐੱਸ.ਪੀ. ਡਾ. ਮਹਿਤਾਬ ਸਿੰਘ (ਆਈ.ਪੀ.ਐੱਸ.) ਅਤੇ ਐੱਸ.ਐੱਚ.ਓ. ਇੰਸਪੈਕਟਰ ਦਲਜੀਤ ਸਿੰਘ ਦੀ ਯੋਗ ਅਗਵਾਈ ਹੇਠ ਟ੍ਰੈਫ਼ਿਕ ਪੁਲਿਸ ਦੇ ਇੰਚਾਰਜ਼ ਏ.ਐੱਸ.ਆਈ. ਸਵਰਨਜੀਤ ਸਿੰਘ ਸੇਖੋਂ ਸਮੇਤ ਵੱਡੀ ਗਿਣਤੀ ਵਿਚ ਪੁਲੀਸ ਫੋਰਸ ਵੱਲੋਂ ਜੈਤੋ ਦੇ ਬਾਜ਼ਾਰਾਂ ’ਚ ਫ਼ਲੈਗ ਮਾਰਚ ਕੱਢਿਆ ਗਿਆ।
ਇਸ ਮੌਕੇ ਸਥਾਨਕ ਨਿਊ ਮਾਰਕਿਟ ਵਿਚ ਲੋਕਾਂ ਨੂੰ ਅਪੀਲ ਕਰਦੇ ਹੋਏ ਏ.ਐੱਸ.ਪੀ. ਡਾ. ਮਹਿਤਾਬ ਸਿੰਘ ਨੇ ਕਿਹਾ ਕਿ ਇਹ ਕਰਫ਼ਿਊ ਕੋਰੋਨਾ ਵਾਇਰਸ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਲਗਾਇਆ ਗਿਆ ਹੈ ਤਾਂ ਜੋ ਪੰਜਾਬ ਵਾਸੀਆਂ ਨੂੰ ਇਸ ਮਹਾਂਮਾਰੀ ਤੋਂ ਬਚਾਇਆ ਜਾ ਸਕੇ। ਪੂਰੇ ਵਿਸ਼ਵ ਦੇ ਡਾਕਟਰਾਂ ਦੀ ਜੇਕਰ ਮੰਨੀਏ ਤਾਂ ਉਹਨਾਂ ਦਾ ਕਹਿਣਾ ਹੈ ਕਿ ਲੋਕਾਂ ਦਾ ਆਪਸੀ ਸੰਪਰਕ ਤੋੜ ਕੇ ਹੀ ਬਿਮਾਰੀ ਤੋਂ ਬਚਾਇਆ ਜਾ ਸਕਦਾ ਹੈ। ਉਨ੍ਹਾਂ ਇਲਾਕੇ ਦੇ ਸਮੂਹ ਵਸਨੀਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਕਰਫਿਊ ਦੌਰਾਨ ਪੂਰਾ ਸਹਿਯੋਗ ਕਰਨ ਅਤੇ ਆਪਣੇ ਘਰਾਂ ਤੋਂ ਬਿਲਕੁੱਲ ਵੀ ਬਾਹਰ ਨਾ ਆਉਣ। ਇਸ ਮੌਕੇ ਐੱਸ.ਐੱਚ.ਓ. ਇੰਸਪੈਕਟਰ ਦਲਜੀਤ ਸਿੰਘ ਨੇ ਦੱਸਿਆ ਕਿ ਇਹ ਫ਼ਲੈਗ ਮਾਰਚ ਜਨਤਾ ਦੀ ਸੁਰੱਖਿਆ ਲਈ ਕੱਢਿਆ ਗਿਆ ਹੈ ਅਤੇ ਕਿਸੇ ਨੂੰ ਵੀ ਅਮਨ ਕਾਨੂੰਨ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਪੁਲਿਸ ਸਾਰੀ ਸਥਿਤੀ ’ਤੇ ਬਾਜ਼ ਨਜ਼ਰ ਰੱਖ ਰਹੀ ਹੈ ਅਤੇ ਇਲਾਕੇ ਵਿਚ ਲਗਾਤਾਰ ਗਸ਼ਤ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਸੁਰੱਖਿਅਤ ਰੱਖ ਕੇ ਤੁਸੀਂ ਆਪ ਤੇ ਆਪਣੇ ਆਲੇ-ਦੁਆਲੇ ਇਸ ਰੋਗ ਨੂੰ ਫੈਲਣ ਤੋਂ ਰੋਕ ਸਕਦੇ ਹੋ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਤੇ ਸਰਕਾਰ ਵੱਲੋਂ ਜਨਤਾ ਦੇ ਬਚਾਅ ਲਈ ਦਿੱਤੀਆਂ ਜਾ ਰਹੀਆਂ ਹਦਾਇਤਾਂ ਅਤੇ ਸੁਝਾਵਾਂ ਦਾ ਨਿਰੰਤਰ ਪਾਲਣ ਕਰਕੇ ਇਸ ਮਹਾਂਮਾਰੀ ਤੋਂ ਬਚਾਅ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਡਰਨ ਦੀ ਨਹੀਂ ਬਲਕਿ ਸੁਚੇਤ ਰਹਿਣ ਦੀ ਜ਼ਰੂਰਤ ਹੈ। ਡਾ. ਮਹਿਤਾਬ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵਿਅਕਤੀ ਉਨ੍ਹਾਂ ਦੇ ਆਲੇ-ਦੁਆਲੇ ਕਿਸੇ ਬਾਹਰੀ ਸੂਬੇ ਤੋਂ ਆ ਰਿਹਾ ਹੈ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ, ਨਾਲ ਹੀ ਉਸ ਵਿਅਕਤੀ ਤੋਂ ਦੂਰੀ ਬਣਾ ਕਿ ਰੱਖੀ ਜਾਵੇ।