ਨਵੀਂ ਦਿੱਲੀ, 5 ਅਗਸਤ 2019 - ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਦੇ ਫ਼ੈਸਲੇ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਦੇਸ਼ ਦੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪ੍ਰਮੁੱਖ ਸਕੱਤਰਾਂ, ਡੀ. ਜੀ. ਪੀ. ਅਤੇ ਪੁਲਿਸ ਕਮਿਸ਼ਨਰਾਂ ਨੂੰ ਹੁਕਮ ਜਾਰੀ ਕਰਦਿਆਂ ਸੁਰੱਖਿਆ ਸਥਿਤੀ ਨੂੰ ਲੈ ਕੇ ਹਾਈ ਅਲਰਟ 'ਤੇ ਰਹਿਣ ਦਾ ਹੁਕਮ ਦਿੱਤਾ ਹੈ।
ਗ੍ਰਹਿ ਮੰਤਰਾਲੇ ਨੇ ਖ਼ਾਸ ਤੌਰ 'ਤੇ ਦੇਸ਼ ਭਰ 'ਚ ਜੰਮੂ-ਕਸ਼ਮੀਰ ਦੇ ਵਸਨੀਕਾਂ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਦਾ ਵਿਸ਼ੇਸ਼ ਧਿਆਨ ਦੇਣ ਦਾ ਹੁਕਮ ਦਿੱਤਾ ਹੈ।
ਉਥੇ ਹੀ ਅੱਜ ਸਰਕਾਰ ਦੇ ਫ਼ੈਸਲੇ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਅੰਦਰ ਵਿਦਿਆਰਥੀ ਜਥੇਬੰਦੀਆਂ ਐੱਸ. ਐੱਫ. ਐੱਸ., ਐੱਸ. ਐੱਫ. ਆਈ. ਅਤੇ ਸੱਥ ਵਲੋਂ ਧਾਰਾ 370 ਨੂੰ ਹਟਾਉਣ ਦੇ ਫ਼ੈਸਲੇ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਉੱਥੇ ਹੀ ਜਥੇਬੰਦੀ ਏ. ਬੀ. ਵੀ. ਪੀ. ਨੇ ਸਰਕਾਰ ਦੇ ਇਸ ਫ਼ੈਸਲੇ ਦਾ ਸਮਰਥਨ ਕੀਤਾ। ਇਸੇ ਨੂੰ ਲੈ ਕੇ ਇਨ੍ਹਾਂ ਜਥੇਬੰਦੀਆਂ ਵਿਚਾਲੇ ਝੜਪ ਹੋ ਗਈ। ਹਾਲਾਂਕਿ ਇਸ ਦੌਰਾਨ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ।