ਦਿਨੇਸ਼
ਗੁਰਦਾਸਪੁਰ, 6 ਮਈ 2020- ਬੁੱਧਵਾਰ ਨੂੰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਗੁਰਦਾਸਪੁਰ ਵਿਖੇ ਪਹੁੰਚੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਕੋਵਿਡ-19 ਦੀ ਰੋਕਥਾਮ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ, ਚੇਅਰਮੈਨ ਐੱਸ.ਐੱਸ.ਬੋਰਡ ਪੰਜਾਬ ਰਮਨ ਬਹਿਲ ਅਤੇ ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਸਮੇਤ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਮੁਖੀ ਹਾਜ਼ਰ ਸਨ। ਇਸ ਤੋਂ ਪਹਿਲਾਂ ਕੈਬਿਨੇਟ ਮੰਤਰੀ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਪਠਾਨਕੋਟ ਵਿਖੇ ਹੋ ਕੇ ਆਏ ਸਨ ਅਤੇ ਗੁਰਦਾਸਪੁਰ ਦਾ ਜਾਇਜ਼ਾ ਲੈਣ ਉਪਰੰਤ ਅੰਮ੍ਰਿਤਸਰ ਵੱਲ ਰਵਾਨਾ ਹੋ ਗਏ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸਿੱਧੂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਪੰਜਾਬ ਵਿਚ ਰਹਿੰਦੇ ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਲਈ ਵਿਸ਼ੇਸ਼ ਯਤਨ ਕੀਤੇ ਗਏ ਹਨ ਅਤੇ ਪੰਜਾਬ ਸਰਕਾਰ ਵੱਲੋਂ ਪਹਿਲੇ ਗੇੜ ਵਿਚ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਸੂਬਿਆਂ 'ਚ ਭੇਜਣ ਲਈ ਭਾਰਤੀ ਰੇਲਵੇ ਦੁਆਰਾ ਤੈਅ ਰੇਲ ਆਵਾਜਾਈ ਦੀ ਲਾਗਤ ਦੇ ਆਪਣੇ ਹਿੱਸੇ ਵਜੋਂ 35 ਕਰੋੜ ਰੁਪਏ ਦੀ ਪ੍ਰਵਾਨਗੀ ਦਿੱਤੀ ਗਈ ਹੈ ਤੇ ਜਲਦ ਉਨ੍ਹਾਂ ਦੀ ਘਰ ਵਾਪਸੀ ਹੋ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੋਨੀਆ ਗਾਂਧੀ, ਕੌਮੀ ਪ੍ਰਧਾਨ ਕਾਂਗਰਸ ਪਾਰਟੀ ਵੱਲੋਂ ਕਿਹਾ ਗਿਆ ਹੈ ਕਿ ਕਾਂਗਰਸ ਪਾਰਟੀ ਅਤੇ ਕਾਂਗਰਸ ਪਾਰਟੀ ਦੀਆਂ ਸੂਬਾ ਸਰਕਾਰਾਂ ਪਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਦਾ ਖਰਚਾ ਉਠਾਉਣਗੀਆਂ। ਉਨ੍ਹਾਂ ਕਿਹਾ ਕਿ ਪਰਵਾਸੀ ਮਜ਼ਦੂਰਾਂ ਦਾ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿਚ ਬਹੁਤ ਯੋਗਦਾਨ ਹੈ ਅਤੇ ਸਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਉਨ੍ਹਾਂ ਨੂੰ ਬਿਨਾਂ ਮੁਸ਼ਕਿਲ ਦੇ ਉਨ੍ਹਾਂ ਦੇ ਘਰਾਂ ਤਕ ਪਹੁੰਚਾਈਏ, ਜਿਸ ਸਬੰਧੀ ਲੋੜੀਂਦੇ ਕਦਮ ਪੁੱਟੇ ਗਏ ਹਨ।
ਪ੍ਰਵਾਸੀ ਮਜ਼ਦੂਰਾਂ ਦੇ ਵਾਪਸ ਜਾਣ ਮਗਰੋਂ ਝੋਨੇ ਦੀ ਬਿਜਾਈ ਅਤੇ ਲੇਬਰ ਸਬੰਧੀ ਆਉਣ ਵਾਲੀਆਂ ਮੁਸ਼ਕਲਾਂ ਸਬੰਧੀ ਇੱਕ ਸਵਾਲ ਦਾ ਜਵਾਬ ਦਿੰਦਿਆਂ ਮੰਤਰੀ ਸਿੱਧੂ ਨੇ ਕਿਹਾ ਕਿ ਸੂਬੇ ਦੀ ਤਰੱਕੀ ਵਿੱਚ ਪ੍ਰਵਾਸੀ ਲੋਕਾਂ ਦਾ ਵੱਡਾ ਯੋਗਦਾਨ ਹੈ। ਪਰ ਇਹ ਲੋਕ ਪਿਛਲੇ ਲੰਮੇ ਸਮੇਂ ਤੋਂ ਇੱਥੇ ਆਏ ਹੋਏ ਹਨ। ਇਸ ਦੇ ਨਾਲ ਹੀ ਮੌਜੂਦਾ ਹਲਾਤਾਂ 'ਚ ਹਰੇਕ ਬੰਦਾ ਆਪਣੇ ਪਰਿਵਾਰ ਵਿੱਚ ਹੀ ਰਹਿਣ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਇਹ ਲੋਕ ਪੰਜਾਬ ਅੰਦਰ ਝੋਨੇ ਦੀ ਬਿਜਾਈ ਤੱਕ ਆਪਣੇ ਪਰਿਵਾਰ ਨੂੰ ਮਿਲਣ ਕੇ ਪਰਤ ਆਉਣਗੇ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ ਝੋਨੇ ਦੀ ਬਿਜਾਈ ਸਬੰਧੀ ਪੂਰਾ ਰੋਡ ਮੈਪ ਤਿਆਰ ਹੈ ਅਤੇ ਸੂਬੇ ਦੇ ਕਿਸਾਨਾਂ ਨੂੰ ਇਸ ਸਬੰਧੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਇਕ ਸਵਾਲ ਦੇ ਜਵਾਬ ਵਿਚ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਤੋ ਪਰਤੇ ਸਾਰੇ ਸ਼ਰਧਾਲੂਆਂ ਨੂੰ ਬਹੁਤ ਵਧੀਆ ਤਰੀਕੇ ਨਾਲ ਠਹਿਰਾਉਣ ਦੇ ਪ੍ਰਬੰਧ ਕੀਤੇ ਗਏ ਹਨ ਅਤੇ ਜਿਨ੍ਹਾਂ ਸ਼ਰਧਾਲੂਆਂ ਦੀ ਰਿਪੋਰਟ ਕੋਰੋਨਾ ਪੋਜ਼ਟਿਵ ਆਈ ਹੈ। ਉਨ੍ਹਾਂ ਨੂੰ ਹਸਪਤਾਲਾਂ ਦੇ ਆਈਸ਼ੋਲੇਸ਼ਨ ਵਾਰਡਾਂ ਵਿਚ ਰੱਖਿਆ ਕੇ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਸ਼ਾਮ ਤਕ ਸਾਰੀ ਸੰਗਤ ਦੇ ਕੋਰੋਨਾ ਵਾਇਰਸ ਬਿਮਾਰੀ ਦੀ ਸੈਂਪਲਿੰਗ ਹੋ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜੋ ਸ਼ਰਧਾਲੂਆਂ ਵੱਖ-ਵੱਖ ਜ਼ਿਲ੍ਹਿਆਂ ਵਿਚ ਬਣੇ ਇਕਾਂਤਵਾਸ ਕੇਂਦਰਾਂ ਵਿਚ ਠਹਿਰਾਏ ਗਏ ਹਨ ਉਨ੍ਹਾਂ ਦੇ ਰਹਿਣ ਅਤੇ ਖਾਣੀ ਪੀਣ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸੇ ਤਰਾਂ ਬਾਹਰਲੇ ਸੂਬਿਆਂ ਤੋਂ ਪੰਜਾਬ ਪਹੁੰਚੀ ਤਿੰਨ ਹਜ਼ਾਰ ਦੇ ਕਰੀਬ ਲੇਬਰ ਦੀ ਵੀ ਸੈਂਪਲਿੰਗ ਕੀਤੀ ਜਾ ਰਹੀ ਹੈ ਤੇ ਇਨ੍ਹਾਂ ਵਿਚੋਂ ਦੋ-ਤਿੰਨ ਫ਼ੀਸਦੀ ਹੀ ਪੋਜ਼ਟਿਵ ਰਿਪੋਰਟ ਸਾਹਮਣੇ ਆਈ ਹੈ ਤੇ ਕੋਟਾ ਤੋਂ ਆਏ ਵਿਦਿਆਰਥੀਆਂ ਵਿਚ ਨਾ ਮਾਤਰ ਪੋਜ਼ਟਿਵ ਕੇਸ ਵੇਖਣ ਨੂੰ ਮਿਲੇ ਹਨ। ਪਰ ਨਾਲ ਹੀ ਉਨ੍ਹਾਂ ਕਿਹਾ ਕਿ ਸਾਰਿਆਂ ਦੀ ਸੈਂਪਲਿੰਗ ਕਰਨ ਤੋਂ ਇਲਾਵਾ ਸਾਰਿਆਂ ਨੂੰ ਇਕਾਂਤਵਾਸ ਕੇਂਦਰਾਂ ਵਿਚ ਰੱਖਿਆ ਜਾਵੇਗਾ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਤਹਿਤ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਸਿੱਧੂ ਨੇ ਅੱਗੇ ਕਿਹਾ ਕਿ ਹਸਪਤਾਲਾਂ ਵਿਚ ਮਰੀਜ਼ਾਂ ਦੇ ਇਲਾਜ ਕਰ ਰਹੇ ਮੈਡੀਕਲ ਸਟਾਫ਼ ਲਈ ਲੋੜੀਂਦੀਆਂ ਸਾਰੀਆਂ ਸਹੂਲਤਾਂ, ਜਿਨ੍ਹਾਂ ਵਿਚ ਪੀ.ਪੀ.ਈ.ਕਿੱਟਾਂ, ਮਾਸਕ, ਮੈਡੀਕਲ ਯੰਤਰ ਆਦਿ ਦੇ ਸਾਰੇ ਲੋੜੀਂਦੇ ਪ੍ਰਬੰਧ ਮੌਜੂਦ ਹਨ ਅਤੇ ਜਿੱਥੇ ਵੀ ਹੋਰ ਮੈਡੀਕਲ ਸਹੂਲਤਾਂ ਦੀ ਲੋੜ ਪੈਂਦੀ ਹੈ ਓਥੇ ਜ਼ਰੂਰਤ ਮੁਤਾਬਿਕ ਲੋੜ ਪੂਰੀ ਕੀਤੀ ਜਾ ਰਹੀ ਹੈ। ਸਿੱਧੂ ਨੇ ਅੱਗੇ ਦੱਸਿਆ ਕਿ ਅੱਜ ਉਨ੍ਹਾਂ ਵੱਲੋਂ ਵੱਖ-ਵੱਖ ਜ਼ਿਲਿਆਂ ਦਾ ਦੌਰਾ ਕੀਤਾ ਗਿਆ ਤੇ ਗੁਰਦਾਸਪੁਰ ਆਉਣ ਦਾ ਮਕਸਦ ਵੀ ਇਹੀ ਹੈ ਕਿ ਕੋਵਿਡ-19 ਦੀ ਰੋਕਥਾਮ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀ ਪ੍ਰਬੰਧ ਕੀਤੇ ਗਏ ਹਨ ਅਤੇ ਸਿਹਤ ਵਿਭਾਗ ਵੱਲੋਂ ਕੋਵਿਡ-19 ਦੀ ਰੋਕਥਾਮ ਲਈ ਕੀ ਕਦਮ ਉਠਾਏ ਜਾ ਰਹੇ ਹਨ ਇਸ ਦੀ ਸਮੀਖਿਆ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਕੋਵਿਡ-19 ਦੀ ਰੋਕਥਾਮ ਲਈ ਕੀਤੀਆਂ ਤਿਆਰੀਆਂ ਤੇ ਪ੍ਰਬੰਧਾਂ ਤੋਂ ਸੰਤੁਸ਼ਟ ਹਨ ਅਤੇ ਡਿਪਟੀ ਕਮਿਸ਼ਨਰ ਦੀ ਅਗਵਾਈ ਵਿਚ ਸਮੁੱਚੀ ਟੀਮ ਕੋਵਿਡ 19 ਦੀ ਰੋਕਥਾਮ ਲਈ ਸ਼ਲਾਘਾਯੋਗ ਕੰਮ ਕਰ ਰਹੀ ਹੈ।