ਕਾਨੂੰਨਾਂ ਦੀ ਵਾਪਸੀ ਤੱਕ ਕਿਸਾਨ ਦਿੱਲੀ ਦੀਆਂ ਬਰੂਹਾਂ ਤੇ ਡਟੇ ਰਹਿਣਗੇ : ਕਾਮਰੇਡ ਮੇਜਰ ਸਿੰਘ ਪੁੰਨਾਂਵਾਲ
ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 21 ਨਵੰਬਰ, 2021: ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਤਿੰਨ ਖੇਤੀ ਮਾਰੂ ਕਾਨੂੰਨਾਂ ਨੂੰ ਵਾਪਸ ਲੈਣ ਅਤੇ ਦੇਸ਼ ਦੀ ਜਨਤਾ ਤੋਂ ਮੁਆਫ਼ੀ ਮੰਗਣ ਦੇ ਫ਼ੈਸਲੇ ਦਾ ਸੰਯੁਕਤ ਕਿਸਾਨ ਮੋਰਚਾ ਦੇ ਮੈਂਬਰ ਕਾਮਰੇਡ ਮੇਜਰ ਸਿੰਘ ਪੁੰਨਾਂਵਾਲ ਨੇ ਸਵਾਗਤ ਕਰਦਿਆਂ ਇਸ ਨੂੰ ਕਿਸਾਨ ਸੰਘਰਸ਼ ਦੀ ਜਿੱਤ ਦੱਸਦਿਆਂ ਕਿਹਾ ਕਿ ਕਿਸਾਨ ਸੰਘਰਸ਼ ਨੂੰ ਹਰੇਕ ਵਰਗ ਵੱਲੋਂ ਦਿੱਤੇ ਜਾ ਰਹੇ ਸਮਰਥਨ ਕਾਰਨ ਭਾਜਪਾ ਨੇ ਆਪਣਾ ਸਿਆਸੀ ਆਧਾਰ ਖ਼ਤਮ ਹੁੰਦਾ ਵੇਖ ਕੇ ਇਹ ਫ਼ੈਸਲਾ ਲਿਆ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਨੇ ਭਾਜਪਾ ਨੂੰ ਗੋਡੇ ਟੇਕਣ ਲਈ ਮਜਬੂਰ ਕਰ ਦਿੱਤਾ ਹੈ। ਕਾਮਰੇਡ ਪੁੰਨਾਂਵਾਲ ਨੇ ਕਿਹਾ ਕਿ ਇਕ ਸਾਲ ਤੋਂ ਵੀ ਵਧੇਰੇ ਸਮੇਂ ਤੋਂ ਕਿਸਾਨਾਂ ਨੂੰ ਦਿੱਲੀ ਦੀਆਂ ਬਰੂਹਾਂ ’ਤੇ ਬੈਠਿਆਂ ’ਤੇ ਹੋ ਗਿਆ ਹੈ ਅਤੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦੀ ਦਾ ਜਾਮ ਪੀਣ ਵਾਲੇ ਯੋਧਿਆਂ ਦੀਆਂ ਸ਼ਹਾਦਤਾ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨਾਂ ਨੂੰ ‘ਅੱਤਵਾਦੀ-ਵੱਖਵਾਦੀ’ ਦੱਸਣ ਵਾਲੇ ਪ੍ਰਧਾਨ ਮੰਤਰੀ ਨੂੰ ਅੱਜ ਕਿਵੇਂ ਮੁਆਫੀ ਮੰਗਣੀ ਯਾਦ ਆ ਗਈ।
ਸ਼੍ਰੀ ਮੇਜਰ ਸਿੰਘ ਪੁੰਨਾਂਵਾਲ ਨੇ ਕਿਹਾ ਕਿ ਅੰਦਰੂਨੀ ਗੁਪਤ ਰਿਪੋਰਟਾਂ ਮੁਤਾਬਿਕ ਸੰਯੁਕਤ ਕਿਸਾਨ ਮੋਰਚੇ ਦੀ ਦੇਸ਼ ਭਰ ’ਚ ਵਧ ਰਹੀ ਮਕਬੂਲੀਅਤ ਅਤੇ ਯੂ. ਪੀ. ਅਤੇ ਪੰਜਾਬ ਚੋਣਾਂ ’ਚ ਕਰਾਰੀ ਹਾਰ ਦੀਆਂ ਸੂਚਨਾਵਾਂ ਕਾਰਨ ਭਾਜਪਾ ਨੂੰ ਤਿੰਨੇ ਕਾਨੂੰਨ ਵਾਪਸ ਲੈਣ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਦੌਰਾਨ ਜ਼ਿਮਨੀ ਚੋਣਾਂ ਦੇ ਨਤੀਜਿਆਂ ਨੇ ਵੀ ਭਾਜਪਾ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਦੇਸ਼ਵਾਸੀਆਂ ਨਾਲ ਕੀਤੀਆਂ ਜ਼ਿਆਦਤੀਆਂ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਦੇ ਬਾਰਡਰ ਖਾਲੀ ਕਰਨ ਦੀ ਕੀਤੀ ਅਪੀਲ ਨੂੰ ਦਰਕਿਨਾਰ ਕਰਦਿਆਂ ਕਿਹਾ ਕਿ ਜਿੰਨੀ ਦੇਰ ਤੱਕ ਸੈਸ਼ਨ ਬੁਲਾ ਕੇ ਇਹ ਬਿੱਲ ਰੱਦ ਕਰਨ, ਐੱਮ.ਐੱਸ.ਪੀ. ਕਾਨੂੰਨ ਬਣਾਉਣ, ਝੂਠੇ ਪਰਚੇ ਰੱਦ ਕਰਨ ਅਤੇ ਬਿਜਲੀ ਕਾਨੂੰਨ 2020 ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਨਹੀਂ ਹੁੰਦੀ, ਓਨੀ ਦੇਰ ਤੱਕ ਕਿਸਾਨ ਦਿੱਲੀ ਦੀਆਂ ਬਰੂਹਾਂ ’ਤੇ ਹੀ ਪੱਕੇ ਮੋਰਚਿਆਂ 'ਚ ਡਟੇ ਰਹਿਣਗੇ।