ਕਿਰਤ ਕਾਨੂੰਨਾਂ ਵਿੱਚ ਸੋਧਾਂ ਤੇ ਖੇਤੀ ਕਾਨੂੰਨ ਖੇਤ ਮਜ਼ਦੂਰਾਂ ਨੂੰ ਗੁਲਾਮ ਬਣਾਉਣਗੇ - ਨਸਰਾਲੀ
ਅਸ਼ੋਕ ਵਰਮਾ
ਬਠਿੰਡਾ, 9 ਮਈ 2021 - ਕੇਂਦਰ ਦੀ ਮੋਦੀ ਹਕੂਮਤ ਵੱਲੋਂ ਕਿਰਤ ਕਾਨੂੰਨਾਂ ਵਿੱਚ ਕੀਤੀਆਂ ਸੋਧਾਂ ਅਤੇ ਖੇਤੀ ਸਬੰਧੀ ਬਣਾਏ ਕਾਲੇ ਕਾਨੂੰਨ ਖੇਤ ਮਜ਼ਦੂਰਾਂ ਤੇ ਗਰੀਬ ਕਿਸਾਨਾਂ ਨੂੰ ਅਰਧ-ਗੁਲਾਮ ਬਨਾਉਣ ਦਾ ਕਾਰਗਰ ਸਾਧਨ ਬਣਨਗੇ ਅਤੇ ਸਾਮਰਾਜੀ ਮੁਲਕਾਂ ਤੇ ਕਾਰਪੋਰੇਟ ਘਰਾਣਿਆਂ ਨੂੰ ਆਪਦੇ ਮੁਨਾਫਿਆ ਵਿੱਚ ਹੋਰ ਵੀ ਵਾਧਾ ਕਰਨ ਦਾ ਸੁਨਿਹਰੀ ਮੌਕਾ ਦੇਣਗੇ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਪਿੰਡ ਜਿਉਂਦ ਵਿੱਚ ਮਜ਼ਦੂਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਨੇ ਕੀਤਾ। ਇਹ ਮੀਟਿੰਗ 18 ਮਈ ਨੂੰ ਮਜਦੁਰ ਜੱਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਡੀਸੀ ਬਠਿੰਡਾ ਦੇ ਦਫਤਰ ਅੱਗੇ ਦਿੱਤੇ ਜਾ ਰਹੇ ਧਰਨੇ ਦੀ ਨੂੰ ਕਾਮਯਾਬ ਕਰਨ ਲਈ ਕੀਤੀ ਗਈ।
ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਨੇ ਸਬੋਧਨ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਸੰਘਰਸ਼ਾ ਰਾਹੀਂ ਹਾਸਲ ਕੀਤੇ ਹੱਕਾਂ ਨੂੰ ਇੱਕੋ ਝਟਕੇ ਨਾਲ ਖਤਮ ਕਰਕੇ ਸਰਮਾਏਦਾਰਾਂ ਨੂੰ ਮਜਦੁਰਾਂ ਦੀ ਬੇਕਿਰਕੀ ਨਾਲ ਲੁੱਟ-ਖਸੁੱਟ ਕਰਨ ਦੀਆਂ ਖੁਲ੍ਹੀਆਂ ਛੁੱਟੀਆਂ ਦੇਣ ਦੇ ਨਾਲ ਹੀ ਮਜ਼ਦੂਰਾਂ ਦੀ ਸਮਾਜਿਕ ਸੁਰੱਖਿਆ ਅਤੇ ਯੂਨੀਅਨ ਬਣਾਉਣ ਦੇ ਹੱਕ ਨੂੰ ਵੀ ਖਤਮ ਕਰ ਦਿੱਤਾ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਤਿੱਖੀ ਅਲੋਚਨਾ ਕਰਦਿਆਂ ਕਿਹਾ ਕਿ ਉਹ ਚੋਣਾਂ ਵਿੱਚ ਮਜ਼ਦੂਰਾਂ ਦੇ ਕਰਜ਼ੇ ਮਾਫ ਕਰਨ ,ਘਰ-ਘਰ ਨੌਕਰੀ ਦੇਣ,ਪਲਾਟ ਦੇਣ ਅਤੇ ਮਜ਼ਦੂਰਾਂ ਨੂੰ ਸਸਤੀ ਬਿਜਲੀ ਦੇਣ ਆਦਿ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਜਾਏ ਵੋਟਾਂ ਬਟੋਰਨ ਲਈ ਨਾ-ਮਾਤਰ ਰਾਹਤ ਸਕੀਮਾਂ ਦੇ ਐਲਾਨ ਕਰਕੇ ਵਕਤ ਟਪਾ ਰਹੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਇਨਾਂ ਨੀਤੀਆਂ ਨੂੰ ਕਿਸੇ ਵੀ ਕੀਮਤ 'ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਮਜ਼ਦੂਰਾਂ ਨੂੰ ਖੇਤੀ ਕਾਨੂੰਨ ਤੇ ਕਿਰਤ ਕਾਨੂੰਨਾਂ ਵਿੱਚ ਕੀਤੀਆਂ ਸੋਧਾਂ ਨੂੰ ਰੱਦ ਕਰਵਾਉਣ, ਕਰਜੇ ਤੇ ਬਿਜਲੀ ਬਿੱਲਾਂ ਦੀ ਮਾਫੀ ਕਰਾਉਣ,ਲੋੜਵੰਦ ਪਰਿਵਾਰਾਂ ਨੂੰ ਪਲਾਟ ਲੈਣ ਅਤੇ ਸਰਵਜਨਕ ਜਨਤਕ ਵੰਡ ਪ੍ਰਣਾਲੀ ਨੂੰ ਮਜਬੂਤ ਕਰਨ ਆਦਿ ਮੰਗਾਂ ਦੀ ਪ੍ਰਾਪਤੀ ਲਈ ਇੱਕਜੁਟ ਹੋਕੇ ਸੰਘਰਸ਼ਾਂ ਦੇ ਰਾਹ ਪੈਣ ਦਾ ਸੱਦਾ ਦਿੱਤਾ । ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਗੁਲਾਬ ਸਿੰਘ ਨੇ ਮਜਦੁਰਾਂ ਦੀ ਹਰ ਪੱਖੋਂ ਮਦਦ ਕਰਨ ਦਾ ਭਰੋਸਾ ਦਿੱਤਾ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਦੂਲ ਸਿੰਘ,ਭਾਨਾ ਸਿੰਘ ,ਗੁਰਨਾਮ ਸਿੰਘ, ਰਾਣੀ ਕੌਰ, ਹਰਪਾਲ ਸਿੰਘ,ਜੱਸਾ ਸਿੰਘ ,ਕਾਜਾ ਸਿੰਘ , ਜੰਟਾ ਸਿੰਘ ,ਡੀਸੀ ਸਿੰਘ ਆਦਿ ਆਗੂ ਵੀ ਸ਼ਾਮਲ ਸਨ।