ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 8 ਜਨਵਰੀ 2021 - ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅੱਜ ਸੁਲਤਾਨਪੁਰ ਲੋਧੀ ਵਿੱਚ ਕਿਸਾਨਾਂ ਵੱਲੋਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਦੇ ਕਾਫਲੇ ਦਾ ਕਾਲੇ ਝੰਡਿਆਂ ਨਾਲ ਕੀਤਾ ਵਿਰੋਧ। ਇਸ ਸਮੇਂ ਦੌਰਾਨ ਕਿਸਾਨਾਂ ਨੇ ਜ਼ਬਰਦਸਤ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਡਿਪਟੀ ਚੀਫ, ਸੁਖਪ੍ਰੀਤ ਸਿੰਘ, ਤਰਸੇਮ ਸਿੰਘ ਸਾਬੀ ਗਿੱਦੜਪਿੰਡੀ, ਹਰਨੇਕ ਸਿੰਘ ਖਿੰਡਾ, ਜਸਪਾਲ ਸਿੰਘ ਖਿੰਡਾ, ਨਰਿੰਦਰ ਸਿੰਘ, ਸੁਖਦੇਵ ਸਿੰਘ ਗਿੱਦੜਪਿੰਡੀ ਆਦਿ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਖੇਤੀਬਾੜੀ ਕਾਨੂੰਨਾਂ ਬਾਰੇ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ। ਜਦੋਂ ਕਿ ਇਹ ਕਾਨੂੰਨ ਉਨ੍ਹਾਂ ਦੀ ਸਰਕਾਰ ਦੇ ਸਮੇਂ ਤੌਂ ਹੀ ਬਣਾਇਆ ਜਾ ਰਿਹਾ ਸੀ, ਅਤੇ ਇਸ ਵਿੱਚ ਉਨ੍ਹਾਂ ਦੀ ਪੂਰੀ ਸਹਿਮਤੀ ਹੈ।
ਉਨ੍ਹਾਂ ਕਿਹਾ ਕਿ ਸਾਡੀ ਲੜਾਈ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਹੈ ਅਤੇ ਬਾਦਲ ਪਰਿਵਾਰ ਖੁਦ ਇੱਕ ਕਾਰਪੋਰੇਟ ਘਰਾਣਾ ਹੈ। ਉਨ੍ਹਾਂ ਕਿਹਾ ਕਿ ,ਜਦੋਂ ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਕਾਨੂੰਨਾਂ ਨੂੰ ਲਾਗੂ ਕੀਤਾ ਜਾ ਰਿਹਾ ਸੀ ਤਾਂ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਪਤਨੀ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਭਾਰਤੀ ਜਨਤਾ ਪਾਰਟੀ ਨਾਲ ਗੱਲਬਾਤ ਕਰਦਿਆਂ ਇਨ੍ਹਾਂ ਕਾਨੂੰਨਾਂ ਨੂੰ ਕਿਸਾਨਾਂ ਲਈ ਲਾਭਕਾਰੀ ਕਹਿ ਰਹੇ ਸਨ ਜਦਕਿ ਸਾਰੇ ਪੰਜਾਬ ਦੇ ਕਿਸਾਨਾਂ ਨੇ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ।ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਸਾਰੇ ਬਿਆਨਾਂ ਤੋਂ ਯੂ-ਟਰਨ ਲੈ ਲਿਆ। ਉਨ੍ਹਾਂ ਕਿਹਾ ਕਿ ਕਿਸਾਨ ਹੁਣ ਬਹੁਤ ਸੂਝਵਾਨ ਹੋ ਗਏ ਹਨ ਇਸ ਲਈ ਉਹ ਹੁਣ ਕਿਸੇ ਵੀ ਕਿਸਮ ਦੇ ਧੋਖੇ ਵਿੱਚ ਪੈਣ ਵਾਲੇ ਨਹੀਂ ਅਤੇ ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਲਾਗੂ ਕਰਨ ਵਿੱਚ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ।