ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 21 ਜਨਵਰੀ 2021-ਡਿਪਟੀ ਕਮਿਸ਼ਨਰ ਐਮ.ਕੇ.ਅਰਾਵਿੰਦ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕਿਸਾਨਾਂ ਵੱਲੋਂ ਜਾਰੀ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਘਰਸ਼ ਦੌਰਾਨ ਹਿੱਸਾ ਲੈਂਦੇ ਹੋਏ ਬਦਕਿਸਮਤੀ ਨਾਲ ਆਪਣੀ ਜਾਨ ਗੰਵਾਉਣ ਵਾਲੇ 2 ਕਿਸਾਨਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਮੁਆਵਜ਼ਾ ਰਾਸ਼ੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਹਰ ਇੱਕ ਕਿਸਾਨ ਦੇ ਪਰਿਵਾਰ ਨੂੰ 5 ਲੱਖ ਰੁਪਏ ਮੁਆਵਜ਼ਾ ਦਿੱਤਾ ਜਾ ਰਿਹਾ ਹੈ, ਬਦਕਿਸਮਤੀ ਨਾਲ ਜਿੰਨ੍ਹਾਂ ਕਿਸਾਨੀ ਸੰਘਰਸ਼ ਵਿੱਚ ਹਿੱਸਾ ਲੈਂਦੇ ਹੋਏ ਆਪਣੀ ਜਾਨ ਗੁਆ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਧਿਨ ਪੈਂਦੇ ਪਿੰਡ ਲੁਹਾਰਾ ਦੇ 79 ਸਾਲਾ ਕਿਸਾਨ ਟਿੱਕਰੀ ਬਾਰਡਰ ’ਤੇ ਆਪਣੀ ਜਾਨ ਗੁਆ ਬੈਠੇ ਸਨ , ਜਦਕਿ ਜਗਦੀਸ਼ ਸਿੰਘ ਪੁੱਤਰ ਗਮਦੂਰ ਸਿੰਘ ਵਾਸੀ ਪਿੰਡ ਲੁੰਡੇਵਾਲਾ ਤਹਿਸੀਲ ਗਿਦੜਬਾਹਾ ਵੀ ਇਸ ਕਿਸਾਨੀ ਸੰਘਰਸ਼ ਵਿੱਚ ਆਪਣੀ ਜਾਨ ਦੇ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਉਨ੍ਹਾਂ ਕਿਸਾਨਾਂ ਨੂੰ ਰਾਹਤ ਦਿਵਾਉਣ ਲਈ ਵਚਨਬੱਧ ਹੈ ਜੋ ਦਿੱਲੀ ਦੀ ਸਰਹੱਦ ’ਤੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਰੇਕ ਕਿਸਾਨ ਨੂੰ 5 ਲੱਖ ਰੁਪਏ ਮੁਆਵਜ਼ੇ ਵਜੋਂ ਦਿੱਤੇ ਗਏ ਹਨ।