ਅੰਮ੍ਰਿਤਸਰ, 9 ਦਸੰਬਰ 2020 - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਸਾਨੀ ਸੰਘਰਸ਼ ਨੂੰ ਖਾਲਿਸਤਾਨੀ ਰੰਗਤ ਨਾ ਦੇਣ ਦੀ ਗੱਲ ਆਖੀ। ਉਨ੍ਹਾਂ ਕਿਹਾ ਹੈ ਕਿ ਇਹ ਸੰਘਰਸ਼ ਖਾਲਿਸਤਾਨੀ ਨਹੀਂ ਬਲਕਿ ਕਿਾਸਨਾਂ ਦਾ ਸੰਘਰਸ਼ ਹੈ ਤੇ ਪੰਜਾਬ ਹੀ ਨਹੀਂ ਪੂਰੇ ਭਾਰਤ ਦੇ ਕਿਸਾਨਾਂ ਦਾ ਸੰਘਰਸ਼ ਹੈ।
ਅੱਜ ਅਕਾਲ ਤਖ਼ਤ ਸਕੱਤਰੇਤ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਕਾਨੂੰਨੀ ਵਪਾਰੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਹਿਤ 'ਚ ਬਣਾਏ ਗਏ ਹਨ। ਕੇਂਦਰ ਸਰਕਾਰ ਨੂੰ ਜ਼ਿੱਦ ਛੱਡ ਕੇ ਖੇਤੀਬਾੜੀ ਤੇ ਕਿਸਾਨ ਵਿਰੋਧੀ ਕਾਨੂੰਨ ਰੱਦ ਕਰਨੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਾਨੂੰਨ ਬਣਾਉਣ ਤੋਂ ਪਹਿਲਾਂ ਕਿਸਾਨ ਧਿਰਾਂ, ਖੇਤੀਬਾੜੀ ਮਾਹਿਰਾਂ ਨਾਲ ਵਿਚਾਰ ਕਰਨਾ ਚਾਹੀਦਾ ਸੀ ਅਤੇ ਲੋਕ ਸਭਾ ਤੇ ਰਾਜ ਸਭਾ 'ਚ ਬਹਿਸ ਹੋਣੀ ਚਾਹੀਦੀ ਸੀ। ਸਿੰਘ ਸਾਹਿਬ ਨੇ ਕਿਹਾ ਸਰਕਾਰ ਨੂੰ ਕਿਸਾਨਾਂ ਦੀ ਮੰਗ ਮੰਨ ਕੇ ਅਤੇ ਖੇਤੀ ਨੂੰ ਬਚਾਉਣ ਵਾਸਤੇ ਜਲਦੀ ਤੋਂ ਜਲਦੀ ਇਹ ਕਾਨੂੰਨ ਰੱਦ ਕਰਨੇ ਚਾਹੀਦੇ ਹਨ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਾਬਤੇ 'ਚ ਰਹਿ ਕੇ ਸ਼ਾਂਤੀ ਨਾਲ ਸੰਘਰਸ਼ ਕਰਨ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਖੇਤੀਬਾੜੀ ਨੂੰ ਬਚਾਉਣ ਲਈ ਵਪਾਰੀ ਧਿਰਾਂ ਅਤੇ ਮਜ਼ਦੂਰ ਵਰਗ ਨੂੰ ਵੀ ਕਿਸਾਨੀ ਸੰਘਰਸ਼ ਨੂੰ ਸਹਿਯੋਗ ਦੇਣ ਲਈ ਅੱਗੇ ਆਉਣਾ ਚਾਹੀਦਾ ਹੈ।