ਕਿਸਾਨ ਆਗੂਆਂ ਵੱਲੋਂ ਕਿਸਾਨ ਨਿਧੀ ਯੋਜਨਾ ਮਹਿਜ਼ ਸ਼ੋਸ਼ੇਬਾਜ਼ੀ ਕਰਾਰ
ਅਸ਼ੋਕ ਵਰਮਾ
ਚੰਡੀਗੜ੍ਹ,14 ਮਈ2021: ਸੰਯੁਕਤ ਕਿਸਾਨ ਮੋਰਚੇ ‘ਚ ਸ਼ਾਮਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਲਾਏ ਪੱਕੇ ਮੋਰਚਿਆਂ ’ਚ ਅੱਜ ਕਿਸਾਨ ਆਗੂਆਂ ਨੇ ਕਿਸਾਨ ਨਿਧੀ ਯੋਜਨਾ ਨੂੰ ਖੇਤੀ ਲਾਗਤ ਵਸਤਾਂ ਦੀਆਂ ਕੀਮਤਾਂ ’ਚ ਅਥਾਹ ਵਾਧੇ ਦੇ ਮੱਦੇਨਜ਼ਰ ਮਹਿਜ਼ ਸ਼ੋਸ਼ਾ ਕਰਾਰ ਦਿੱਤਾ। ਕਿਸਾਨ ਧਰਨਿਆਂ ਦੇ 226ਵੇਂ ਦਿਨ ਮੌਕੇ ਪ੍ਰਧਾਨ ਮੰਤਰੀ ਵੱਲੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕਿਸਾਨ ਨਿਧੀ ਸਕੀਮ ਅਧੀਨ ਪਾਏ ਦੋ ਹਜਾਰ ਰੁਪਏ ਦੀ ਅਸਲੀਅਤ ਦਾ ਮੁੱਦਾ ਚਰਚਾ ਛਾਇਆ ਰਿਹਾ। ਬੁਲਾਰਿਆਂ ਨੇ ਕਿਹਾ ਕਿ ਅਸਲ ਵਿੱਚ ਇਹ ਸਕੀਮ ਕਿਸਾਨਾਂ ਨੂੰ ਬੇਵਕੂਫ਼ ਬਣਾਉਣ ਅਤੇ ਉਨ੍ਹਾਂ ਦਾ ਧਿਆਨ ਅਸਲੀ ਮੁੱਦਿਆਂ ਤੋਂ ਭਟਕਾਉਣ ਤੋਂ ਸਿਵਾਏ ਹੋਰ ਕੁੱਝ ਵੀ ਨਹੀਂ ਹੈ। ਉਨ੍ਹਾਂ ਆਖਿਆ ਕਿ ਇਸ ਦੋ ਹਜਾਰ ਰੁਪਏ ਨੂੰ ਪਿਛਲੇ ਸਾਲਾਂ ਦੌਰਾਨ ਡੀਜਲ, ਖਾਦਾਂ, ਕੀੜੇਮਾਰ ਦਵਾਈਆਂ, ਬੀਜਾਂ ਤੇ ਹੋਰ ਖੇਤੀ ਲਾਗਤਾਂ ਵਿੱਚ ਹੋਏ ਅਥਾਹ ਵਾਧੇ ਨਾਲ ਮੇਲ ਕੇ ਦੇਖਣ ਦੀ ਜਰੂਰਤ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਲਾਗਤਾਂ ਵਿੱਚ ਹੋਏ ਵਾਧੇ ਦੇ ਮੁਕਾਬਲੇ ਫਸਲਾਂ ਦੀ ਐਮਐਸਪੀ ਵਿੱਚ ਬਿਲਕੁੱਲ ਨਿਗੂਣਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਡੀਜਲ ਦੀ ਕੀਮਤ 100 ਰੁਪਏ ਪ੍ਰਤੀ ਲਿਟਰ ਨੂੰ ਛੂਹ ਰਹੀ ਹੈ। ਖਾਦਾਂ ਦੀਆਂ ਕੀਮਤਾਂ ’ਚ ਪਿਛਲੇ ਦਿਨੀਂ ਡੇਢ ਗੁਣਾਂ ਤੱਕ ਵਾਧਾ ਕਰ ਦਿੱਤਾ ਹੈ ਜਦੋਂਕਿ ਇਸ ਦੇ ਮੁਕਾਬਲੇ ਝੋਨੇ ਦੀ ਐਮਐਸਪੀ ਸਿਰਫ 72 ਰੁਪਏ ਵਧਾਈ ਗਈ ਹੈ ਜੋ ਇਕੱਲੇ ਡੀਜ਼ਲ ਦੀ ਕੀਮਤ ਦੀ ਵੀ ਪੂਰਤੀ ਨਹੀਂ ਕਰਦਾ ਹੈ। ਬੁਲਾਰਿਆਂ ਨੇ ਕਿਹਾ ਕਿ ਕਿਸਾਨ ਨਿਧੀ ਵਰਗੀਆਂ ਇਹ ਸਕੀਮਾਂ ਲੋਕਾਂ ਦਾ ਧਿਆਨ ਬੁਨਿਆਦੀ ਅਤੇ ਭਖਦੇ ਮੁੱਦਿਆਂ ਤੋਂ ਲਾਂਭੇ ਲਿਜਾਣ ਲਈ ਚਲਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਸਚਮੁੱਚ ਹੀ ਕਿਸਾਨਾਂ ਦਾ ਭਲਾ ਕਰਨਾ ਚਾਹੁੰਦਾ ਹੈ ਤਾਂ ਉਹ ਕਾਲੇ ਕਾਨੂੰਨ ਰੱਦ ਕਿਉਂ ਨਹੀਂ ਕਰ ਦਿੰਦੇ ਹਨ।
ਉਨ੍ਹਾਂ ਕਿਹਾ ਕਿ ਜਦੋਂ ਇਨ੍ਹਾਂ ਕਾਨੂੰਨਾਂ ਦੀ ਮੰਗ ਕਿਸੇ ਕਿਸਾਨ ਜਥੇਬੰਦੀ ਨੇ ਨਹੀਂ ਕੀਤੀ ਸੀ ਤਾਂ ਇਹ ਕਿਸ ਦੇ ਕਹਿਣ ‘ਤੇ ਬਣਾਏ ਹਨ ਇਹ ਸਪਸ਼ਟ ਕੀਤਾ ਜਾਣਾ ਚਾਹੀਦਾ ਹੈ? ਉਨ੍ਹਾਂ ਕਿਹਾ ਕਿ ਅਸਲ ਵਿੱਚ ਦੋ ਹਜਾਰ ਰੁਪਏ ਦੇਣ ਦੀ ਇਹ ਸ਼ੋਸ਼ੇਬਾਜੀ ਖੇਤੀ ਕਾਨੂੰਨਾਂ ਵਿਰੁੱਧ ਉਠੇ ਲੋਕ ਰੋਹ ਨੂੰ ਮੱਠਾ ਕਰਨ ਦਾ ਇੱਕ ਢਕਵੰਜ ਮਾਤਰ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸਰਕਾਰ ਦੇ ਅਜਿਹੇ ਝਾਂਸਿਆਂ ਵਿੱਚ ਨਹੀਂ ਆਉਣਗੇ ਅਤੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਤੱਕ ਆਪਣਾ ਅੰਦੋਲਨ ਜਾਰੀ ਰੱਖਣਗੇ। ਪੰਜਾਬ ‘ਚ ਟੋਲ-ਪਲਾਜ਼ਿਆਂ, ਰਿਲਾਇੰਸ ਪੰਪਾਂ, ਮਾਲਜ਼, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਧਰਨਿਆਂ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਮੁੱਖ-ਮੰਤਰੀ ਖੱਟੜ ਨੂੰ ਨਸੀਹਤ ਦਿੱਤੀ ਕਿ ਉਹ ਕਿਸਾਨਾਂ ‘ਤੇ ਕਰੋਨਾ ਦੇ ਫੈਲਾਅ ਦਾ ਦੋਸ਼ ਲਾਉਣ ਦੀ ਥਾਂ ਕੇਂਦਰ ਸਰਕਾਰ ਦੀ ਪੀੜ੍ਹੀ ਹੇਠ ਸੋਟਾ ਫੇਰਨ ਜਿਸ ਨਲਾਇਕੀਆਂ ਕਾਰਨ ਇਹ ਹੋਇਆ ਹੈ।