ਅਸ਼ੋਕ ਵਰਮਾ
ਬਠਿੰਡਾ, 30 ਅਕਤੂਬਰ 2020 - ਕੇਂਦਰ ਸਰਕਾਰ ਵੱਲੋਂ ਆਰਡੀਨੈਂਸ ਰਾਹੀਂ ਪਰਾਲੀ ਸਾੜਨ ਦੇ ਮਾਮਲੇ ’ਚ ਇੱਕ ਕਰੋੜ ਜੁਰਮਾਨਾ ਅਤੇ ਕੈਦ ਦੀ ਸਜਾ ਖਿਲਾਫ ਸਾਂਝੇ ਮੰਚ ਦੇ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਨੇ ਸ਼ਨੀਵਾਰ ਨੂੰ ਡਿਪਟੀ ਕਮਿਸ਼ਨਰ ਬਠਿੰਡਾ ਦੇ ਦਫਤਰ ਅੱਗੇ ਪਰਾਲੀ ਸੁੱਟ ਕੇ ਵਿਰੋਧ ਦਰਜ ਕਰਾਉਣ ਦਾ ਐਲਾਨ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਰਣਜੀਤ ਸਿੰਘ ਸਿੰਘ ਜੀਦਾ, ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਅਮਰਜੀਤ ਹਨੀ , ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨੈਬ ਸਿੰਘ ਫੂਸ ਮੰਡੀ, ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਵਰਕਿੰਗ ਪ੍ਰਧਾਨ ਬਲਕਰਨ ਸਿੰਘ ਬਰਾੜ, ਭਾਰਤੀ ਕਿਸਾਨ ਯੂਨੀਅਨ ਮਾਨਸਾ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਜਗਸੀਰ ਸਿੰਘ ਜੀਦਾ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂ ਬਿੰਦਰ ਸਿੰਘ ਫਰੀਦਕੋਟ ਕੋਟਲੀ ਨੇ ਦੱਸਿਆ ਕਿ ਮੋਦੀ ਸਰਕਾਰ ਇੱਕ ਹੋਰ ਕਿਸਾਨ ਵਿਰੋਧੀ ਆਰਡੀਨੈਂਸ ਲਿਆਕੇ ਕਿਸਾਨ ਸੰਘਰਸ਼ ਨੂੰ ਦਬਾਉਣ ਦੇ ਭਰਮ ਪਾਲ ਰਹੀ ਹੈ ਪਰ ਕਿਸਾਨ ਕਿਸੇ ਵੀ ਕੀਮਤ ਤੇ ਪਿੱਛੇ ਨਹੀਂ ਹਟਣਗੇ।
ਉਹਨਾਂ ਕਿਹਾ ਕਿ ਪ੍ਰਦੂਸ਼ਣ ਨੂੰ ਰੋਕਣ ਲਈ ਸਰਕਾਰ ਬਹੁਤ ਕੁੱਝ ਕਰ ਰਹੀ ਹੈ ਪਰ ਲੀਡਰ ਸੰਜੀਦਾ ਨਹੀਂ ਹਨ। ਉਹਨਾ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨ ਵਿਰੋਧੀ ਹੋਣ ਦਾ ਦਿੱਤਾ ਸਬੂਤ ਦਿੱਤਾ ਹੈ । ਉਹਨਾਂ ਕਿਹਾ ਕਿ ਇਸ ਫੈਸਲੇ ਨੂੰ ਪੰਜਾਬ ਵਿੱਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਮੋਦੀ ਸਰਕਾਰ ਦੇ ਖਿਲਾਫ ਆਰ ਪਾਰ ਦੀ ਲੜਾਈ ਲੜੀ ਜਾਵੇਗੀ । ਉਹਨਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਤੋਂ ਪਰਾਲੀ ਦਾ ਹੱਲ ਡੰਡੇ ਦੇ ਜੋਰ ਤੇ ਕਰਾਉਣਾ ਚਾਹੁੰਦੀ ਅਤੇ ਸਹਾਇਤਾ ਕਰਨ ਦੀ ਬਜਾਏ ਕਿਸਾਨਾਂ ਤੇ ਪਰਚੇ ਦਰਜ ਕੀਤੇ ਜਾ ਰਹੇ ਹਨ। ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਢੁੱਕਵਾਂ ਮੁਆਵਜਾ ਦਿੱਤਾ ਜਾਏ ਪਰ ਸਰਕਾਰ ਦਾ ਕੋਈ ਧਿਆਨ ਨਹੀਂ ਹੈ। ਉਹਨਾਂ ਕਿਹਾ ਕਿ ਇਸ ਫੈਸਲੇ ਦੇ ਖਿਲਾਫ 31ਅਕਤੂਬਰ ਨੂੰ ਡੀ ਸੀ ਬਠਿੰਡਾ ਦਫ਼ਤਰ ਦੇ ਮੂਹਰੇ ਪਰਾਲੀ ਪਰਾਲੀ ਸੁੱਟ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਆਗੂਆਂ ਨੇ ਕਿਸਾਨਾਂ ਨੂੰ ਰੋਸ ਪ੍ਰਦਰਸ਼ਨ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ।