ਕਿਸਾਨ ਮਜ਼ਦੂਰ ਮੁਕਤੀ ਸੰਘਰਸ਼ ਦਿਵਸ ਮਨਾਉਣ ਲਈ ਤਿਆਰੀਆਂ ਜਾਰੀ
ਅਸ਼ੋਕ ਵਰਮਾ
ਚੰਡੀਗੜ੍ਹ, 13 ਅਗਸਤ 2021:ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਮੁਤਾਬਕ 15 ਅਗਸਤ ਦਾ ਦਿਨ ਕਿਸਾਨ ਮਜ਼ਦੂਰ ਮੁਕਤੀ ਸੰਘਰਸ਼ ਦਿਵਸ ਵਜੋਂ ਮਨਾਉਣ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਪੰਜਾਬ ਭਰ ਵਿੱਚ ਪਿੰਡ-ਪਿੰਡ ਰੈਲੀਆਂ, ਨੁੱਕੜ ਨਾਟਕ, ਝੰਡਾ ਮਾਰਚ ਅਤੇ ਜੱਥੇ ਬਣਾ ਕੇ ਘਰ-ਘਰ ਪਹੁੰਚ ਕਰਨ ਦੀ ਜ਼ੋਰਦਾਰ ਮੁਹਿੰਮ ਲਗਾਤਾਰ ਜਾਰੀ ਹੈ। ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਇਸ ਮੌਕੇ ਕਾਲ਼ੇ ਖੇਤੀ ਕਾਨੂੰਨ, ਬਿਜਲੀ ਬਿੱਲ ਤੇ ਪਰਾਲ਼ੀ ਕਾਨੂੰਨ ਰੱਦ ਕਰਨ, ਜਨਤਕ ਵੰਡ ਪ੍ਰਣਾਲੀ ਮਜ਼ਬੂਤ ਕਰਨ ਅਤੇ ਸਾਮਰਾਜੀ ਬਹੁਕੌਮੀ ਕੰਪਨੀਆਂ ਨੂੰ ਦੇਸ਼ ਤੋਂ ਬਾਹਰ ਕਰਨ ਵਰਗੀਆਂ ਫੌਰੀ ਤੇ ਬੁਨਿਆਦੀ ਮੰਗਾਂ ਪੂਰੇ ਜ਼ੋਰ ਨਾਲ ਉਭਾਰਨ ਲਈ ਅਡਾਨੀ ਸੈਲੋ ਡਗਰੂ (ਮੋਗਾ), ਅਡਾਨੀ ਸੋਲਰ ਪਾਵਰ ਪਲਾਂਟ ਸਰਦਾਰਗੜ੍ਹ (ਬਠਿੰਡਾ) ਅਤੇ ਟੌਲ ਪਲਾਜ਼ਾ ਕਾਲਾਝਾੜ (ਸੰਗਰੂਰ) ਵਿਖੇ ਵਿਸ਼ੇਸ਼ ਤੌਰ 'ਤੇ ਵੱਡੇ ਇਕੱਠ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਜਥੇਬੰਦੀ ਦਾ ਮੱਤ ਹੈ ਕਿ ਦੇਸ਼ ਦੇ ਹਾਕਮਾਂ ਵੱਲੋਂ ਆਜ਼ਾਦੀ ਦੇ ਜਸ਼ਨਾਂ ਦੇ ਪਰਦੇ ਹੇਠ ਇੱਕੋ ਈਸਟ ਇੰਡੀਆ ਕੰਪਨੀ ਦੀ ਥਾਂ ਅਨੇਕਾਂ ਦੇਸੀ ਵਿਦੇਸ਼ੀ ਸਾਮਰਾਜੀ ਬਹੁਕੌਮੀ ਕੰਪਨੀਆਂ ਨੂੰ ਕਿਰਤੀ ਕਿਸਾਨਾਂ ਦੀ ਦੋਹੀਂ ਹੱਥੀਂ ਲੁੱਟ ਕਰਨ ਦੇ ਨਿਉਂਦੇ ਦਿੱਤੇ ਜਾ ਰਹੇ ਹਨ।1 ਉਨ੍ਹਾਂ ਕਿਹਾ ਕਿ 5 ਅਗਸਤ ਦਾ ਦਿਨ ਕਿਰਤੀ ਕਿਸਾਨਾਂ ਦੇ ਮਨਾਂ ਅੰਦਰ ਖ਼ੁਸ਼ੀ ਦੇ ਜਸ਼ਨਾਂ ਵਜੋਂ ਨਹੀਂ ਸਗੋਂ ਹੱਲੇ-ਗੁੱਲਿਆਂ ਦੀ ਤਬਾਹੀ ਦੇ ਦਿਨ ਵਜੋਂ ਹੀ ਵਸਿਆ ਹੈ ਕਿਉਂਕਿ ਉਦੋਂ ਫਿਰਕੂ ਵੰਡੀਆਂ ਨਾਲ ਲੱਖਾਂ ਕਰੋੜਾਂ ਲੋਕਾਂ ਦਾ ਉਜਾੜਾ ਤੇ ਹਜ਼ਾਰਾਂ ਜ਼ਿੰਦਗੀਆਂ ਦਾ ਘਾਣ ਹੋਇਆ ਸੀ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਪਰਦੇ ਓਹਲੇ ਨਵੇਂ ਆਰਥਿਕ ਸੁਧਾਰਾਂ ਦੀਆਂ ਨੀਤੀਆਂ ਨੇ ਤਾਂ ਮਜ਼ਦੂਰਾਂ ਕਿਸਾਨਾਂ ਤੇ ਹੋਰ ਕਿਰਤੀਆਂ ਦੀ ਆਰਥਿਕ ਲੁੱਟ ਇਤਨੀ ਤਿੱਖੀ ਕਰ ਦਿੱਤੀ ਹੈ ਕਿ ਉਹ ਭਾਰੀ ਕਰਜ਼ਿਆਂ ਦੀ ਮਾਰ ਹੇਠ ਲੱਖਾਂ ਦੀ ਤਾਦਾਦ ਵਿੱਚ ਖੁਦਕੁਸ਼ੀਆਂ ਕਰਨ ਲਈ ਲਗਾਤਾਰ ਮਜਬੂਰ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਇਹੀ ਵੱਡੇ ਧਨਾਢ ਹੁਣ ਕਾਲੇ ਖੇਤੀ ਕਾਨੂੰਨਾਂ ਰਾਹੀਂ ਬਣਾਏ ਜਾਣ ਵਾਲੇ ਅਡਾਨੀ ਅੰਬਾਨੀ ਵਰਗੇ ਦੇਸੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਦੇ ਵੱਡੇ-ਵੱਡੇ ਖੇਤੀ ਫਾਰਮਾਂ ਦੇ ਹਿੱਸੇਦਾਰ ਬਣਨਗੇ। ਉਨ੍ਹਾਂ ਕਿਹਾ ਕਿ ਆਮ ਕਿਸਾਨਾਂ ਮਜ਼ਦੂਰਾਂ ਤੇ ਲੁੱਟੇ-ਪੁੱਟੇ ਗਰੀਬ ਲੋਕਾਂ ਤੋਂ ਵਿੱਦਿਆ, ਸਿਹਤ, ਬਿਜਲੀ, ਆਵਾਜਾਈ ਅਤੇ ਪੱਕਾ ਰੁਜ਼ਗਾਰ ਆਦਿ ਸਾਰੀਆਂ ਜਨਤਕ ਸਹੂਲਤਾਂ ਖੋਹਣ ਵਾਲੀਆਂ ਨਿੱਜੀਕਰਨ ਨੀਤੀਆਂ ਨੂੰ ਮੁੱਢੋਂ ਰੱਦ ਕਰਕੇ ਇਹ ਸਾਰੀਆਂ ਸਹੂਲਤਾਂ ਹਰ ਭਾਰਤਵਾਸੀ ਨੂੰ ਮੁਹੱਈਆ ਕਰਵਾਉਣ ਅਤੇ ਕਿਸਾਨਾਂ ਮਜ਼ਦੂਰਾਂ ਦੇ ਕਰਜ਼ਿਆਂ ਦੇ ਮੁਕੰਮਲ ਖ਼ਾਤਮੇ ਸੰਬੰਧੀ ਮੰਗਾਂ ਵੀ ਜ਼ੋਰ ਨਾਲ ਉਭਾਰੀਆਂ ਜਾਣਗੀਆਂ। ਇਸ ਮੌਕੇ ਹਾਜ਼ਰ ਕਿਸਾਨਾਂ ਮਜ਼ਦੂਰਾਂ ਵੱਲੋਂ ਕਾਲ਼ੇ ਕਾਨੂੰਨਾਂ ਦੇ ਖਾਤਮੇ ਲਈ ਭਖੇ ਹੋਏ ਦਿੱਲੀ ਬਾਰਡਰ ਮੋਰਚਿਆਂ ਸਮੇਤ ਮੁਲਕ-ਵਿਆਪੀ ਕਿਸਾਨ ਸੰਘਰਸ਼ ਨੂੰ ਹੋਰ ਵਿਸ਼ਾਲ, ਮਜ਼ਬੂਤ ਅਤੇ ਤੇਜ਼ ਕਰਨ ਦਾ ਅਹਿਦ ਕੀਤਾ ਜਾਵੇਗਾ
ਉਨ੍ਹਾਂ ਕਿਹਾ ਕਿ ਪੰਜਾਬ 'ਚ 39 ਥਾਂਵਾਂ 'ਤੇ ਪੱਕੇ ਮੋਰਚੇ ਵੀ ਬਾਦਸਤੂਰ ਜਾਰੀ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਲਾਮਬੰਦੀ ਰਿਪੋਰਟਾਂ ਅਨੁਸਾਰ ਸੂਬੇ ਅੰਦਰ ਕਿਸਾਨਾਂ ਮਜ਼ਦੂਰਾਂ ਦੇ ਕੁੱਲ ਇਕੱਠ ਰਲ਼ਾ ਕੇ ਸੱਠ ਹਜ਼ਾਰ ਤੋਂ ਟੱਪਣ ਦੇ ਅੰਦਾਜ਼ੇ ਹਨ, ਜਿਨ੍ਹਾਂ ਵਿੱਚ ਹਜ਼ਾਰਾਂ ਦੀ ਤਾਦਾਦ ਵਿੱਚ ਔਰਤਾਂ ਤੇ ਨੌਜਵਾਨ ਵੀ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਇਸ ਮੌਕੇ ਸਾਮਰਾਜੀ ਬਹੁਕੌਮੀ ਕੰਪਨੀਆਂ ਨੂੰ ਮੁਲਕ 'ਚੋਂ ਬਾਹਰ ਕਰਨ ਦੀ ਮੰਗ ਜ਼ੋਰ ਨਾਲ ਉਠਾਈ ਜਾਵੇਗੀ ਅਤੇ ਕਿਸਾਨਾਂ ਮਜ਼ਦੂਰਾਂ ਦੀ ਹੋ ਰਹੀ ਅੰਨ੍ਹੀ ਲੁੱਟ ਤੋਂ ਮੁਕਤੀ ਲਈ ਸੰਘਰਸ਼ ਦਾ ਝੰਡਾ ਹੋਰ ਉੱਚਾ ਕਰਨ ਦਾ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਇਕੱਠਾਂ ਵਿੱਚ ਕਿਸਾਨਾਂ ਤੇ ਖੇਤ ਮਜ਼ਦੂਰਾਂ ਤੋਂ ਇਲਾਵਾ ਹੋਰਨਾਂ ਮਿਹਨਤੀ ਤਬਕਿਆਂ ਦੇ ਲੋਕਾਂ ਨੂੰ ਵੀ ਪੁੱਜਣ ਦੀ ਅਪੀਲ ਕੀਤੀ ਗਈ ਹੈ।