ਕਿਸਾਨ ਮੋਰਚਿਆਂ ਵਿੱਚ ਸ਼ਹੀਦੀਆਂ ਪਾਉਣ ਵਾਲੇ ਕਿਸਾਨਾਂ ਨੂੰ ਸਿਜਦਾ ਕੀਤਾ
ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 21 ਨਵੰਬਰ, 2021: ਖੇਤੀ ਕਾਨੂੰਨ ਰੱਦ ਹੋਣ ਦੇ ਐਲਾਨ ਨਾਲ ਕਿਸਾਨ ਸੰਘਰਸ਼ ਦੀ ਇਤਿਹਾਸਕ ਜਿੱਤ ਦੀ ਗੂੰਜ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਇੱਕ ਸਾਲ ਤੋਂ ਚੱਲ ਰਹੇ ਪੱਕੇ ਰੋਸ ਧਰਨਿਆਂ ’ਚ ਸੁਣਾਈ ਦੇ ਰਹੀ ਹੈ। ਅੱਜ ਭਾਕਿਯੂ ਏਕਤਾ ਉਗਰਾਹਾਂ ਦੇ ਪੱਕੇ ਰੋਸ ਧਰਨਿਆਂ ’ਚ ਕਿਸਾਨ ਅੰਦੋਲਨ ਦੌਰਾਨ ਦਿੱਲੀ ਦੇ ਬਾਰਡਰਾਂ ’ਤੇ ਸ਼ਹੀਦੀਆਂ ਪਾਉਣ ਵਾਲੇ ਕਿਸਾਨਾਂ ਨੂੰ ਸਿਜਦਾ ਕੀਤਾ ਗਿਆ ਅਤੇ ਧਰਨਿਆਂ ’ਚ ‘ਕਿਸਾਨ ਅੰਦੋਲਨ ਦੇ ਸ਼ਹੀਦ ਅਮਰ ਰਹਿਣ’ ਦੇ ਨਾਅਰੇ ਗੂੰਜੇ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਰਿਲਾਇੰਸ ਪੰਪ ਖੇੜੀ ਵਿੱਚ ਪੱਕੇ ਰੋਸ ਧਰਨੇ ਦੌਰਾਨ ਖੇਤੀ ਕਾਨੂੰਨ ਰੱਦ ਕਰਾਉਣ ਵਾਸਤੇ ਆਪਣੀਆਂ ਜਾਨਾਂ ਗੁਆਉਣ ਵਾਲੇ ਸ਼ਹੀਦ ਕਿਸਾਨਾਂ ਨੂੰ ਸਿਜਦਾ ਕੀਤਾ ਗਿਆ ਅਤੇ ਸ਼ਹੀਦ ਕਿਸਾਨਾਂ ਦੇ ਹੱਕ ਵਿਚ ਨਾਅਰੇਬਾਜ਼ੀ ਕੀਤੀ ਗਈ। ਰੋਸ ਧਰਨੇ ਦੌਰਾਨ ਕਿਸਾਨਾਂ ਅਤੇ ਵੱਡੀ ਤਾਦਾਦ ’ਚ ਮੌਜੂਦ ਕਿਸਾਨ ਬੀਬੀਆਂ ਨੇ ਸ਼ਹੀਦ ਕਿਸਾਨਾਂ ਦੇ ਸਨਮਾਨ ਵਿਚ ਖੜ੍ਹੇ ਹੋ ਕੇ ਸ਼ਰਧਾਂਜਲੀ ਦਿੱਤੀ ਗਈ।
ਇਸ ਮੌਕੇ ਯੂਨੀਅਨ ਆਗੂਆਂ ਬੀਕੇਯੂ ਏਕਤਾ ਉਗਰਾਹਾਂ ਦੇ ਆਗੂਆਂ ਗੋਬਿੰਦਰ ਸਿੰਘ ਮੰਗਵਾਲ, ਸਰੂਪ ਚੰਦ ਕਿਲਾਭਰੀਆਂ, ਗੋਬਿੰਦਰ ਬਡਰੁੱਖਾਂ, ਗੁਰਦੀਪ ਕੰਮੋਮਾਜਰਾ, ਹਰਦੇਵ ਸਿੰਘ ਕੁਲਾਰਾਂ, ਲਾਭ ਸਿੰਘ ਖੁਰਾਣਾ ਆਦਿ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਕਿਸਾਨ ਸੰਘਰਸ਼ ਦੌਰਾਨ ਕਰੀਬ 700 ਤੋਂ ਵੱਧ ਕਿਸਾਨ ਸ਼ਹੀਦ ਹੋਏ ਹਨ ਜਿਨ੍ਹਾਂ ਦੀ ਸ਼ਹੀਦ ਅਜਾਈਂ ਨਹੀਂ ਗਈ ਅਤੇ ਖੇਤੀ ਅਤੇ ਕਿਸਾਨੀ ਨੂੰ ਬਚਾਉਣ ਲਈ ਖੇਤਾਂ ਦੇ ਪੁੱਤ ਖੁਦ ਮਿਟ ਗਏ। ਉਨ੍ਹਾਂ ਕਿਹਾ ਕਿ ਸ਼ਹੀਦ ਕਿਸਾਨ ਹਮੇਸ਼ਾ ਅਮਰ ਰਹਿਣਗੇ।
ਉਧਰ ਰੇਲਵੇ ਸਟੇਸ਼ਨ ’ਤੇ ਧਰਨੇ ਦੌਰਾਨ ਵੱਖ-ਵੱਖ 32 ਜਥੇਬੰਦੀਆਂ ਦੇ ਆਗੂਆਂ ਸੁਖਦੇਵ ਸਿੰਘ, ਨਿਰਮਲ ਸਿੰਘ ਬਟੜਿਆਣਾ, ਮੱਘਰ ਸਿੰਘ ਉਭਾਵਾਲ, ਰੋਹੀ ਸਿੰਘ ਮੰਗਵਾਲ, ਸਵਰਨਜੀਤ ਸਿੰਘ, ਬਲਵਿੰਦਰ ਸਿੰਘ ਬਡਰੁੱਖਾਂ, ਪ੍ਰੀਤਮ ਸਿੰਘ ਮੰਗਵਾਲ, ਬਲਵੀਰ ਸਿੰਘ ਉਪਲੀ, ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਟਿੱਬਾ ਆਦਿ ਨੇ ਕਿਹਾ ਕ ਗੁਰੂ ਨਾਨਕ ਦੇਵ ਦੀ ਕਿਰਪਾ ਅਤੇ ਕਿਸਾਨ ਅੰਦੋਲਨ ਦੇ ਦਬਾਅ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਤਮਾ ਨੂੰ ਹਲੂਣਾ ਦਿੱਤਾ ਜਿਸ ਕਰਕੇ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਹੋਇਆ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਖੇਤੀ ਕਾਨੂੰਨ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ, ਉਸੇ ਤਰ੍ਹਾਂ ਐੱਮ.ਐੱਸ.ਪੀ. ’ਤੇ ਗਾਰੰਟੀ ਕਾਨੂੰਨ ਬਣਾਇਆ ਜਾਵੇ, ਪਰਾਲੀ ਸਾੜਨ ਵਿਰੁੱਧ ਬਿਲ ਅਤੇ ਬਿਜਲੀ ਸਬੰਧੀ ਬਿਲ ਰੱਦ ਕੀਤੇ ਜਾਣ।