ਕਿਸਾਨ ਮੋਰਚੇ ਦੇ ਸੱਦੇ 'ਤੇ ਕਾਲਾ ਦਿਵਸ ਮਨਾਉਣ ਦਾ ਐਲਾਨ
ਅਸ਼ੋਕ ਵਰਮਾ
ਬਠਿੰਡਾ,21ਮਈ 2021: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹੇ ਦੀ ਮੀਟਿੰਗ ਅੱਜ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮੋਠੂ ਸਿੰਘ ਕੋਟੜਾ ਦੀ ਪ੍ਰਧਾਨਗੀ ਹੇਠ ਟੋਲ ਪਲਾਜ਼ਾ ਲਹਿਰਾ ਬੇਗਾ ਵਿੱਚ ਹੋਈ । ਮੀਟਿੰਗ ਨੂੰ ਸੰਬੋਧਨ ਕਰਦਿਆਂ ਮੋਠੂ ਸਿੰਘ ਕੋਟੜਾ ਅਤੇ ਜ਼ਿਲ੍ਹਾ ਬਠਿੰਡਾ ਦੇ ਜਰਨਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਨਵੀਆਂ ਆਰਥਿਕ ਨੀਤੀਆਂ ਦੇ ਤਹਿਤ ਸਰਕਾਰਾਂ ਵੱਲੋਂ ਕਿਸਾਨਾਂ ਤੇ ਆ ਰਹੇ ਹਮਲੇ ਵਿਰੁੱਧ ਸੰਘਰਸ਼ ਕਰਦੇ ਹੋਏ ਕੋਰੋਨਾ ਬਿਮਾਰੀ ਨਾਲ ਸਾਹਮਣਾ ਕਰਦੇ ਹੋਏ ਇਸ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਲਈ ਕਿਹਾ ।
ਅੱਜ ਦੀ ਮੀਟਿੰਗ ਵਿਚ ਦਿੱਲੀ ਵਿਚ ਹੋਰ ਇਕੱਠ ਵਧਾਉਣ ਲਈ ਹਫ਼ਤੇ ਹਫ਼ਤੇ ਤੋਂ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਔਰਤਾਂ ਦੇ ਜਥੇ ਭੇਜਣ ਦਾ ਫ਼ੈਸਲਾ ਕੀਤਾ ਗਿਆ ।ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਦਿੱਲੀ ਵਿਖੇ ਮੋਰਚੇ ਨੂੰ ਛੇ ਮਹੀਨੇ ਹੋਣ ਤੇ 26 ਮਈ ਨੂੰ ਘਰਾਂ ਅਤੇ ਚੱਲ ਰਹੇ ਮੋਰਚਿਆਂ ਵਿੱਚ ਟੋਲ ਪਲਾਜ਼ਿਆਂ ਸ਼ਾਪਿੰਗ ਮਾਲਾਂ ਪੰਪਾਂ ਤੇ ਕਾਲੇ ਝੰਡੇ ਲਾਏ ਜਾਣਗੇ । ਪਿੰਡਾਂ, ਕਸਬਿਆਂ, ਸ਼ਹਿਰਾਂ ਅਤੇ ਜਿਲ੍ਹੇ ਵਿੱਚ ਚੱਲ ਰਹੇ ਮੋਰਚਿਆਂ ਵਿੱਚ ਛੱਬੀ ਤਰੀਕ ਨੂੰ ਮੋਦੀ ਹਕੂਮਤ ਦੀਆਂ ਅਰਥੀਆਂ ਸਾਡ਼ੀਆਂ ਜਾਣਗੀਆਂ ।
ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਡੇਢ ਸਾਲ ਦੌਰਾਨ ਵੀ ਸਰਕਾਰ ਵੱਲੋਂ ਇਸ ਦਾ ਇਲਾਜ ਦਾ ਪੁਖਤਾ ਪ੍ਰਬੰਧ ਨਾ ਕਰਨ ਦੇ ਵਿਰੋਧ ਵਿੱਚ 28,29 ਅਤੇ 30 ਮਈ ਨੂੰ ਇਸ ਦੇ ਇਲਾਜ ਦਾ ਪ੍ਰਬੰਧ ਕਰਵਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਿਹਾਇਸ਼ੀ ਸ਼ਹਿਰ ਪਟਿਆਲਾ ਵਿਖੇ ਤਿੰਨ ਰੋਜ਼ਾ ਮੋਰਚਾ ਲਾਇਆ ਜਾਵੇਗਾ । ਅੱਜ ਦੀ ਮੀਟਿੰਗ ਵਿੱਚ ਜਗਦੇਵ ਸਿੰਘ ਜੋਗੇਵਾਲਾ ,ਰਾਜੂ ਸਿੰਘ ਰਾਮਨਗਰ, ਅਵਤਾਰ ਸਿੰਘ ਪੂਹਲਾ ਤੋ ਇਲਾਵਾ ਵੱਡੀ ਗਿਣਤੀ ਵਿੱਚ ਪਿੰਡਾਂ ਤੋਂ ਪਹੁੰਚੇ ਕਿਸਾਨ ਸਰਗਰਮ ਆਗੂ ਅਤੇ ਵਰਕਰ ਮਰਦ ਔਰਤਾਂ ਸ਼ਾਮਿਲ ਸਨ ।