ਕਿਸਾਨ ਮੋਰਚੇ ਵੱਲੋਂ ‘ਕਾਲਾ-ਦਿਵਸ’ ਮਨਾਉਣ ਲਈ ਪ੍ਰਬੰਧ ਮੁਕੰਮਲ
ਅਸ਼ੋਕ ਵਰਮਾ
ਚੰਡੀਗੜ੍ਹ,25 ਮਈ2021: ਕੇਂਦਰ-ਸਰਕਾਰ ਵੱਲੋਂ ਲਿਆਂਦੇ 3 ਨਵੇਂ ਖੇਤੀ-ਕਾਨੂੰਨਾਂ, ਬਿਜਲੀ ਸੋਧ ਬਿਲ-2020 ਅਤੇ ਪਰਾਲੀ-ਆਰਡੀਨੈਂਸ ਰੱਦ ਕਰਵਾਉਣ ਲਈ ਦਿੱਲੀ ਦੀਆਂ ਹੱਦਾਂ ‘ਤੇ 26 ਨਵੰਬਰ,2020 ਤੋਂ ਚੱਲ ਰਹੇ ਕਿਸਾਨੀ-ਮੋਰਚਿਆਂ ਦੇ 6 ਮਹੀਨੇ ਪੂਰੇ ਹੋਣ ‘ਤੇ ਕੇਂਦਰ-ਸਰਕਾਰ ਦੀ ਬੇਰੁਖੀ ਖ਼ਿਲਾਫ਼ ਰੋਸ-ਪ੍ਰਗਟਾਉਣ ਲਈ ਸੰਯੁਕਤ ਕਿਸਾਨ ਮੋਰਚਾ ਨੇ ਦੇਸ਼-ਵਿਆਪੀ ‘ਕਾਲਾ-ਦਿਵਸ‘ ਮਨਾਉਣ ਦਾ ਸੱਦਾ ਦਿੱਤਾ ਹੈ, ਜਿਸ ਲਈ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ।
ਸੰਯੁਕਤ ਕਿਸਾਨ ਮੋਰਚੇ ਦੇ ਆਗੂ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਕਿਸਾਨ-ਜਥੇਬੰਦੀਆਂ ਨੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਵਿਦਿਆਰਥੀਆਂ, ਮੁਲਾਜ਼ਮਾਂ, ਸਾਹਿਤਕਾਰਾਂ, ਰੰਗਕਰਮੀਆਂ, ਟਰਾਂਂਸਪੋਰਟਰਾਂ, ਵਪਾਰੀਆਂ ਅਤੇ ਦੁਕਾਨਦਾਰਾਂ ਸਮੇਤ ਹਰ ਵਰਗ ਨੂੰ ਇਸ ਇਤਿਹਾਸਕ ਦਿਨ ਮੌਕੇ ਆਪਣਾ ਰੋਸ ਪ੍ਰਗਟਾਉਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਕਾਲੀਆਂ ਪੱਗਾਂ ਅਤੇ ਕਾਲ਼ੀਆਂ ਚੁੰਨੀਆਂ ਨਾਲ ਪੱਕੇ-ਧਰਨਿਆਂ ‘ਚ ਸ਼ਮੂਲੀਅਤ ਅਤੇ ਚੌਂਕਾਂਂ ‘ਚ ਵੀ ਨਾਅਰਿਆਂ ਵਾਲੇ ਫਲੈਕਸ ਲੈ ਕੇ ਪ੍ਰਦਰਸ਼ਨ ਕਰਨ ਲਈ ਵੀ ਕਿਹਾ।ਉਹਨਾਂ ਕਿਹਾ ਕਿ ਘਰਾਂ, ਦੁਕਾਨਾਂ, ਦਫਤਰਾਂ, ਟਰੈਕਟਰਾਂ, ਕਾਰਾਂ, ਜੀਪਾਂ, ਸਕੂਟਰਾਂ ਮੋਟਰਸਾਇਕਲਾਂ, ਬੱਸਾਂ, ਟਰੱਕਾਂ ਉਪਰ ਕਾਲੇ ਝੰਡੇ ਲਾ ਕੇ ਤਿੰਨਾਂ ਖੇਤੀ ਕਾਨੂੰਨਾਂ, ਬਿਜ਼ਲੀ ਸੋਧ ਬਿਲ-2020 ਅਤੇ ਪਰਾਲੀ ਆਰਡੀਨੈਂਸ ਦੀ ਖ਼ਿਲਾਫ਼ਤ ਜ਼ੋਰ ਨਾਲ ਕੀਤੀ ਜਾਵੇਗੀ।ਸੰਯੁਕਤ ਕਿਸਾਨ ਮੋਰਚਾ ‘ਚ ਸ਼ਾਮਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੇ ਪੱਕੇ-ਧਰਨਿਆਂ ਦੇ 237ਵੇਂ ਦਿਨ ਵੀ ਵੀ ਜੋਸ਼ੋ-ਖ਼ਰੋਸ਼ ਨਾਲ ਜਾਰੀ ਰਹੇ।
3 ਖੇਤੀ ਕਾਨੂੰਨ, ਬਿਜਲੀ ਸੋਧ ਬਿਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਲਗਾਤਾਰ ਸ਼ਮੂਲੀਅਤ ਜਾਰੀ ਹੈ।ਪੰਜਾਬ ਭਰ ‘ਚ 108 ਥਾਵਾਂ- ਟੋਲ-ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਧਰਨਿਆਂ ‘ਚ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ 450 ਦੇ ਕਰੀਬ ਕਿਸਾਨਾਂ ਦੀਆਂ ਸ਼ਹਾਦਤਾਂ ਹੋ ਚੁੱਕੀਆਂ ਹਨ, ਪਰ ਹਾਲੇ ਵੀ ਸਰਕਾਰ ਨੇ ਜ਼ਿੱਦ ਫੜੀ ਹੋਈ ਹੈ। ਆਗੂਆਂ ਨੇ ਕੇਂਦਰ-ਸਰਕਾਰ ਖੇਤੀ-ਕਾਨੂੰਨ, ਪਰਾਲੀ ਆਰਡੀਨੈਂਸ ਅਤੇ ਬਿਜਲੀ-ਸੋਧ ਬਿਲ-2020 ਤੁਰੰਤ ਰੱਦ ਕਰਨ ਦੀ ਮੰਗ ਕੀਤੀ।