ਫਿਰੋਜ਼ਪੁਰ 29 ਅਪ੍ਰੈਲ 2020 : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਕਿਸਾਨਾਂ, ਮਜ਼ਦੂਰਾਂ, ਬੀਬੀਆਂ ਤੇ ਬੱਚਿਆਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਲਗਾਤਾਰ ਦੂਜੇ ਦਿਨ ਆਪਣੀਆਂ ਮੰਗਾਂ ਨੂੰ ਲੈ ਕੇ ਪਿੰਡ ਪੱਧਰੀ ਰੋਸ ਮੁਜ਼ਾਹਰੇ ਕੀਤੇ ਅਤੇ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ।
ਰੋਸ ਮੁਜ਼ਾਹਰਿਆਂ ਨੂੰ ਸੰਬੋਧਨ ਕਰ ਰਹੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਕੱਲੀ ਵਾਲਾ ਤੇ ਮੀਤ ਸਕੱਤਰ ਰਾਣਾ ਰਣਬੀਰ ਸਿੰਘ ਠੱਠਾ ਨੇ ਕਿਹਾ ਕਿ 15 ਅਪ੍ਰੈਲ ਨੂੰ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਅਤੇ ਮੁਸ਼ਕਲਾਂ ਦਾ ਮੰਗ ਪੱਤਰ ਪੰਜਾਬ ਸਰਕਾਰ ਨੂੰ ਦਿੱਤਾ ਸੀ, ਪਰ ਸਰਕਾਰਾਂ ਵੱਲੋਂ ਇਸ 15 ਸੂਤਰੀ ਮੰਗ ਪੱਤਰ ਤੇ ਕੋਈ ਤਵੱਜੋਂ ਨਹੀਂ ਦਿੱਤੀ ਗਈ ਜਿਸ ਦੇ ਵਿਰੋਧ ਵਿਚ ਜਥੇਬੰਦੀ ਨੇ 28, 29 ਤੇ 30 ਅਪ੍ਰੈਲ ਨੂੰ ਪੰਜਾਬ ਭਰ ਵਿੱਚ ਪਿੰਡ ਪੱੱਧਰੀ ਰੋਸ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਸੀ, ਜਿਸਦੇ ਤਹਿਤ ਅੱਜ ਦੂਜੇ ਦਿਨ ਵੀ ਫ਼ਿਰੋਜ਼ਪੁਰ ਦੇ ਸੈਂਕੜੇ ਪਿੰਡਾਂ ਵਿੱਚ ਰੋਸ ਪ੍ਰਦਰਸ਼ਨ ਕੀਤਾ।
ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੁੱਖ ਮੰਗਾਂ ਬਾਰੇ ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਮੌਜ਼ੂਦਾ ਹਾਲਾਤ ਵਿਚ ਕਣਕ ਦੀ ਖ਼ਰੀਦ ਲਈ ਲਾਈਆਂ ਬੇਲੋੜੀਆਂ ਸ਼ਰਤਾਂ ਨੂੰ ਹਟਾਉਣ, ਈ ਪਾਸ ਪ੍ਰਣਾਲੀ ਬੰਦ ਕਰਕੇ ਰੂਟੀਨ ਵਿਚ ਕਣਕ ਲਿਆਉਣ ਤੇ ਖ਼ਰੀਦ ਕਰਨ, ਲੋੜੀਂਦੀ ਮਾਤਰਾ ਵਿਚ ਬਾਰਦਾਨਾ ਮੁਹੱਈਆ ਕਰਵਾਉਣ, ਕਿਸਾਨਾਂ ਨੂੰ ਕਣਕ ਦੇ ਹੋਏ ਨੁਕਸਾਨ ਦੀ ਪੂਰਤੀ ਲਈ 200 ਰੁਪਏ ਬੋਨਸ, ਮੰਡੀਆਂ ਵਿਚ ਚੱਲ ਰਹੇ ਭ੍ਰਿਸ਼ਟਾਚਾਰ ਨੂੰ ਤੁਰੰਤ ਬੰਦ ਕਰਨ, ਗੜਿਆਂ ਤੇ ਮੀਂਹ ਨਾਲ ਤਬਾਹ ਹੋਈਆਂ ਫ਼ਸਲਾਂ ਦੀ ਤੁਰੰਤ ਗਿਰਦਾਵਰੀ ਕਰਕੇ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣਾ, ਕਿਸਾਨਾਂ ਨੂੰ ਵਿਸ਼ੇਸ਼ ਵਿੱਤੀ ਰਾਹਤ ਪੈਕੇਜ ਜਾਰੀ ਕਰਨ, 5 ਏਕੜ ਤੱਕ ਦੇ ਕਿਸਾਨਾਂ ਦੇ ਕਿੱਤੇ ਦੇ ਸਾਰੇ ਕੰਮਾਂ ਨੂੰ ਮਨਰੇਗਾ ਸਕੀਮ ਅਧੀਨ ਲਿਆਉਂਣਾ, ਕਣਕ ਦੇ ਨਾੜ ਦੇ ਸਾਂਭ ਸੰਭਾਲ ਲਈ 6 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ, ਕਿਸਾਨਾਂ ਦਾ ਸਮੁੱਚਾ ਕਰਜ਼ਾ ਖਤਮ ਕਰਕੇ ਖੇਤੀ ਉਤਪਾਦਨ ਮਾਰਕੀਟ ਕਮੇਟੀ ਐਕਟ ਵਿੱਚ ਕੀਤੀ ਸੋਧ ਰੱਦ ਕਰਕੇ ਕਣਕ ਝੋਨੇ ਸਮੇਤ ਤੇ ਫ਼ਸਲਾਂ ਦੇ ਭਾਅ ਡਾ. ਸਵਾਮੀਨਾਥਨ ਦੀ ਰਿਪੋਰਟ ਅਨੁਸਾਰ ਐਲਾਨੇ ਜਾਣ ਅਤੇ ਇਨ੍ਹਾਂ ਦੀ ਖਰੀਦ ਦੀ ਗਾਰੰਟੀ ਕੀਤੀ ਜਾਵੇ, ਖੇਤੀ ਮੰਡੀ ਤੋੜ ਕੇ ਕਾਰਪੋਰੇਟ ਕੰਪਨੀਆਂ ਦੇ ਹਵਾਲੇ ਕਰਨ ਦੇ ਫੈਸਲੇ ਰੱਦ ਕੀਤੇ ਜਾਣ, ਨਿੱਜੀਕਰਨ ਉਦਾਰੀ ਕਰਨ ਦੇ ਰਸਤੇ ਚੱਲ ਕੇ ਸਕੂਲ ਹਸਪਤਾਲ ਤੇ ਹੋਰ ਜਨਤਕ ਅਦਾਰਿਆਂ ਦਾ ਭੋਗ ਪਾ ਕੇ ਕਾਰਪੋਰੇਟ ਘਰਾਣਿਆਂ ਦੇ ਹੱਥ ਦੇਣਾ ਬੰਦ ਕਰਕੇ ਇਸ ਨੂੰ ਪਹਿਲੇ ਦੀ ਤਰ੍ਹਾਂ ਬਹਾਲ ਕੀਤਾ ਕਰਨਾ ਅਤੇ ਸੂਬਿਆਂ ਦੇ ਬਿਜਲੀ ਬੋਰਡਾਂ ਨੂੰ 2003 ਐਕਟ ਰੱਦ ਕਰਕੇ ਪਹਿਲੇ ਸਰੂਪ ਵਿੱਚ ਬਹਾਲ ਕੀਤਾ ਜਾਵੇ।
ਕੋਵਿਡ 19 ਕਾਰਨ ਬੇਰੁਜ਼ਗਾਰ ਹੋਏ 42 ਕਰੋੜ ਰਜਿਸਟਰਡ ਅਤੇ ਅਣ ਰਜਿਸਟਰਡ ਮਜ਼ਦੂਰਾਂ ਦੇ ਖਾਤਿਆਂ ਵਿਚ 10 ਹਜ਼ਾਰ ਰੁਪਏ ਪ੍ਰਤੀ ਵਿਅਕਤੀ ਤੁਰੰਤ ਪਾਏ ਜਾਣ। ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੀ ਜਨਤਾ ਜੋ ਰੋਜ਼ਾਨਾ 30 ਰੁਪਏ ਨਾਲ ਗੁਜ਼ਾਰਾ ਕਰ ਰਹੀ ਹੈ ਉਨ੍ਹਾਂ ਨੂੰ ਚਾਰ ਲੱਖ ਟਨ ਅਨਾਜ ਮੁਫ਼ਤ ਦਿੱਤਾ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਜੇ ਸਰਕਾਰ ਵੱਲੋਂ ਇਨ੍ਹਾਂ ਮੰਗਾਂ ਦਾ ਹੱਲ ਨਾ ਕੱਢਿਆ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਧਰਮ ਸਿੰਘ ਸਿੱਧੂ, ਨਰਿੰਦਰਪਾਲ ਸਿੰਘ ਜਤਾਲਾ, ਸੁਰਿੰਦਰ ਸਿੰਘ ਘੁੱਦੂਵਾਲਾ, ਅਮਨਦੀਪ ਸਿੰਘ, ਗੁਰਦਿਆਲ ਸਿੰਘ, ਮੇਜਰ ਸਿੰਘ ਗਜਨੀ ਵਾਲਾ, ਰਣਜੀਤ ਸਿੰਘ, ਬਲਜਿੰਦਰ ਸਿੰਘ ਤਲਵੰਡੀ ਨਿਪਾਲਾ, ਲਖਵਿੰਦਰ ਸਿੰਘ ਵਸਤੀ ਨਾਮਦੇਵ, ਗੁਰਮੇਲ ਸਿੰਘ, ਬਚਿੱਤਰ ਸਿੰਘ ਆਦਿ ਆਗੂ ਹਾਜ਼ਰ ਸਨ।