ਕੁਆਰਨਟਾਈਨ ਕੀਤੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਦਰਪੇਸ਼ ਮੁਸ਼ਕਿਲਾਂ ਹੱਲ ਕਰਨ ਦੀ ਅਪੀਲ
ਪਟਿਆਲਾ 1 ਮਈ, 2020 : ਪੰਜਾਬ ਏਟਕ ਦੇ ਜਨਰਲ ਸਕੱਤਰ ਨਿਰਮਲ ਸਿੰਘ ਧਾਲੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ, ਟਰਾਂਸਪੋਰਟ ਮਨਿਸਟਰ, ਲੇਬਰ ਅਤੇ ਹੈਲਥ ਮਨਿਸਟਰ ਅਤੇ ਮੁੱਖ ਸਕੱਤਰ, ਪੰਜਾਬ ਸਰਕਾਰ ਨੂੰ ਪੱਤਰ ਮੇਲ ਕਰਕੇ ਉਨ੍ਹਾਂ ਡਰਾਇਵਰਾਂ ਅਤੇ ਕੰਡਕਟਰਾਂ ਦੀਆਂ ਪ੍ਰੇਸ਼ਾਨੀਆਂ ਦੂਰ ਕਰਨ ਲਈ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ, ਜਿਹੜੇ ਡਰਾਇਵਰ ਅਤੇ ਕੰਡਕਟਰ ਪਿਛਲੇ ਦਿਨੀ ਹਜੂਰ ਸਾਹਿਬ ਤੋਂ ਪੰਜਾਬ ਦੇ ਸ਼ਰਧਾਲੂਆਂ ਦੇ ਜੱਥੇ ਨੂੰ ਲਿਆਉਣ ਲਈ ਬੱਸਾਂ ਨਾਲ ਡਿਊਟੀਆਂ ‘ਤੇ ਗਏ ਸਨ ਅਤੇ ਹੁਣ ਪੰਜਾਬ ਪਹੁੰਚਣ ਉਪਰੰਤ ਉਨ੍ਹਾਂ ਸਾਰਿਆਂ ਨੂੰ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਵੱਖ-ਵੱਖ ਥਾਵਾਂ ‘ਤੇ ਕੁਆਰਨਟਾਈਨ ਕਰਕੇ ਰੱਖਿਆ ਹੋਇਆ ਹੈ ਜੋ ਕਿ 21 ਦਿਨਾਂ ਤੱਕ ਦਾ ਹੈ।
ਪੰਜਾਬ ਰੋਡਵੇਜ ਅਤੇ ਪੀ.ਆਰ.ਟੀ.ਸੀ. ਦੇ ਇਹਨਾਂ ਡਰਾਈਵਰਾਂ ਅਤੇ ਕੰਡਕਟਰਾਂ ਦੀਆਂ ਕਈ ਥਾਵਾਂ ਤੋਂ ਸ਼ਿਕਾਇਤਾਂ ਆ ਰਹੀਆਂ ਹਨ ਕਿ ਉਨ੍ਹਾਂ ਨੂੰ ਠੀਕ ਖਾਣਾ ਨਹੀਂ ਮਿਲ ਰਿਹਾ, ਨਹਾਉਣ-ਧੋਣ ਦਾ ਪ੍ਰਬੰਧ ਠੀਕ ਨਹੀਂ ਹੈ, ਰਹਿਣ ਸਹਿਣ ਦਾ ਉਚਿਤ ਪ੍ਰਬੰਧ ਨਹੀਂ ਹੈ। ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਕੋਈ ਸੁਣਵਾਈ ਨਹੀਂ ਕੀਤੀ ਜਾਂਦੀ।
ਧਾਲੀਵਾਲ ਨੇ ਪੰਜਾਬ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਹੈ ਕਿ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਜਾਵੇ ਕਿ ਪੇਸ਼ ਆ ਰਹੀਆਂ ਔਕੜਾਂ ਦਾ ਤੁਰੰਤ ਹੱਲ ਕੀਤਾ ਜਾਵੇ। ਧਾਲੀਵਾਲ ਨੇ ਕਿਹਾ ਕਿ ਇੰਨਾਂ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਕਰੋਨਾ ਵਿਰੁੱਧ ਲੜਾਈ ਵਿੱਚ ਫਰੰਟ ਲਾਈਨ ‘ਤੇ ਡਿਊਟੀ ਕਰਨ ਵਾਲੇ ਮੁਲਾਜਮ ਮੰਨਦੇ ਹੋਏ ਇਨ੍ਹਾਂ ਦਾ ਪੂਰਾ ਪੂਰਾ ਧਿਆਨ ਰੱਖਣਾ ਸਬੰਧਤ ਪ੍ਰਸ਼ਾਸ਼ਨਕ ਅਧਿਕਾਰੀਆਂ ਦਾ ਫਰਜ ਬਣਦਾ ਹੈ।