ਹਰੀਸ਼ ਕਾਲੜਾ
- ਸਿਵਲ ਤੇ ਪੁਲਿਸ ਪ੍ਰਸਾਸ਼ਨ ਅਤੇ ਉਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਰੂਪਨਗਰ 9 ਅਪੈਲ 2021:ਜ਼ਿਲ੍ਹਾ ਰੂਪਨਗਰ ਵਿੱਚ ਕੋਰੋਨਾ ਵਾਇਰਸ ਦੀ ਮੌਜੂਦਾ ਸਥਿਤੀ ਦਾ ਜਾਇਜਾ ਲੈਣ ਲਈ ਕੇਂਦਰ ਸਰਕਾਰ ਸਿਹਤ ਵਿਭਾਗ ਦੀ 2 ਮੈਂਬਰੀ ਟੀਮ ਵੱਲੋਂ ਅੱਜ ਜ਼ਿਲ੍ਹਾ ਰੂਪਨਗਰ ਦਾ ਦੌਰਾ ਕੀਤਾ ਗਿਆ।
ਇਹ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ ਨੇ ਦੱਸਿਆ ਕਿ ਕੇਂਦਰ ਸਰਕਾਰ ਦੀ ਦੋ ਮੈਂਬਰੀ ਟੀਮ ਵਿੱਚ ਡਾ. ਦਪਿੰਦਰ ਕੁਮਾਰ ਰਾਏ ਅਤੇ ਡਾ. ਵਿਨੈ ਕੁਮਾਰ ਗਰਗ ਸ਼ਾਮਲ ਸਨ। ਇਸ ਟੀਮ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਸਿਹਤ ਮਹਿਕਮੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸ੍ਰੀਮਤੀ ਸੋਨਾਲੀ ਗਿਰੀ ਨੇ ਜ਼ਿਲ੍ਹਾ ਰੂਪਨਗਰ ਵਿੱਚ ਡਿਵੀਜ਼ਨ ਵਾਈਸ ਕੋਰੋਨਾ ਵਾਇਰਸ ਦੀ ਮੌਜੂਦਾ ਸਥਿਤੀ ਬਾਰੇ ਟੀਮ ਨੂੰ ਜਾਣਕਾਰੀ ਦਿੱਤੀ। ਸ੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਕੇਸਾਂ ਵਿਚ ਹੈਰਾਨੀਜਨਕ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਮੌਜੂਦਾ ਸਮੇਂ 2 ਕੰਟੇਨਮੈਂਟ ਜ਼ੋਨ ਅਤੇ 5 ਮਾਈਕਰੋ ਕੰਟੇਨਮੈਂਟ ਜ਼ੋਨ ਬਣਾਏ ਗਏ ਹਨ।
ਜ਼ਿਲ੍ਹੇ ਦੀ ਭੂਗੋਲਿਕ ਤੌਰ ਤੇ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਸੋਨਾਲੀ ਗਿਰੀ ਨੇ ਟੀਮ ਦੇ ਮੈਂਬਰਾਂ ਨੂੰ ਦੱਸਿਆ ਕਿ ਜ਼ਿਲ੍ਹੇ ਦੇ ਕੁਝ ਹਿੱਸੇ ਸਰਹੱਦੀ ਸੂਬੇ ਹਿਮਾਚਲ ਪ੍ਰਦੇਸ਼ ਨਾਲ ਲਗਦੇ ਹਨ ਜਿੱਥੋਂ ਰੋਜ਼ਾਨਾ ਲੋਕਾਂ ਦਾ ਪੰਜਾਬ ਸੂਬੇ ਅਤੇ ਪੰਜਾਬ ਸੂਬੇ ਤੋਂ ਹਿਮਾਚਲ ਪ੍ਰਦੇਸ਼ ਵੱਲ ਜਾਣਾ ਆਉਣਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਜ਼ਿਲ੍ਹੇ ਦੀਆਂ ਸਰਹੱਦਾਂ ਨਵਾਂ ਸ਼ਹਿਰ ਮੁਹਾਲੀ ਅਤੇ ਫਤਹਿਗੜ੍ਹ ਸਾਹਿਬ ਨਾਲ ਲੱਗਦੀਆਂ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਦੀ ਸੈਂਪਲਿੰਗ ਅਤੇ ਸਿਹਤ ਸੰਸਥਾਵਾਂ ਵਿੱਚ ਉਨ੍ਹਾਂ ਦੇ ਇਲਾਜ ਲਈ ਦਿੱਤੀ ਜਾ ਰਹੀ ਸੁਵਿਧਾ ਬਾਰੇ ਵੀ ਜਾਣਕਾਰੀ ਦਿੱਤੀ। ਸ੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਜਿਨ੍ਹਾਂ ਸ਼ੱਕੀ ਕੇਸਾਂ ਨੂੰ ਘਰਾਂ ਵਿੱਚ ਹੋਮ ਆਈਸੋਲੇਟਿਡ ਕੀਤਾ ਜਾਂਦਾ ਹੈ ਉਨ੍ਹਾਂ ਨੂੰ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਕਿੱਟ ਪ੍ਰਦਾਨ ਕੀਤੀ ਜਾਂਦੀ ਹੈ ਜਿਸ ਵਿੱਚ ਆਕਸੀਮੀਟਰ, ਥਰਮਾਮੀਟਰ, ਦਵਾਈਆਂ, ਮਾਸਕ ਅਤੇ ਦਸਤਾਨੇ ਆਦਿ ਜ਼ਰੂਰੀ ਸਾਮਾਨ ਹੁੰਦਾ ਹੈ ਅਤੇ ਇਨ੍ਹਾਂ ਸ਼ੱਕੀ ਮਰੀਜ਼ਾਂ ਨੂੰ ਪ੍ਰਸ਼ਾਸਨ ਦੀ ਵਿਸ਼ੇਸ਼ ਟੀਮ ਵੱਲੋਂ ਰੋਜ਼ਾਨਾ ਫੋਨ ਤੇ ਸੰਪਰਕ ਕਰਕੇ ਉਨ੍ਹਾਂ ਦੀ ਸਿਹਤ ਦੀ ਜਾਣਕਾਰੀ ਲਈ ਜਾਂਦੀ ਹੈ।
ਉਹਨਾਂ ਦੱਸਿਆ ਕਿ ਜਿਲ੍ਹੇ ਵਿੱਚ ਐਲ 1 ਅਤੇ ਐਲ 2 ਤੱਕ ਦੀ ਸਿਹਤ ਸਹੂਲਤ ਦਾ ਪ੍ਰਬੰਧ ਹੈ ਜਦ ਕਿ ਐਲ 3 ਵਾਲੇ ਮਾਮਲਿਆ ਨੂੰ ਪਟਿਆਲਾ ਰੈਫਰ ਕੀਤਾ ਹੈ। ਡਿਪਟੀ ਕਮਿਸਨਰ ਨੇ ਕਰੋਨਾ ਦੀ ਰੋਕਥਾਮ ਲਈ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ਦੀ ਵੀ ਜਾਣਕਾਰੀ ਟੀਮ ਨੂੰ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਨਾਈਟ ਕਰਫਿਊ ਲਗਾਇਆ ਗਿਆ ਹੈ ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ਰੂਪਨਗਰ ਵਿੱਚ ਵੀ ਸ਼ਾਮ 9 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਕਰਫਿਊ ਲਗਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਪੁਲਸ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਥਾਵਾਂ ਤੇ ਨਾਕੇ ਲਗਾ ਕੇ ਬਿਨਾਂ ਮਾਸਕ ਵਾਲੇ ਵਿਅਕਤੀਆਂ ਦੇ ਜ਼ਰੂਰੀ ਤੌਰ ਤੇ ਸੈਂਪਲ ਲੈ ਕੇ ਟੈਸਟ ਕਰਵਾਏ ਜਾਂਦੇ ਹਨ।
ਕੇਂਦਰ ਦੀ ਟੀਮ ਵੱਲੋਂ ਸੈਂਪਲਿੰਗ ਨੂੰ ਹੋਰ ਬਿਹਤਰ ਤਰੀਕੇ ਨਾਲ ਕਰਨ ਅਤੇ ਸ਼ੱਕੀ ਮਰੀਜ਼ਾਂ ਦੀ ਪਛਾਣ ਅਤੇ ਸੰਭਾਲ ਨੂੰ ਵਧੀਆ ਢੰਗ ਨਾਲ ਕਰਨ ਲਈ ਸੁਝਾਅ ਦਿੱਤੇ। ਸਿਹਤ ਮਹਿਕਮੇ ਵੱਲੋਂ ਇਨ੍ਹਾਂ ਸੁਝਾਵਾਂ ਤੇ ਅਮਲ ਕਰਨ ਦਾ ਭਰੋਸਾ ਦਿਵਾਇਆ ਗਿਆ। ਇਸ ਮਗਰੋਂ ਟੀਮ ਨੇ ਸਿਵਲ ਹਸਪਤਾਲ ਦਾ ਦੌਰਾ ਵੀ ਕੀਤਾ ਅਤੇ ਸਿਹਤ ਵਿਭਾਗ ਵੱਲੋਂ ਕੋਰੋਨਾ ਦੇ ਮਰੀਜ਼ਾਂ ਨੂੰ ਦਿੱਤੀ ਜਾ ਰਹੀ ਸਿਹਤ ਸਹੂਲਤਾਂ ਦੀ ਜਾਣਕਾਰੀ ਲਈ।