ਹਰੀਸ਼ ਕਾਲੜਾ
- ਕੇਂਦਰ ਸਰਕਾਰ ਕਿਸਾਨਾਂ ਦੇ ਨਾਲ-ਨਾਲ ਪੰਜਾਬ ਦੇ ਉਦਯੋਗਾਂ ਨੂੰ ਵਿਗਾੜਨ ਦੀ ਕੋਸ਼ਿਸ਼ ਕਰ ਰਹੀ ਹੈ: ਦੱਸਗਰਾਈ
ਸ੍ਰੀ ਅਨੰਦਪੁਰ ਸਾਹਿਬ, 02 ਨਵੰਬਰ 2020 - ਜ਼ਿਲ੍ਹਾ ਯੋਜਨਾ ਕੇਮਟੀ ਰੂਪਨਗਰ ਦੇ ਚੇਅਰਮੈਨ ਰਮੇਸ਼ ਚੰਦਰ ਦੱਸਗਰਾਈ ਨੇ ਕੇਂਦਰ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ, ਨੌਜਵਾਨਾਂ ਅਤੇ ਉਦਯੋਗਾਂ ਨੂੰ ਖ਼ਤਮ ਕਰਨਾ ਚਾਹੁੰਦੀ ਹੈ।
ਚੇਅਰਮੈਨ ਨੇ ਕਿਹਾ ਕਿ ਮਾਲ ਰੇਲ ਗੱਡੀਆਂ ਦੀ ਆਵਾਜਾਈ ਨੂੰ ਰੋਕਦਿਆਂ ਭਾਜਪਾ ਸਰਕਾਰ ਨੇ ਪੰਜਾਬ ਰਾਜ ਦੇ ਉਦਯੋਗਪਤੀਆਂ ਅਤੇ ਵਪਾਰੀਆਂ ਨਾਲ ਧੋਖਾ ਕੀਤਾ ਹੈ। ਉਹਨਾਂ ਕਿਹਾ ਕਿ ਜਿੱਥੇ ਉਦਯੋਗਪਤੀ ਦੂਜੇ ਰਾਜਾਂ ਵਿੱਚ ਨਿਰਮਿਤ ਸਮਾਨ ਨਹੀਂ ਭੇਜ ਰਹੇ ਹਨ, ਉੱਥੇ ਮਾਲ ਰੇਲ ਗੱਡੀਆਂ ਦੇ ਠੱਪ ਹੋਣ ਨਾਲ ਕੱਚੇ ਮਾਲ ਦੀ ਸਪਲਾਈ ਵੀ ਪ੍ਰਭਾਵਿਤ ਹੋਈ ਹੈ। ਉਨ੍ਹਾਂ ਕਿਹਾ ਕਿ ਬੀਜੇਪੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਨੇ ਨਾ ਸਿਰਫ਼ ਉਦਯੋਗ ਨੂੰ ਖ਼ਤਮ ਕੀਤਾ ਹੈ ਬਲਕਿ ਹਰ ਪੱਖੋਂ ਪੰਜਾਬ ਦਾ ਵਿਨਾਸ਼ ਕੀਤਾ ਹੈ। ਦੱਸਗੁਰਾਈ ਨੇ ਅੱਗੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਨੂੰ ਦੇਸ਼ ਦਾ ਹਿੱਸਾ ਹੀ ਨਹੀਂ ਮੰਨ ਰਹੀ।
ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਫੰਡ ਨੂੰ ਰੋਕਣ ਲਈ ਭਾਜਪਾ ਸਰਕਾਰ ਦੀ ਅਲੋਚਨਾ ਕਰਦਿਆਂ ਚੇਅਰਮੈਨ ਰਮੇਸ਼ ਚੰਦਰ ਦੱਸਗੁਰਾਈ ਨੇ ਕਿਹਾ ਕਿ ਇਸ ਨਾਲ ਪਿੰਡਾਂ ਦਾ ਵਿਕਾਸ ਰੁਕ ਜਾਵੇਗਾ। ਦੱਸਗਰਾਈ ਨੇ ਕਿਹਾ ਕਿ ਕੇਂਦਰ ਨੂੰ ਆਪਣੇ ਅੜੀਅਲ ਰਵੱਈਏ ਨੂੰ ਤਿਆਗ ਦੇਣਾ ਚਾਹੀਦਾ ਹੈ ਅਤੇ ਬਿਨਾਂ ਸ਼ਰਤ ਕਿਸਾਨਾਂ ਨਾਲ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਦੀ ਲਹਿਰ ਲੰਬੇ ਸਮੇਂ ਤੱਕ ਚੱਲਦੀ ਰਹੀ ਤਾਂ ਇਸ ਵਾਰ ਦਿਵਾਲੀ ਸਾਰੇ ਵਰਗਾਂ ਲਈ ਘਾਟੇ ਵਾਲੀ ਹੋਵੇਗੀ।
ਉਹਨਾਂ ਕਿਹਾ ਕਿ ਤਿਉਹਾਰਾਂ ਦੇ ਮੋਕੇ ਦੁਕਾਨਦਾਰਾਂ ਵਲੋਂ ਦੂਜੇ ਰਾਜਾਂ ਤੋਂ ਆਉਣ ਵਾਲਾ ਸਮਾਨ ਕਾਰਖਾਨਿਆਂ ਦਾ ਕੱਚਾ ਸਮਾਨ ਅਤੇ ਫੈਕਟਰੀ ਵਿੱਚ ਤਿਆਰ ਸਮਾਨ ਜੋ ਕਿ ਰੇਲਾਂ ਰਾਹੀਂ ਹੀ ਆਉਂਦਾ ਜਾਉਂਦਾ ਹੈ ਉਹ ਆਪਣੇ ਨਿਰਧਾਰਤ ਠਿਕਾਣਿਆਂ ਤੇ ਨਹੀਂ ਪਹੁੰਚ ਰਿਹਾ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਯੂਰੀਏ ਦੀ ਕਮੀ ਨਾਲ ਕਣਕ ਬਿਜਾਈ ਪਛੜ ਸਕਦੀ ਹੈ ਅਤੇ ਬਾਰਦਾਨੇ ਦੀ ਕਮੀ ਕਾਰਨ ਅਨਾਜ ਮੰਡੀਆਂ ਵਿੱਚ ਜਿਣਸ ਦੇ ਅੰਬਾਰ ਲੱਗ ਜਾਣਗੇ।ਉਹਨਾਂ ਕਿਹਾ ਕਿ ਕੇਂਦਰ ਇਸ ਬਾਰੇ ਤੁਰੰਤ ਫੈਸਲਾ ਲਵੇ ਅਤੇ ਪੰਜਾਬ ਨੂੰ ਆਉਣ ਵਾਲੀਆਂ ਰੇਲਾਂ ਨੂੰ ਚਾਲੂ ਕਰੇ।