ਬਟਾਲਾ/ਚੰਡੀਗੜ੍ਹ, 25 ਅਕਤੂਬਰ, 2016 : ਪੰਜਾਬ ਦੇ ਵੱਖ-ਵੱਖ ਵਰਗਾਂ ਨਾਲ ਜੁੜਨ ਦੀ ਕੜੀ ਤਹਿਤ ਆਮ ਆਦਮੀ ਪਾਰਟੀ ਵੱਲੋਂ ਬਟਾਲਾ ਵਿਖੇ ਵਪਾਰੀਆਂ, ਟ੍ਰਾਂਸਪੋਟਰਾਂ ਅਤੇ ਉਦਯੋਗਪਤੀਆਂ ਨਾਲ ਪ੍ਰਭਾਵਸ਼ਾਲੀ ਬੈਠਕ ਦਾ ਆਯੋਜਨ ਕੀਤਾ ਗਿਆ। ਲੁਧਿਆਣਾ ਵਿਖੇ ਪਾਰਟੀ ਦਾ ਮੈਨੀਫੈਸਟੋ ਜਾਰੀ ਕਰਨ ਤੋਂ ਬਾਅਦ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਪਾਰਿਕ ਭਾਈਚਾਰੇ ਨਾਲ ਰੂ-ਬ-ਰੂ ਹੁੰਦਿਆਂ ਕਿਹਾ ਕਿ ਰਵਾਇਤੀ ਪਾਰਟੀਆਂ ਦੀਆਂ ਆਪਣੇ ਵਿੱਤੀ ਹਿੱਤਾਂ ਲਈ ਸਵੈ ਕੇਂਦ੍ਰਿਤ ਨੀਤੀਆਂ ਦੇ ਕਾਰਣ ਪੰਜਾਬ ਦੇ ਉਦਯੋਗਾਂ ਨੂੰ ਵੱਡੀ ਢਾਅ ਲੱਗੀ ਹੈ ਅਤੇ ਸੂਬੇ ਦੀ ਆਰਥਿਕਤਾ ਨੂੰ ਸਹੀ ਕਰਨ ਲਈ ਇੱਕ ਮਜਬੂਤ ਸਿਆਸੀ ਇੱਛਾ ਦੀ ਜਰੂਰਤ ਹੈ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਵਧਦੀ ਲੋਕਪ੍ਰਿਅਤਾ ਤੋਂ ਘਬਰਾ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੇ ਗੰਢ-ਤੁੱਪ ਕਰ ਕਰ ਲਈ ਹੈ, ਕਿਉਂਕਿ ਉਹ ਚੰਗੀ ਤਰਾਂ ਜਾਣਦੇ ਹਨ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਉਨਾਂ ਦੇ ਗੈਰਕਾਨੂੰਨੀ ਕਾਰੋਬਾਰਾਂ ਦਾ ਲੋਕਾਂ ਦੇ ਸਾਹਮਣੇ ਪਰਦਾਫਾਸ਼ ਕੀਤਾ ਜਾਵੇਗਾ।
ਆਪ ਸੁਪਰੀਮੋ ਨੇ ਬਿਕਰਮ ਸਿੰਘ ਮਜੀਠੀਆ ਨੂੰ ਲਲਕਾਰਦਿਆਂ ਕਿਹਾ ਕਿ ਸੂਬੇ ਵਿੱਚ ਸਰਕਾਰ ਬਣਨ ਮਗਰੋਂ ਚਾਰ ਮਹੀਨਿਆਂ ਦੇ ਅੰਦਰ ਉਸਨੂੰ ਜੇਲ ਵਿੱਚ ਸੁੱਟ ਦਿੱਤਾ ਜਾਵੇਗਾ ਕਿਉਂਕਿ ਉਸਨੇ ਸੂਬੇ ਵਿੱਚ ਨਸ਼ਿਆਂ ਦੇ ਕਾਲੇ ਕਾਰੋਬਾਰ ਨੂੰ ਪ੍ਰਫੁੱਲਿਤ ਕੀਤਾ ਹੈ। ਆਮ ਆਦਮੀ ਪਾਰਟੀ ਵੱਲੋਂ ਹਰ ਖੇਤਰ ਲਈ ਇੱਕ ਵਿਸਤ੍ਰਿਤ ਯੋਜਨਾ ਵੀ ਤਿਆਰ ਕੀਤੀ ਗਈ ਹੈ, ਜਿਸਨੂੰ 2017 ਵਿੱਚ ਸਰਕਾਰ ਬਣਨ ਤੋਂ ਬਾਅਦ ਛੇਤੀ ਹੀ ਲਾਗੂ ਕਰ ਦਿੱਤਾ ਜਾਵੇਗਾ। ਨਸ਼ਿਆਂ ਦੇ ਕਾਰੋਬਾਰ ਨੂੰ ਜੜੋਂ ਖਤਮ ਕਰਨ ਦੇ ਨਾਲ ਹੀ ਪਾਰਟੀ ਨੇ ਨੌਜਵਾਨਾਂ ਨੂੰ ਰੋਜਗਾਰ ਪ੍ਰਦਾਨ ਕਰਨ ਲਈ ਵੀ ਯੋਜਨਾ ਬਣਾਈ ਹੈ। ਇਸੇ ਤਰਾਂ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਵੀ ਦਿੱਲੀ ਵਾਂਗ ਸੁਰੱਖਿਅਤ ਅਤੇ ਪ੍ਰੇਸ਼ਾਨੀ ਮੁਕਤ ਮਾਹੌਲ ਮੁਹੱਈਆ ਕਰਵਾਇਆ ਜਾਵੇਗਾ। ਇਸ ਮੌਕੇ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ, ਸੰਸਦ ਮੈਂਬਰ ਭਗਵੰਤ ਮਾਨ, ਵਪਾਰ ਵਿੰਗ ਦੇ ਇੰਚਾਰਜ ਅਮਨ ਅਰੋੜਾ ਅਤੇ ਸੁਖਪਾਲ ਸਿੰਘ ਖਹਿਰਾ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।
ਬਟਾਲਾ ਵਿਖੇ ਸਮਾਰੋਹ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਪਿੰਡ ਛੋਟੇ ਘੁੰਮਣ ‘ਚ ਗੁਰਦੁਆਰਾ ਸੰਤ ਬਾਬਾ ਹਜਾਰਾ ਸਿੰਘ ਵਿਖੇ ਨਤਮਸਤਕ ਹੋਣ ਲਈ ਪਹੁੰਚੇ, ਜਿੱਥੇ ਉਨਾਂ ਨੇ ਡੇਰਾ ਪ੍ਰਮੁੱਖ ਬਾਬਾ ਅਮਰੀਕ ਸਿੰਘ ਜੀ ਕਾਰਸੇਵਾ ਵਾਲਿਆਂ ਨਾਲ ਮੁਲਾਕਾਤ ਕੀਤੀ। ਸ਼੍ਰੀ ਅਰਵਿੰਦ ਕੇਜਰੀਵਾਲ ਹਲਕਾ ਟਾਂਡਾ ਉੜਮੁੜ ਦੇ ਕਸਬਾ ਗੜ੍ਹਦੀਵਾਲ ਵਿੱਚ ਸਥਿਤ ਗੁਰੂਦਵਾਰਾ ਰਾਮਪੁਰ ਖੇੜਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਘਰ ਦੀਆਂ ਖੁਸੀਆ ਪ੍ਰਾਪਤ ਕੀਤੀਆਂ ।