ਅੰਮ੍ਰਿਤਸਰ, 30 ਜਨਵਰੀ, 2017 (ਰਾਜਨ ਮਾਨ) : ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬਾਬਾ ਬਕਾਲਾ ਅਤੇ ਜੰਡਿਆਲਾ ਗੁਰੂ ਵਿਧਾਨ ਸਭਾ ਹਲਕਿਆਂ ਦੇ ਕ੍ਰਮਵਾਰ ਪਾਰਟੀ-ਉਮੀਦਵਾਰਾਂ ਦਲਬੀਰ ਸਿੰਘ ਟੌਂਗ ਅਤੇ ਹਰਭਜਨ ਸਿੰਘ ਦੇ ਹੱਕ ਵਿੱਚ ਵਿਸ਼ਾਲ ਤੇ ਭਰਵੀਆਂ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ। ਆਮ ਲੋਕਾਂ ਨਾਲ ਗੱਲਬਾਤ ਦੌਰਾਨ, ਕੇਜਰੀਵਾਲ ਨੇ ਕਿਹਾ ਕਿ ਉਹ ਸੂਬੇ ਦੇ ਆਪਣੇ ਵੱਖੋ-ਵੱਖਰੇ ਹਿੱਸਿਆਂ ਦੇ ਦੌਰੇ ਦੌਰਾਨ ਪੰਜਾਬ ਦੀ ਜਨਤਾ ਵੱਲੋਂ ਮਿਲੇ ਪਿਆਰ ਅਤੇ ਨਿੱਘ ਤੋਂ ਡਾਢੇ ਖ਼ੁਸ਼ ਹੋਏ ਹਨ। ਉਨਾਂ ਕਿਹਾ ਕਿ ਉਹ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਨਾਲ ਸਦਾ ਡਟਣਗੇ। ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕਰਦਿਆਂ, ਕੇਜਰੀਵਾਲ ਨੇ ਕਿਹਾ ਕਿ ਹੁਣ ਅਕਾਲੀ ਗੁੰਡਿਆਂ ਤੋਂ ਡਰਨ ਦੀ ਕੋਈ ਲੋੜ ਨਹੀਂ ਹੈ ਕਿਉਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ ਅਤੇ ਸਾਰੇ ਅਪਰਾਧੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਦਿੱਲੀ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਗੱਲ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਬਹੁਤ ਥੋੜੇ ਜਿੰਨੇ ਕਾਰਜ-ਕਾਲ ਦੌਰਾਨ ਵੀ ਦਿੱਲੀ ’ਚ ਸੁਧਾਰਾਂ ਦਾ ਸਮੁੰਦਰ ਲਿਆਂਦਾ ਗਿਆ ਹੈ। ਪੰਜਾਬ ’ਚ ਸਰਕਾਰ ਬਣਨ ਤੋਂ ਬਾਅਦ, ਸਿੱਖਿਆ ਅਤੇ ਸਿਹਤ ਖੇਤਰਾਂ ਉੱਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ, ਜਿਸ ਅਧੀਨ ਸਾਰੇ ਪਿੰਡਾਂ ਵਿੱਚ ਅਤਿ ਆਧੁਨਿਕ ਸਕੂਲ ਖੋਲੇ ਜਾਣਗੇ ਅਤੇ ਇਸ ਦੇ ਨਾਲ ਹੀ ਕੌਮਾਂਤਰੀ ਪੱਧਰ ਦੇ ਕਲੀਨਿਕ ਵੀ ਸਥਾਪਤ ਕੀਤੇ ਜਾਣਗੇ, ਜਿੱਥੇ ਯੋਗ ਡਾਕਟਰ, ਮੁਫ਼ਤ ਦਵਾਈਆਂ ਅਤੇ ਮੁਫ਼ਤ ਟੈਸਟ ਮੁਹੱਈਆ ਕਰਵਾਏ ਜਾਣਗੇ।
ਪੰਜਾਬ ਵਿੱਚ ਨਸ਼ਿਆਂ ਦੇ ਵਪਾਰ ਦਾ ਖ਼ਾਤਮਾ ਕਰਨ ਦਾ ਆਪਣਾ ਸੰਕਲਪ ਦੁਹਰਾਉਦਿਆਂ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਮਾਰਚ ਮਹੀਨੇ ਦੌਰਾਨ ਪੰਜਾਬ ਵਿੱਚ ਸਰਕਾਰ ਬਣਾਉਣ ਜਾ ਰਹੀ ਹੈ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਬਿਕਰਮ ਮਜੀਠੀਆ ਅਤੇ ਉਸ ਦੇ ਸਾਥੀਆਂ ਨੂੰ ਜੇਲੀਂ ਡੱਕ ਦਿੱਤਾ ਜਾਵੇਗਾ। ਕੇਜਰੀਵਾਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦਾ ਵਾਅਦਾ ਵੀ ਕੀਤਾ ਹੈ।