ਹਰਦਮ ਮਾਨ
ਸਰੀ, 23 ਦਸੰਬਰ 2019 - ਇੰਡੀਅਨ ਅਬਰੌਡ ਫਾਰ ਪਲੂਰਲਿਸਟ ਇੰਡੀਆ ਦੇ ਸੱਦੇ ਤੇ ਸਰੀ ਦੇ ਦਰਜਨਾਂ ਸ਼ਹਿਰੀਆਂ ਨੇ ਬੀਤੇ ਐਤਵਾਰ ਇੱਥੇ ਹਾਲੈਂਡ ਪਾਰਕ ਵਿਚ ਇਕੱਠੇ ਹੋ ਕੇ ਭਾਰਤ ਦੇ ਨਾਗਰਿਕਤਾ ਕਾਨੂੰਨ ਦੇ ਵਿਰੋਧ ਵਿਚ ਜ਼ੋਰਦਾਰ ਆਵਾਜ਼ ਬੁਲੰਦ ਕੀਤੀ।
ਇਸ ਮੌਕੇ ਬੋਲਦਿਆਂ ਇਤਰਥ ਸਈਅਦ ਨੇ ਕਿਹਾ ਕਿ ਹੈ ਕਿ ਇਹ ਆਲਮੀ ਲੋਕਤੰਤਰ ਲਈ ਖ਼ਤਰਾ ਹੈ। ਸਾਨੂੰ ਸਿਧਾਂਤਕ ਤੌਰ ਤੇ ਇਸ ਦੇ ਵਿਰੁੱਧ ਖੜ੍ਹੇ ਹੋਣ ਦੀ ਜ਼ਰੂਰਤ ਹੈ ਕਿਉਂਕਿ ਇਹ ਬੁਨਿਆਦੀ ਲੋਕਤੰਤਰੀ ਅਧਿਕਾਰਾਂ, ਬੁਨਿਆਦੀ ਮਨੁੱਖੀ ਅਧਿਕਾਰਾਂ ਅਤੇ ਨਾਗਰਿਕਤਾ ਦੀ ਬਰਾਬਰੀ ਦੇ ਸਿਧਾਂਤ ਦੇ ਵੀ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਨਵਾਂ ਨਾਗਰਿਕਤਾ ਕਾਨੂੰਨ ਪਾਸ ਹੋਣ ਤੋਂ ਬਾਅਦ ਭਾਰਤ ਵਿਚ ਵਿਆਪਕ ਅਸ਼ਾਂਤੀ ਹੈ। ਇਹ ਕਾਨੂੰਨ ਗੈਰ-ਕਾਨੂੰਨੀ ਢੰਗ ਨਾਲ ਭਾਰਤ ਵਿੱਚ ਰਹਿ ਰਹੇ ਹਿੰਦੂਆਂ, ਈਸਾਈਆਂ ਅਤੇ ਹੋਰ ਧਾਰਮਿਕ ਘੱਟ ਗਿਣਤੀਆਂ ਦੇ ਸ਼ਰਨਾਰਥੀਆਂ ਨੂੰ ਤਾਂ ਨਾਗਰਿਕ ਬਣਨ ਦੀ ਆਗਿਆ ਦਿੰਦਾ ਹੈ ਪਰ ਇਹ ਮੁਸਲਮਾਨਾਂ ਤੇ ਲਾਗੂ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰ ਤੇ ਇਸ ਕਾਨੂੰਨ ਦਾ ਵਿਰੋਧ ਕੀਤਾ ਜਾਣਾ ਚਾਹੀਦਾ ਹੈ।
ਰੈਲੀ ਦੇ ਇਕ ਹੋਰ ਪ੍ਰਬੰਧਕ ਗੁਰਪ੍ਰੀਤ ਸਿੰਘ ਨੇ ਇਸ ਨਵੇਂ ਕਾਨੂੰਨ ਦਾ ਵਿਰੋਧ ਕਰਦਿਆਂ ਕਿਹਾ ਕਿ ਧਰਮ ਦੇ ਅਧਾਰ 'ਤੇ ਲੋਕਾਂ ਨਾਲ ਪੱਖਪਾਤ ਕਰਨਾ ਲੋਕਤੰਤਰ ਦੇ ਵਿਰੁੱਧ ਹੈ। ਜੇਕਰ ਤੁਸੀਂ ਸ਼ਰਨਾਰਥੀਆਂ ਨੂੰ ਸਵੀਕਾਰ ਕਰਦੇ ਹੋ ਤਾਂ ਤੁਸੀਂ ਇਹ ਨਹੀਂ ਕਹਿ ਸਕਦੇ ਕਿ ਮੁਸਲਮਾਨਾਂ ਤੋਂ ਬਿਨਾਂ ਹੋਰਨਾਂ ਧਰਮਾਂ ਦੇ ਲੋਕਾਂ ਦਾ ਸਵਾਗਤ ਹੈ। ਉਨ੍ਹਾਂ ਕੈਨੇਡਾ ਦੇ ਪ੍ਰਧਾਨ ਮੰਤਰੀ ਨੂੰ ਇਸ ਸਬੰਧੀ ਚੁੱਪ ਤੋੜਨ ਅਤੇ ਇਸ ਦੇ ਵਿਰੋਧ ਵਿਚ ਕੋਈ ਕਦਮ ਚੁੱਕਣ ਲਈ ਕਿਹਾ। ਰੈਲੀ ਵਿੱਚ ਸ਼ਾਮਲ ਐਨ.ਡੀ.ਪੀ. ਦੀ ਆਗੂ ਐਨੀ ਓਹਾਨਾ ਨੇ ਕਿਹਾ ਕਿ ਇਸ ਕਾਨੂੰਨ ਕਾਰਨ ਭਾਰਤ ਵਿਚ ਹਿੰਸਾ ਫੈਲ ਰਹੀ ਹੈ ਅਤੇ ਇਸ ਕਾਨੂੰਨ ਦਾ ਵਿਰੋਧ ਕਰਨ ਵਾਲੇ ਲੋਕਾਂ ਉਪਰ ਤਸ਼ੱਦਦ ਢਾਹਿਆ ਜਾ ਰਿਹਾ ਹੈ।
ਪ੍ਰਦਰਸ਼ਨਕਾਰੀਆਂ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੋਂ ਮੰਗ ਕੀਤੀ ਹੈ ਕਿ ਭਾਰਤ ਦੇ ਇਸ ਕਾਨੂੰਨ ਨੂੰ ਪੱਖਪਾਤੀ ਕਰਾਰ ਦਿੱਤਾ ਜਾਵੇ।