ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜ਼ਖ਼ਮੀ ਕਿਸਾਨਾਂ ਦਾ ਜਾਣਿਆ ਹਾਲ- ਚਾਲ
- ਡਾ. ਬਲਜੀਤ ਕੌਰ ਨੇ ਪਾਤੜਾਂ ਹਸਪਤਾਲ ਪੁੱਜ ਕੇ ਜ਼ਖ਼ਮੀ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਮੈਡੀਕਲ ਸੇਵਾਵਾਂ ਦਾ ਲਿਆ ਜਾਇਜ਼ਾ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ਖ਼ਮੀ ਕਿਸਾਨਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਕੈਬਨਿਟ ਮੰਤਰੀਆਂ ਤੇ ਐਮ.ਐਲ.ਏ. ਦੀ ਡਿਊਟੀ ਲਗਾਈ
ਪਾਤੜਾਂ, 22 ਫਰਵਰੀ 2024 - ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪਾਤੜਾਂ ਹਸਪਤਾਲ ਵਿਖੇ ਜ਼ਖ਼ਮੀ ਕਿਸਾਨਾਂ ਦਾ ਹਾਲ ਚਾਲ ਜਾਣਿਆ ਅਤੇ ਜ਼ਖ਼ਮੀਆਂ ਨੂੰ ਮਿਲ ਰਹੀਆਂ ਮੈਡੀਕਲ ਸੇਵਾਵਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਜ਼ਖ਼ਮੀ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਮੈਡੀਕਲ ਸਹੂਲਤ ਦੇਣ ਲਈ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ ਤੇ ਮੁੱਖ ਮੰਤਰੀ ਵੱਲੋਂ ਦਿੱਤੇ ਆਦੇਸ਼ਾਂ ਤਹਿਤ ਖਨੌਰੀ ਬਾਰਡਰ ’ਤੇ ਜ਼ਖ਼ਮੀ ਹੋਏ ਕਿਸਾਨਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਉਨ੍ਹਾਂ ਦੀ ਤਾਇਨਾਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਵਿਖੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਰਾਜਪੁਰਾ ਵਿਖੇ ਐਮ.ਐਲ.ਏ. ਡਾ. ਚਰਨਜੀਤ ਸਿੰਘ ਚੰਨੀ ਵੱਲੋਂ ਜ਼ਖ਼ਮੀ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਨਿਗਰਾਨੀ ਕੀਤੀ ਜਾ ਰਹੀਆਂ ਹਨ।
ਜ਼ਖ਼ਮੀ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਜ਼ਖ਼ਮੀ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਮੈਡੀਕਲ ਸਹੂਲਤ ਪ੍ਰਦਾਨ ਕਰ ਰਹੀ ਹੈ ਤੇ ਕਿਸੇ ਨੂੰ ਵੀ ਇਲਾਜ ਪੱਖੋਂ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਇਲਾਜ ਸੂਬਾ ਸਰਕਾਰ ਵੱਲੋਂ ਮੁਫ਼ਤ ਕੀਤਾ ਜਾ ਰਿਹਾ ਹੈ।
ਅੱਖਾਂ ਦੀਆਂ ਬਿਮਾਰੀਆਂ ਦੇ ਮਾਹਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪਾਤੜਾਂ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਦੀ ਹਾਲਤ ਸਥਿਰ ਹੈ। ਉਨ੍ਹਾਂ ਜ਼ਖ਼ਮੀਆਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕਰਦਿਆਂ ਦਾਖਲ ਮਰੀਜ਼ਾਂ ਨੂੰ ਕਿਹਾ ਕਿ ਸਿਹਤ ਅਮਲੇ ਵੱਲੋਂ ਇਲਾਜ ਲਈ ਪੁਖ਼ਤਾ ਪ੍ਰਬੰਧ ਹਨ, ਪਰ ਫੇਰ ਵੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਲਈ ਉਨ੍ਹਾਂ ਨਾਲ ਰਾਬਤਾ ਕੀਤਾ ਜਾ ਸਕਦਾ ਹੈ।